Nabaz-e-punjab.com

ਡੀਸੀ ਦੀ ਘੂਰਕੀ ਮਗਰੋਂ ਮੁਹਾਲੀ-ਖਰੜ ਫਲਾਈਓਵਰ ਦੇ ਥੱਲੇ ਮਜ਼ਬੂਤ ਸੜਕ ਦਾ ਬਣਾਉਣ ਦਾ ਕੰਮ ਸ਼ੁਰੂ

ਡੀਸੀ ਗਿਰੀਸ਼ ਦਿਆਲਨ ਨੇ ਨੈਸ਼ਨਲ ਹਾਈਵੇਅ ਅਥਾਰਟੀ ਤੇ ਨਿਰਮਾਣ ਕੰਪਨੀ ਨੂੰ ਦਿੱਤੇ ਸੀ ਸਖ਼ਤ ਆਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਗਸਤ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਘੂਰਕੀ ਤੋਂ ਬਾਅਦ ਨੈਸ਼ਨਲ ਹਾਈਵੇਅ ਅਥਾਰਟੀ ਅਤੇ ਨਿਰਮਾਣ ਕੰਪਨੀ ਨੇ ਪਿੰਡ ਬਲੌਂਗੀ ਤੋਂ ਖਾਨਪੁਰ ਟੀ ਪੁਆਇੰਟ ਤੱਕ ਬਣਾਏ ਜਾਣ ਵਾਲੇ ਫਲਾਈਓਵਰ ਦੇ ਥੱਲੇ ਰਾਹਗੀਰਾਂ ਦੀ ਸੁਵਿਧਾ ਲਈ ਦੋਵੇਂ ਪਾਸੇ ਮਜਬੂਤ ਤੇ ਚੌੜੀ ਸੜਕ ਬਣਾਉਣ ਦਾ ਕੰਮ ਅੱਜ ਜੰਗੀ ਪੱਧਰ ’ਤੇ ਸ਼ੁਰੂ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਬੀਤੀ 8 ਅਗਸਤ ਨੂੰ ਡੀਸੀ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਪ੍ਰਾਜੈਕਟ ਕ੍ਰਿਸ਼ਨਨ ਸਚਦੇਵਾ ਅਤੇ ਨਿਰਮਾਣ ਕੰਪਨੀ ਐਲ ਐਂਡ ਟੀ ਦੇ ਨੁਮਾਇੰਦਿਆਂ ਨਾਲ ਸਾਂਝੀ ਮੀਟਿੰਗ ਕਰਕੇ ਫਲਾਈਓਵਰ ਅਤੇ ਐਲੀਵੇਟਿਡ ਸੜਕ ਦੀ ਉਸਾਰੀ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਜਾਰੀ ਕਰਦਿਆਂ 15 ਦਿਨਾਂ ਦੇ ਅੰਦਰ ਅੰਦਰ ਫਲਾਈਓਵਰ ਦੋਵੇਂ ਪਾਸੇ ਹੇਠਲੀ ਖਸਤਾ ਹਾਲਤ ਸੜਕ ਨੂੰ ਚੌੜੀ ਅਤੇ ਮਜਬੂਤ ਬਣਾਉਣ ਦੇ ਆਦੇਸ਼ ਦਿੱਤੇ ਸੀ ਤਾਂ ਜੋ ਰਾਹਗੀਰਾਂ ਅਤੇ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਲਈ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਸਬੰਧੀ ਡੀਸੀ ਨੇ ਮੁਹਾਲੀ ਦੇ ਐਸਡੀਐਮ ਜਗਦੀਸ਼ ਸਹਿਗਲ ਅਤੇ ਖਰੜ ਦੇ ਐਸਡੀਐਮ ਵਿਨੋਦ ਬਾਂਸਲ ਨੂੰ ਸਮੇਂ ਸਮੇਂ ਸਿਰ ਆਪੋ ਆਪਣੇ ਅਧਿਕਾਰਤ ਖੇਤਰ ਵਿੱਚ ਨਿਰਮਾਣ ਕਾਰਜਾਂ ਦੀ ਸਮੀਖਿਆ ਕਰਨ ਲਈ ਆਖਿਆ ਹੈ।
