nabaz-e-punjab.com

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਕੈਪਟਨ ਨੂੰ ਘੇਰਨ ਦੀਆਂ ਤਿਆਰੀਆਂ ਮੁਕੰਮਲ, ਹੁਕਮਰਾਨ ਚਿੰਤਤ

ਪੰਜਾਬ ਪੁਲੀਸ ਦੇ ਖੁਫ਼ੀਆ ਵਿੰਗ ਤੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਵੱਲੋਂ ਮੁਲਾਜ਼ਮਾਂ ਨੂੰ ਸ਼ਾਂਤ ਕਰਨ ਦੇ ਯਤਨ ਤੇਜ਼

ਮੁਲਾਜ਼ਮ ਮੁੱਖ ਮੰਤਰੀ ਦਾ ਘਿਰਾਓ ਕਰਨ ਲਈ ਬਜਿੱਦ, ਕਿਹਾ ਹੁਣ ਉਹ ਝੂਠੇ ਲਾਰਿਆਂ ਵਿੱਚ ਆਉਣ ਵਾਲੇ ਨਹੀਂ ਹਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਗਸਤ:
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਜ਼ਾਦੀ ਦਿਹਾੜੇ ’ਤੇ ਘੇਰਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਸਬੰਧੀ ਵੱਖ ਵੱਖ ਦਫ਼ਤਰਾਂ ਵਿੱਚ ਜਾ ਕੇ ਮੁਲਾਜ਼ਮਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ। ਠੇਕਾ ਮੁਲਾਜ਼ਮਾਂ ਦੇ ਇਸ ਐਕਸ਼ਨ ਤੋਂ ਹੁਕਮਰਾਨ ਡਾਢੇ ਚਿੰਤਤ ਹਨ। ਹਾਲਾਂਕਿ ਪੰਜਾਬ ਪੁਲੀਸ ਦੇ ਖੁਫ਼ੀਆ ਵਿੰਗ ਅਤੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਵੱਲੋਂ ਮੁਲਾਜ਼ਮਾਂ ਨੂੰ ਸ਼ਾਂਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਪ੍ਰੰਤੂ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਹੁਣ ਉਹ ਝੂਠੇ ਲਾਰਿਆਂ ਵਿੱਚ ਆਉਣ ਵਾਲੇ ਨਹੀਂ ਹਨ।
ਸੰਘਰਸ਼ ਮੋਰਚਾ ਦੇ ਸੂਬਾਈ ਆਗੂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਬਲਿਹਾਰ ਸਿੰਘ ਕਟਾਰੀਆ, ਭਗਤ ਸਿੰਘ ਭਗਤਾ, ਪ੍ਰਦੀਪ ਕੁਮਾਰ ਚੀਮਾ, ਭੁਪਿੰਦਰ ਸਿੰਘ ਕੁਤਬੇਵਾਲ, ਅੰਮ੍ਰਿਤਪਾਲ ਸਿੰਘ ਕੰਬੋਜ ਅਤੇ ਬਲਜਿੰਦਰ ਸਿੰਘ ਨੇ ਆਊਟ ਸੋਰਸਿਸ ਤੇ ਠੇਕਾ ਮੁਲਾਜ਼ਮਾਂ ਦੇ ਪ੍ਰਤੀ ਪੰਜਾਬ ਸਰਕਾਰ ਰਵੱਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਆਪਣੇ ਚੋਣ ਮਨੋਰਥ ਪੱਤਰ ਵਿੱਚ ਸਮੂਹ ਸਰਕਾਰੀ ਅਦਾਰਿਆਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਤੋਂ ਭੱਜ ਰਹੀ ਹੈ ਅਤੇ ਸਰਕਾਰ ਵੱਲੋਂ ਆਪਣੇ 28 ਮਹੀਨਿਆਂ ਦੇ ਕਾਰਜਕਾਲ ਦੌਰਾਨ ਕਿਸੇ ਵੀ ਅਦਾਰੇ ਦੇ ਕੱਚੇ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ, ਸਗੋਂ ਸਮੂਹ ਅਦਾਰਿਆਂ ਦੇ ਕੱਚੇ ਮੁਲਾਜ਼ਮਾਂ ਦੀਆਂ ਛਾਂਟੀਆਂ ਕਰਨ ਵਾਲੇ ਪਾਸੇ ਤੁਰੀ ਹੋਈ ਹੈ। ਉਨ੍ਹਾਂ ਨੇ ਸਮੂਹ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਵੱਖੋ-ਵੱਖਰੇ ਸੰਘਰਸ਼ ਕਰਨ ਦੀ ਥਾਂ ਸੰਘਰਸ਼ ਮੋਰਚੇ ਦੇ ਬੈਨਰ ਹੇਠ ਕੇ ਇਕਜੁੱਟ ਹੋ ਕੇ ਸੰਘਰਸ਼ ਵਿੱਢਣ ਅਪੀਲ ਕੀਤੀ।
