ਪਰਿਵਾਰਾਂ ਸਮੇਤ ਕਿਰਤ ਕਮਿਸ਼ਨਰ ਦਫ਼ਤਰ ਦੇ ਬਾਹਰ ਗਰਜੇ ਠੇਕਾ ਮੁਲਾਜ਼ਮ, ਪ੍ਰਮੁੱਖ ਸਕੱਤਰ ਨਾਲ ਮੀਟਿੰਗ ਬੇਸਿੱਟਾ

ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਕਿਰਤ ਕਮਿਸ਼ਨਰ ਦੇ ਦਫ਼ਤਰ ਨੂੰ ਘੇਰਾ ਪਾਈ ਰੱਖਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਕਤੂਬਰ:
ਪਾਵਰਕੌਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਆਪਣੀਆਂ ਜਾਇਜ਼ ਮੰਗਾਂ ਲਈ ਮੁੜ ਤੋਂ ਸੜਕਾਂ ’ਤੇ ਆ ਗਏ ਹਨ। ਸੋਮਵਾਰ ਨੂੰ ਕਿਰਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੀਕੇ ਜੰਜੂਆ ਨਾਲ ਮੀਟਿੰਗ ਬੇਸਿੱਟਾ ਰਹਿਣ ’ਤੇ ਠੇਕਾ ਮੁਲਾਜ਼ਮਾਂ ਨੇ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਇਨਸਾਫ਼ ਪ੍ਰਾਪਤੀ ਲਈ ਮੁਹਾਲੀ ਸਥਿਤ ਕਿਰਤ ਕਮਿਸ਼ਨਰ ਪੰਜਾਬ ਦੇ ਦਫ਼ਤਰ ਦਾ ਘਿਰਾਓ ਕਰਕੇ ਪੱਕਾ ਮੋਰਚਾ ਗੱਜ ਦਿੱਤਾ ਹੈ। ਧਰਨਾਕਾਰੀਆਂ ਨੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਪਾਵਰਕੌਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਭੜਾਸ ਕੱਢੀ।
ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਜਰਨਲ ਸਕੱਤਰ ਵਰਿੰਦਰ ਸਿੰਘ, ਮੀਤ ਪ੍ਰਧਾਨ ਅਜੇ ਕੁਮਾਰ, ਰਾਜੇਸ਼ ਕੁਮਾਰ ਨੇ ਦੱਸਿਆ ਕਿ ਅੱਜ ਸੱਤਵੀਂ ਵਾਰ ਪ੍ਰਮੁੱਖ ਸਕੱਤਰ ਵੱਲੋਂ ਮੀਟਿੰਗ ਲਈ ਸੱਦਿਆ ਗਿਆ ਸੀ ਪ੍ਰੰਤੂ ਮੀਟਿੰਗ ਵਿੱਚ ਅਧਿਕਾਰੀ ਨੇ ਠੇਕਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨਣ ਸਬੰਧੀ ਹਾਮੀ ਨਹੀਂ ਭਰੀ ਸਗੋਂ ਲਾਰੇ ਰੱਪੇ ਲਗਾ ਕੇ ਡੰਗ ਟਪਾਉਣ ਦੀ ਕੋਸ਼ਿਸ਼ ਕੀਤੀ। ਜਿਸ ਕਾਰਨ ਆਪਣੇ ਘਰਾਂ ਤੋਂ ਸੰਘਰਸ਼ ਵਿੱਢਣ ਦਾ ਪ੍ਰੋਗਰਾਮ ਬਣਾ ਕੇ ਆਏ ਠੇਕਾ ਮੁਲਾਜ਼ਮ ਕਿਰਤ ਕਮਿਸ਼ਨਰ ਦੇ ਬਾਹਰ ਧਰਨਾ ਲਗਾ ਕੇ ਬੈਠ ਗਏ। ਹਾਲਾਂਕਿ ਮੁਹਾਲੀ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਗੱਲੀਬਾਤੀ ਸਮਝਾਉਣ ਦੀ ਕੋਸ਼ਿਸ਼ ਕੀਤੀ ਲੇਕਿਨ ਉਹ ਨਹੀਂ ਮੰਨੇ। ਇਸ ਮਗਰੋਂ ਪਾਵਰਕੌਮ ਦੇ ਚੇਅਰਮੈਨ ਏ.ਵੇਨੂ. ਪ੍ਰਸ਼ਾਦ ਵੱਲੋਂ ਭਲਕੇ 6 ਅਕਤੂਬਰ ਨੂੰ ਠੇਕਾ ਮੁਲਾਜ਼ਮ ਯੂਨੀਅਨ ਦੇ ਮੋਹਰੀ ਆਗੂਆਂ ਦੀ ਪੈਨਲ ਮੀਟਿੰਗ ਸੱਦੀ ਗਈ ਲੇਕਿਨ ਉਨ੍ਹਾਂ ਧਰਨਾ ਨਹੀਂ ਚੁੱਕਿਆ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਵੀ ਬੇਸਿੱਟਾ ਰਹੀ ਤਾਂ ਉਹ ਇੱਥੇ ਪੱਕਾ ਮੋਰਚਾ ਸ਼ੁਰੂ ਕਰ ਦੇਣਗੇ।
ਆਗੂਆਂ ਨੇ ਦੱਸਿਆ ਕਿ ਹੁਣ ਤੱਕ ਕਿਰਤ ਮੰਤਰੀ, ਪਾਵਰਕੌਮ ਮੈਨੇਜਮੈਂਟ ਅਤੇ ਕਿਰਤ ਵਿਭਾਗ ਨਾਲ 6 ਮੀਟਿੰਗਾਂ ਹੋ ਚੁੱਕੀਆਂ ਹਨ। ਹਾਲਾਂਕਿ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਮੀਟਿੰਗਾਂ ਦੌਰਾਨ ਅਧਿਕਾਰੀਆਂ ਨੂੰ ਠੇਕਾ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪ੍ਰਵਾਨ ਕਰਨ ਲਈ ਕਹਿ ਚੁੱਕੇ ਹਨ ਲੇਕਿਨ ਅਧਿਕਾਰੀ ਜਾਣਬੁੱਝ ਕੇ ਟਾਲ ਮਟੋਲ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ 30 ਸਤੰਬਰ ਨੂੰ ਛਾਂਟੀ ਕੀਤੇ ਕਾਮੇ ਬਹਾਲ ਕੀਤੇ ਜਾਣ, ਠੇਕਾ ਮੁਲਾਜ਼ਮਾਂ ਦੀ ਛਾਂਟੀ ਰੱਦ ਕੀਤੀ ਜਾਵੇ, ਬਰਖ਼ਾਸਤ ਕਾਮਿਆਂ ਦੀ ਬਹਾਲੀ, ਹਾਦਸਾ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ, ਮ੍ਰਿਤਕ ਕਾਮਿਆਂ ਦੇ ਵਾਰਸਾਂ ਲਈ ਨੌਕਰੀ ਦੀ ਵਿਵਸਥਾ ਅਤੇ ਹੋਰ ਜਾਇਜ਼ ਮੰਗਾਂ ਹੱਲ ਕੀਤੀਆਂ ਜਾਣ।

Load More Related Articles

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…