ਸ੍ਰੀ ਗਿਰੀਸ਼ ਦਿਆਲਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਜ਼ਮੀਨ ਐਕਵਾਇਰ ਕਰਨ ਅਤੇ ਮਕਾਨ ਅਤੇ ਦੁਕਾਨਾਂ ਤੋੜਨ ਸਬੰਧੀ ਕੋਈ ਮੁਆਵਜ਼ਾ ਦੇਣਾ ਬਣਦਾ ਹੈ ਤਾਂ ਉਨ੍ਹਾਂ ਨੂੰ ਤੁਰੰਤ ਅਦਾਇਗੀ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਆਖਿਆ ਕਿ ਫਲਾਈਓਵਰ ਅਤੇ ਐਲੀਵੇਟਿਡ ਸੜਕ ਦੀ ਉਸਾਰੀ ਦੇ ਕੰਮ ਵਿੱਚ ਢਿੱਲ-ਮੱਠ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਦੇਖਿਆ ਸੀ ਕਿ ਇਸ ਸੜਕ ’ਤੇ ਬਹੁਤ ਜ਼ਿਆਦਾ ਖੱਡੇ ਬਣੇ ਹੋਏ ਹਨ ਅਤੇ ਰੋਜ਼ਾਨਾ ਲੰਮੇ ਲੰਮੇ ਜਾਮ ਲਗਦੇ ਹਨ। ਜਿਸ ਕਾਰਨ ਰਾਹਗੀਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਐਸਡੀਐਮ, ਟਰੈਫ਼ਿਕ ਪੁਲੀਸ ਅਤੇ ਨਗਰ ਕੌਂਸਲ ਅਧਿਕਾਰੀਆਂ ਹਦਾਇਤ ਕੀਤੀ ਕਿ ਫਲਾਈਓਵਰ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਲਈ ਆਵਾਜਾਈ ਲਈ ਬਦਲਵੇਂ ਪ੍ਰਬੰਧ ਯਕੀਨੀ ਬਣਾਏ ਜਾਣ।
ਜਾਣਕਾਰੀ ਅਨੁਸਾਰ ਇਹ ਪ੍ਰਾਜੈਕਟ ਲਗਾਤਾਰ ਲਮਕ ਕਾਰਨ ਰਾਹਗੀਰਾਂ ਅਤੇ ਇਲਾਕੇ ਦੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਪ੍ਰਾਜੈਕਟ ਦੀ ਉਸਾਰੀ ਦਾ ਕੰਮ ਨਵੰਬਰ 2015 ਵਿੱਚ ਜੰਗੀ ਪੱਧਰ ’ਤੇ ਸ਼ੁਰੂ ਕੀਤਾ ਗਿਆ ਸੀ। ਸੜਕ ਦੇ ਦੋਵੇਂ ਪਾਸਿਓਂ 900 ਤੋਂ ਵੱਧ ਹਰੇ ਭਰੇ ਰੁੱਖ ਵੀ ਕੱਟੇ ਜਾ ਚੁੱਕੇ ਹਨ ਅਤੇ ਹੁਣ ਕਾਫੀ ਮਕਾਨ ਤੇ ਦੁਕਾਨਾਂ ਵੀ ਢਾਹ ਦਿੱਤੀਆਂ ਗਈਆਂ ਹਨ ਪ੍ਰੰਤੂ 44 ਹੋਰ ਦੁਕਾਨਾਂ ਹਾਲੇ ਤੋੜਨ ਤੋਂ ਰਹਿੰਦੀਆਂ ਹਨ। ਜਿਸ ਕਾਰਨ ਇਹ ਪ੍ਰਾਜੈਕਟ ਲਗਾਤਾਰ ਪਛੜਦਾ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…