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਕੀਤੇ ਲਗਾਤਾਰ ਸੰਘਰਸ਼ਾਂ ਦੇ ਬਦੌਲਤ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ’ ਦੀ ਪੰਜਾਬ ਐਡਹਾਕ, ਕੰਟਰੈਕਟ, ਡੇਲੀਵੇਜ, ਟੈਂਪਰੇਰੀ, ਆਊਟ-ਸੋਰਸਿੰਗ, ਐਂਪਲਾਇਜ ਵੈੱਲਫੇਅਰ ਐਕਟ 2016’ ਬਣਾਇਆ ਸੀ ਪਰ ਕੈਪਟਨ ਸਰਕਾਰ ਉਸ ਐਕਟ ਨੂੰ ਲਾਗੂ ਕਰਨ ਤੋਂ ਟਾਲਾ ਵੱਟ ਰਹੀ ਹੈ ਅਤੇ ਵੈੱਲਫੇਅਰ ਐਕਟ 2016 ਨੂੰ ਤੋੜ ਕੇ ਆਊਟ-ਸੋਰਸਿਸ ਅਤੇ ਠੇਕਾ ਪ੍ਰਣਾਲੀ ਨੂੰ ਐਕਟ ਤੋਂ ਬਾਹਰ ਕਰਨ ਦੇ ਰਾਹ ਪੈ ਗਈ ਹੈ। ਜਦੋਂਕਿ ਸਰਕਾਰੀ ਥਰਮਲਾਂ, ਵਾਟਰ ਸਪਲਾਈ ਅਤੇ ਸੀਵਰੇਜ ਬੋਰਡ, ਜਲ ਸਪਲਾਈ, ਪਨਬਸ ਰੋਡਵੇਜ਼, ਪਾਵਰਕੌਮ ਜ਼ੋਨ ਬਠਿੰਡਾ, ਪਾਵਰਕੌਮ ਅਤੇ ਟਰਾਂਸਕੋ, ਮਗਨਰੇਗਾ, ਬੀਓਸੀ ਬੋਰਡ, ਮਾਸਟਰ ਅਤੇ ਮੋਟੀਵੇਟਰ, ਪੀ.ਡਬਲਯੂ.ਡੀ. ਇਲੈਕਟ੍ਰੀਕਲ, ਸਿਹਤ ਵਿਭਾਗ ਸਰਕਾਰੀ ਅਦਾਰਿਆਂ ਵਿੱਚ ਠੇਕਾ ਪ੍ਰਣਾਲੀ ਤਹਿਤ ਵੱਡੀ ਗਿਣਤੀ ਵਿੱਚ ਕੱਚੇ ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਕੰਮ ਕਰ ਰਹੇ ਹਨ ਪਰ ਸਰਕਾਰ ਸਿਰਫ਼ ਇਸ਼ਤਿਹਾਰ ਪ੍ਰਣਾਲੀ ਰਾਹੀਂ ਭਰਤੀ ਕੀਤੇ ਥੋੜੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਬਾਰੇ ਹੀ ਵਿਚਾਰ ਕਰ ਰਹੀ ਹੈ।
ਆਗੂਆਂ ਨੇ ਕਿਹਾ ਕਿ ਠੇਕਾ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗਾਂ ਵਿੱਚ ਰੈਗੂਲਰ ਕਰਨ ਨਾਲ ਪੰਜਾਬ ਸਰਕਾਰ ਅਤੇ ਮਹਿਕਮਿਆਂ ਤੇ ਕੋਈ ਵੀ ਵਾਧੂ ਵਿੱਤੀ ਬੋਝ ਨਹੀਂ ਪਵੇਗਾ ਸਗੋਂ ਕੰਪਨੀਆਂ ਨੂੰ ਦਿੱਤੇ ਜਾਣ ਵਾਲੇ ਕਮਿਸ਼ਨ ਅਤੇ ਜੀਐੱਸਟੀ ਦੀ ਵੱਡੇ ਪੱਧਰ ’ਤੇ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਠੇਕਾ ਮੁਲਾਜ਼ਮਾਂ ਪ੍ਰਤੀ ਰਵੱਈਏ ਅਤੇ ਸਰਕਾਰ ਦੀ ਵਾਅਦਾ-ਖ਼ਿਲਾਫ਼ੀ ਵਿਰੁੱਧ 14 ਤੇ 15 ਅਗਸਤ ਨੂੰ ਸੂਬਾ ਪੱਧਰੀ ਸੰਘਰਸ਼ ਕੀਤਾ ਜਾ ਰਿਹਾ ਹੈ। ਜਿੱਥੇ ਵੀ ਮੁੱਖ ਮੰਤਰੀ ਆਜ਼ਾਦੀ ਦਿਵਸ਼ ਦੇ ਸਮਾਗਮ ਵਿੱਚ ਤਿਰੰਗਾ ਲਹਿਰਾਉਣਗੇ, ਉਸ ਜ਼ਿਲ੍ਹੇ ਵਿੱਚ 14 ਅਗਸਤ ਨੂੰ ਕਾਲੇ ਚੋਗੇ ਪਾ ਕੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਰਾਤ ਨੂੰ ਸ਼ਹਿਰ ਵਿੱਚ ਜਗਰਾਤਾ ਕਰਨ ਉਪਰੰਤ 15 ਅਗਸਤ ਨੂੰ ਆਜ਼ਾਦੀ ਸਮਾਗਮ ਵੱਲ ਰੋਸ ਮਾਰਚ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …