
ਠੇਕਾ ਮੁਲਾਜ਼ਮ ਤੇ ਪੀੜਤ ਪਰਿਵਾਰ 12 ਮਾਰਚ ਨੂੰ ਕਰਨਗੇ ਪਾਵਰਕੌਮ ਮੈਨੇਜਮੈਂਟ ਦਾ ਘਿਰਾਓ
ਪਾਵਰਕੌਮ ਮੈਨੇਜਮੈਂਟ ’ਤੇ ਠੇਕਾ ਕਾਮਿਆਂ ਦੀ ਅਣਦੇਖੀ ਕਰਨ ਦਾ ਦੋਸ਼, ਸੰਘਰਸ਼ ਵਿੱਢਣ ਦਾ ਐਲਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਾਰਚ:
ਪੰਜਾਬ ਰਾਜ ਪਾਵਰਕੌਮ ਕਾਰਪੋਰੇਸ਼ਨ ਅਧੀਨ ਪਿਛਲੇ ਲੰਮੇ ਸਮੇਂ ਤੋਂ ਠੇਕਾ ਪ੍ਰਣਾਲੀ ਤਹਿਤ ਕੰਮ ਕਰ ਰਹੇ ਠੇਕਾ ਮੁਲਾਜ਼ਮ ਅਤੇ ਡਿਊਟੀ ਦੌਰਾਨ ਫੌਤ ਹੋਏ ਕਰਮਚਾਰੀਆਂ ਦੇ ਪੀੜਤ ਪਰਿਵਾਰ ਇਨਸਾਫ਼ ਲਈ ਖੱਜਲ-ਖੁਆਰ ਹੋ ਰਹੇ ਹਨ। ਪਹਿਲਾਂ ਅਕਾਲੀ ਸਰਕਾਰੀ ਅਤੇ ਹੁਣ ਪਿਛਲੇ ਚਾਰ ਸਾਲਾਂ ਤੋਂ ਕਾਂਗਰਸ ਸਰਕਾਰ ਨੇ ਵੀ ਝੂਠੇ ਲਾਰਿਆਂ ਤੋਂ ਬਿਨਾਂ ਕੁੱਝ ਵੀ ਝੋਲੀ ਵਿੱਚ ਨਹੀਂ ਪਾਇਆ। ਜਿਸ ਕਾਰਨ ਠੇਕਾ ਮੁਲਾਜ਼ਮ ਅਤੇ ਪੀੜਤ ਪਰਿਵਾਰਾਂ ਵਿੱਚ ਪਾਵਰਕੌਮ ਮੈਨੇਜਮੈਂਟ ਅਤੇ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਦੱਸਿਆ ਕਿ ਪਾਵਰਕੌਮ ਵਿੱਚ ਨਿੱਜੀਕਰਨ ਦੇ ਹੱਲੇ ਨੂੰ ਤੇਜ਼ ਕਰਦਿਆਂ ਬਿਜਲੀ ਬੋਰਡ ਨੂੰ ਤੋੜ ਕੇ ਦੋ ਭਾਗਾਂ ਵਿੱਚ ਵੰਡਣ ਅਤੇ ਠੇਕਾ ਪ੍ਰਣਾਲੀ ਰਾਹੀਂ ਕਰਮਚਾਰੀ ਰੱਖ ਕੇ ਉਨ੍ਹਾਂ ਨੂੰ ਨਿਗੂਣੀਆਂ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ। ਇਹੀ ਨਹੀਂ ਸੁਰੱਖਿਆ ਕਿੱਟਾਂ ਨਾ ਹੋਣ ਕਾਰਨ ਹੁਣ ਤੱਕ ਬਹੁਤ ਸਾਰੇ ਕਰਮਚਾਰੀ ਆਪਣੀਆਂ ਜਾਨਾਂ ਗੁਆ ਚੁੱਕੇ ਹਨ ਅਤੇ ਕਾਫ਼ੀ ਕਰਮਚਾਰੀ ਅਪਾਹਜ ਵਰਗੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਹਨ ਪ੍ਰੰਤੂ ਮੈਨੇਜਮੈਂਟ ਅਤੇ ਸਰਕਾਰ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦੇਣ ਦੇ ਮਾਮਲੇ ਵਿੱਚ ਫੇਲ ਸਾਬਤ ਹੋ ਰਹੀ ਹੈ।
ਜਿਸ ਦੇ ਕਾਰਨ ਪਰਿਵਾਰਕ ਮੈਂਬਰਾਂ ਨੂੰ ਘਰਾਂ ਦੇ ਗੁਜ਼ਾਰੇ ਚਲਾਉਣ ਲਈ ਬੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਵਰਕ ਆਰਡਰ ਦੀਆਂ ਸ਼ਰਤਾਂ ਅਨੁਸਾਰ ਮਿਲਣ ਵਾਲਾ 5 ਲੱਖ ਇੰਸ਼ੋਰੈਂਸ ਅਤੇ 5 ਲੱਖ ਗਰੈਜੂਟੀ ਵੀ ਪਰਿਵਾਰਕ ਮੈਂਬਰਾਂ ਨੂੰ ਮੈਨੇਜਮੈਂਟ ਅਧਿਕਾਰੀਆਂ ਵੱਲੋਂ ਨਹੀਂ ਦਿੱਤੀਆਂ ਜਾ ਰਹੀਆਂ ਹਨ ਮੈਨੇਜਮੈਂਟ ਅਧਿਕਾਰੀਆਂ ਨੂੰ ਕਈ ਵਾਰ ਫਾਈਲਾਂ ਤਿਆਰ ਕਰਕੇ ਸੌਂਪੀਆਂ ਗਈਆਂ ਪਰ ਮੈਨੇਜਮੈਂਟ ਲਗਾਤਾਰ ਟਾਲਾ ਵੱਟ ਰਹੀ ਹੈ, ਜਿਸ ਦੇ ਕਾਰਨ ਠੇਕਾ ਕਾਮਿਆਂ ਅਤੇ ਪੀੜਤ ਪਰਿਵਾਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ਪੈਡੀ ਸੀਜ਼ਨ ਦੌਰਾਨ ਪਾਵਰਕੌਮ ਵਿੱਚ 160 ਦੇ ਲਗਪਗ ਅਤੇ 100 ਦੇ ਲਗਪਗ ਕਾਮੇ ਅਪੰਗ ਹੋ ਗਏ ਜਿਨ੍ਹਾਂ ਦੀ ਮੈਨੇਜਮੈਂਟ ਅਧਿਕਾਰੀਆਂ ਨੇ ਕੋਈ ਸਾਰ ਤੱਕ ਨਾ ਲਈ ਮੁੱਖ ਮੰਤਰੀ ਅਤੇ ਕਿਰਤ ਮੰਤਰੀ ਵੱਲੋਂ ਕੋਈ ਹੱਲ ਨਹੀਂ ਕੱਢਿਆ ਗਿਆ। ਜਿਸ ਕਾਰਨ ਠੇਕਾ ਮੁਲਾਜ਼ਮਾਂ ਨੂੰ ਮਜਬੂਰ ਹੋ ਕੇ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਬਜਟ ਸੈਸ਼ਨ ਵਿੱਚ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ ਸਮੇਤ ਹੋਰ ਸਾਰੀਆਂ ਜਾਇਜ਼ ਮੰਗਾਂ ਲਾਗੂ ਕਰਨ ਲਈ ਠੋਸ ਫੈਸਲੇ ਨਹੀਂ ਲਏ ਗਏ ਤਾਂ ਠੇਕਾ ਮੁਲਾਜ਼ਮ ਅਤੇ ਪੀੜਤ ਪਰਿਵਾਰ ਆਪਣੇ ਬੱਚਿਆਂ ਸਮੇਤ 12 ਮਾਰਚ ਨੂੰ ਪਾਵਰਕੌਮ ਦੇ ਮੁੱਖ ਦਫ਼ਤਰ ਦਾ ਘਿਰਾਓ ਕਰਨ ਲਈ ਪਟਿਆਲਾ ਵੱਲ ਕੂਚ ਕਰਨਗੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ ਅਤੇ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਅਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।