
ਦੂਸ਼ਿਤ ਮੋਮੋਜ਼: ਪੰਜਾਬ ਸਰਕਾਰ ਦੇ ਹੁਕਮਾਂ ’ਤੇ ਵਿਜੀਲੈਂਸ ਬਿਊਰੋ ਨੇ ਦੂਸ਼ਿਤ ਭੋਜਨ ਪਦਾਰਥਾਂ ਵਿਰੁੱਧ ਜਾਂਚ ਅਰੰਭੀ
ਮਟੌਰ ਥਾਣੇ ਵਿੱਚ ਦਰਜ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਫਿਲਹਾਲ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ
ਨਬਜ਼-ਏ-ਪੰਜਾਬ, ਮੁਹਾਲੀ, 23 ਮਾਰਚ:
ਮੁਹਾਲੀ ਦੇ ਪਿੰਡ ਮਟੌਰ (ਸੈਕਟਰ-70) ਵਿੱਚ ਦੂਸ਼ਿਤ ਮੋਮੋਜ਼ ਅਤੇ ਜਾਨਵਰਾਂ ਦਾ ਮੀਟ ਪਰੋਸਣ ਬਾਰੇ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਜਿੱਥੇ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਫੂਡ ਸੇਫ਼ਟੀ ਟੀਮਾਂ ਨੇ ਦੂਸ਼ਿਤ ਭੋਜਨ ਪਦਾਰਥਾਂ ਖ਼ਿਲਾਫ਼ ਕਾਰਵਾਈ ਵਿੱਢੀ ਗਈ ਹੈ, ਉੱਥੇ ਹੁਣ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਵਿਜੀਲੈਂਸ ਬਿਊਰੋ ਨੇ ਵੀ ਹੁਣ ਜਨਤਕ ਸਿਹਤ ਦੀ ਸਲਾਮਤੀ ਅਤੇ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਨਾਲ ਮਿਲ ਕੇ ਜਾਂਚ ਅਰੰਭ ਦਿੱਤੀ ਹੈ। ਉਧਰ, ਇਸ ਸਬੰਧੀ ਮਨੁੱਖੀ ਜਾਨਾਂ ਨਾਲ ਖਿਲਵਾੜ ਕਰਨ ਵਾਲੇ ਅਜ਼ਰੂਦੀਨ ਖਾਨ ਅਤੇ ਜੋਗਿੰਦਰ ਫਿਲਹਾਲ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਉਨ੍ਹਾਂ ਸਮੇਤ ਹੋਰਨਾਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਟੌਰ ਥਾਣੇ ਵਿੱਚ ਪਰਚਾ ਕੀਤਾ ਗਿਆ ਹੈ। ਥਾਣਾ ਮੁਖੀ ਇੰਸਪੈਕਟਰ ਕੁਲਵੰਤ ਸਿੰਘ ਨੇ ਕਿਹਾ ਕਿ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲੀਸ ਨੂੰ ਇਸ ਮਾਮਲੇ ਵਿੱਚ ਹੋਰਨਾਂ ਵਿਅਕਤੀਆਂ ਦੀ ਗ੍ਰਿਫ਼ਤਾਰੀ ਹੋਣ ਦੀ ਸੰਭਾਵਨਾ ਹੈ।
ਵਿਜੀਲੈਂਸ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਦੀ ਮੁਹਾਲੀ ਟੀਮ ਅਤੇ ਫੂਡ ਸੇਫ਼ਟੀ ਵਿੰਗ ਦੀ ਸਾਂਝੀ ਟੀਮ ਵੱਲੋਂ ਭੋਜਨ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਖਰੜ ਖੇਤਰ ਭੋਜਨ ਬਣਾਉਣ ਵਾਲੀਆਂ ਇਕਾਈਆਂ, ਭੋਜਨ ਵਿਕਰੇਤਾ ਸਟਾਲਾਂ, ਰੈਸਟੋਰੈਂਟਾਂ ਅਤੇ ਹੋਟਲਾਂ ਦਾ ਅਚਨਚੇਤ ਦੌਰਾ ਕਰਕੇ ਪੰਜ ਥਾਵਾਂ ’ਤੇ ਨਿਰੀਖਣ ਕੀਤਾ ਗਿਆ। ਜਿਸ ਦੇ ਨਤੀਜੇ ਵਜੋਂ ਸਫ਼ਾਈ ਦੇ ਮਿਆਰ ਵਿੱਚ ਕੁਤਾਹੀ ਦੇ ਚੱਲਦਿਆਂ ਇੱਕ ਚਲਾਨ ਜਾਰੀ ਕੀਤਾ ਗਿਆ ਅਤੇ ਖਾਧ ਪਦਾਰਥਾਂ ਦੇ ਪੰਜ ਨਮੂਨੇ ਲਏ ਗਏ। ਜਿਨ੍ਹਾਂ ਨੂੰ ਵਿਸ਼ਲੇਸ਼ਣ ਲਈ ਫੋਰੈਂਸਿਕ ਸਾਇੰਸ ਲੈਬਾਰਟਰੀ ਖਰੜ ਵਿੱਚ ਭੇਜਿਆ ਗਿਆ।
ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਭੋਜਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਪੰਜਾਬ ਭਰ ਵਿੱਚ ਬੇਨਿਯਮੀਆਂ ਨੂੰ ਰੋਕਣ ਅਤੇ ਸੁਰੱਖਿਅਤ ਭੋਜਨ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਅਜਿਹੇ ਹੋਰ ਨਿਰੀਖਣ ਅਤੇ ਕਾਰਵਾਈਆਂ ਦੀ ਯੋਜਨਾ ਬਣਾਈ ਹੈ। ਇਹ ਪਹਿਲਕਦਮੀ ਪੰਜਾਬ ਸਰਕਾਰ ਦੀ ਭੋਜਨ ਸੁਰੱਖਿਆ ਅਤੇ ਜਨਤਕ ਸਿਹਤ ਦੇ ਉੱਚਤਮ ਮਿਆਰਾਂ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਉਧਰ, ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਮਟੌਰ ਵਿੱਚ ਮੋਮੋਜ਼ ਅਤੇ ਨੂਡਲਜ਼ ਬਣਾਉਣ ਵਾਲੀ ਰਸੋਈ ’ਚੋਂ ਬਰਾਮਦ ਮਾਸ ਦਾ ਟੁਕੜਾ ਮੁੱਢਲੀ ਜਾਂਚ ਵਿੱਚ ਬੱਕਰੀ ਦਾ ਮਾਸ ਪਾਇਆ ਗਿਆ ਜਦੋਂਕਿ ਪਹਿਲਾਂ ਇਸ ਨੂੰ ਕੁੱਤੇ ਦੇ ਮੀਟ ਵਜੋਂ ਗਲਤ ਢੰਗ ਨਾਲ ਪ੍ਰਚਾਰਿਆ ਗਿਆ ਸੀ। ਡੀਸੀ ਦੇ ਹੁਕਮਾਂ ’ਤੇ ਸਿਹਤ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਦੇ ਮਾਹਰਾਂ ਵੱਲੋਂ ਕਰੀਬ ਅੱਧਾ ਕਿੱਲੋ ਮਾਸ ਦੇ ਟੁਕੜੇ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ ਹੈ, ਜੋ ਬੱਕਰੀ ਦਾ ਮਾਸ ਹੈ। ਉਨ੍ਹਾਂ ਕਿਹਾ ਕਿ ਗੈਰ-ਸਿਹਤਮੰਦ ਭੋਜਨ ਨਾਲ ਮਨੁੱਖੀ ਜਾਨਾਂ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਫੂਡ ਸੇਫ਼ਟੀ, ਸਿਹਤ ਅਤੇ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਪਿਛਲੇ ਦਿਨੀਂ ਮਟੌਰ ਖੇਤਰ ਵਿੱਚ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਸਮੇਤ ਸਬਜ਼ੀਆਂ ਅਤੇ ਹੋਰਨਾਂ ਚੀਜ਼ਾਂ ਦੇ ਸੈਂਪਲ ਲਏ ਗਏ ਹਨ ਅਤੇ ਹੁਣ ਵਿਜੀਲੈਂਸ ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।