ਸਰਕਾਰੀ ਵਧੀਕੀਆਂ ਖ਼ਿਲਾਫ਼ ਠੇਕਾ ਮੁਲਾਜ਼ਮ ਅੱਜ ਮੁਹਾਲੀ ਵਿੱਚ ਦੇਣਗੇ ਵਿਧਾਇਕ ਸਿੱਧੂ ‘ਧੱਕੇਸ਼ਾਹ ਐਵਾਰਡ’ ਦੀ ਟਰਾਫ਼ੀ

ਠੇਕਾ ਮੁਲਾਜ਼ਮਾਂ ਦੀ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਮੀਟਿੰਗ ਬੇਸਿੱਟਾ ਰਹੀ

ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਅਤੇ ਅਧਿਆਪਕਾਂ ਨੂੰ 10300 ਤਨਖ਼ਾਹ ’ਤੇ ਕੰਮ ਕਰਨ ਲਈ ਦਬਾਅ ਪਾਉਣ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਾਰਚ:
ਵਿਧਾਨ ਸਭਾ ਚੋਣਾਂ ਦੌਰਾਨ ਨੌਜਵਾਨਾਂ ਨਾਲ ਵੱਡੇ ਵੱਡੇ ਵਾਅਦੇ ਕਰਨ ਵਾਲੀ ਸੱਤਾ ਵਿੱਚ ਆਈ ਕਾਂਗਰਸ ਸਰਕਾਰ ਨੇ ਗਿਰਗਿਟ ਵਾਂਗੂ ਰੰਗ ਬਦਲਣਾ ਸ਼ੁਰੂ ਕਰ ਦਿੱਤਾ ਹੈ। ਮੁੱਖ ਮੰਤਰੀ ਸਮੇਤ ਸਮੂਹ ਵਜ਼ੀਰ ਚੋਣ ਵਾਅਦਿਆਂ ਤੋਂ ਮੁਨਕਰ ਹੋ ਕੇ ਹੁਣ ਅਧਿਆਪਕਾਂ ਨਾਲ ਸੌਦੇਬਾਜ਼ੀ ਕਰਨ ’ਤੇ ਉਤਰ ਆਏ ਹਨ। ਸੂਬਾ ਸਰਕਾਰ ਮੁਲਾਜ਼ਮ ਨੂੰ ਮਿਲ ਰਹੀ ਤਨਖ਼ਾਹਾਂ ਵਿੱਚ 70 ਤੋਂ 80 ਫੀਸਦੀ ਕਟੌਤੀ ਕਰਕੇ ਮੁਲਾਜ਼ਮ ਵਰਗ ਦੀ ਸੰਘੀ ਘੁੱਟ ਦਿੱਤੀ ਹੈ। ਜਿਸ ਦੀ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਨੇ ਕੰਪਿਊਟਰ ਅਧਿਆਪਕ ਯੂਨੀਅਨ, ਸਰਵ ਸਿੱਖਿਆ ਅਭਿਆਨ/ਰਮਸਾ ਅਧਿਆਪਕ ਯੂਨੀਅਨ, ਸਰਵ ਸਿੱਖਿਆ ਅਭਿਆਨ/ਰਮਸਾ ਦਫ਼ਤਰੀ ਮੁਲਾਜ਼ਮ, ਆਦਰਸ਼ ਮਾਡਲ ਸਕੂਲ ਦੇ ਅਧਿਆਪਕ/ਦਫ਼ਤਰੀ ਮੁਲਾਜ਼ਮ ਯੂਨੀਅਨ, ਆਈਈਆਰਟੀ ਅਧਿਆਪਕ ਯੂਨੀਅਨ ਅਤੇ ਮਿਡ ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਨੇ ਇੱਕਜੱੁਟਤਾ ਦਾ ਪ੍ਰਗਟਾਵਾ ਕਰਦਿਆਂ ਸਰਕਾਰੀ ਦੇ ਉਕਤ ਫੈਸਲੇ ਦੀ ਘੋਰ ਨਿਖੇਧੀ ਕਰਦਿਆਂ ਕੈਪਟਨ ਸਰਕਾਰ ਨੂੰ ਮੁੜ ਘੇਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਜਥੇਬੰਦੀਆਂ ਨੇ ਸਰਕਾਰੀ ਵਧੀਕੀਆਂ ਦਾ ਮੂੰਹ ਤੋੜ ਜਵਾਬ ਦੇਣ ਲਈ ਹੁਣ 11 ਮਾਰਚ ਨੂੰ ਦੁਬਾਰਾ ਵੱਡੇ ਪੱਧਰ ’ਤੇ ਰੋਸ ਪ੍ਰਗਟਾਉਣ ਲਈ ਅਰਥੀ ਫੂਕ ਮੁਜ਼ਾਹਰਾ ਕੀਤਾ ਜਾਵੇਗਾ।
ਇਸ ਸਬੰਧੀ ਅੱਜ ਇੱਥੇ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂ ਅਸ਼ੀਸ਼ ਜੁਲਾਹਾ, ਜਗਮੋਹਨ ਸਿੰਘ, ਅਵਤਾਰ ਸਿੰਘ, ਪ੍ਰਵੀਨ ਸ਼ਰਮਾ ਅਤੇ ਰਜਿੰਦਰ ਸਿੰਘ ਨੇ ਕਿਹਾ ਕਿ ਹਾਲਾਂਕਿ ਬੀਤੀ 6 ਮਾਰਚ ਨੂੰ ਸੂਬਾ ਪੱਧਰੀ ਰੋਸ ਧਰਨੇ ਦੌਰਾਨ ਮੁੱਖ ਮੰਤਰੀ ਦੇ ਓਐਸਡੀ ਅੰਕਿਤ ਬਾਂਸਲ ਨੇ ਮੰਗ ਪੱਤਰ ਹਾਸਲ ਕਰਦਿਆਂ ਮੁਲਾਜ਼ਮ ਆਗੂਆਂ ਦੀ ਅੱਜ 8 ਮਾਰਚ ਨੂੰ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ ਲੇਕਿਨ ਇਹ ਮੀਟਿੰਗ ਬੇਸਿੱਟਾ ਰਹਿਣ ਕਾਰਨ ਮੁਲਜ਼ਮਾਂ ਜਥੇਬੰਦੀਆਂ ਨੇ ਮੁੜ ਸੜਕਾਂ ’ਤੇ ਆਉਣ ਦਾ ਫੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਭਲਕੇ 9 ਮਾਰਚ ਨੂੰ ਮੁਹਾਲੀ ਵਿੱਚ ਇਲਾਕੇ ਦੇ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਸਰਕਾਰ ਦੀ ਵਾਅਦਾਖ਼ਿਲਾਫ਼ੀ ਦੇ ਰੋਸ ਵਜੋਂ ‘ਧੱਕੇਸ਼ਾਹੀ ਦਾ ਐਵਾਰਡ’ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਉਪਰੋਕਤ ਆਗੂਆਂ ਨੇ ਸਿੱਖਿਆ ਵਿਭਾਗ ’ਤੇ ਮੁਲਾਜ਼ਮਾਂ ਨੂੰ ਕਥਿਤ ਤੌਰ ’ਤੇ ਬਲੈਕਮੇਲ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਮੁਲਾਜ਼ਮਾਂ ਨੂੰ ਸਾਫ਼ ਆਖਿਆ ਗਿਆ ਕਿ ਉਹ ਆਪਣੀ ਮੌਜੂਦਾ 10-12 ਸਾਲਾਂ ਦੀ ਨੌਕਰੀ ਛੱਡਣ ਅਤੇ 10300 ਤਨਖ਼ਾਹ ’ਤੇ ਰੈਗੂਲਰ ਕਰਨ ਦੀਆਂ ਤਜਵੀਜ਼ਾਂ ਦਾ ਲਾਭ ਲੈਣ ਲਈ ਜ਼ੋਰ ਪਾਉਂਦਿਆਂ ਕਿਹਾ ਜਾ ਰਿਹਾ ਹੈ ਕਿ ਇਸ ਤੋਂ ਇਲਾਵਾ ਉਨ੍ਹਾਂ ਕੋਲ ਕੋਈ ਰਸਤਾ ਨਹੀਂ ਹੈ। ਜਦੋਂਕਿ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਮੁਲਾਜ਼ਮ ਪਹਿਲਾਂ ਹੀ ਤਨਖ਼ਾਹਾਂ ਨੂੰ ਤਰਸ ਰਹੇ ਹਨ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਪਾਸ ਕੀਤੇ ਐਕਟ ਨੂੰ ਲਾਗੂ ਕਰਨ ਦੀ ਬਜਾਏ ਹੁਣ ਸਰਕਾਰੀ ਖਜ਼ਾਨਾ ਖਾਲੀ ਹੋਣ ਦਾ ਰੋਣਾ ਰੋਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨੌਜਵਾਨਾਂ ਦੇ ਮੂੰਹ ’ਚੋਂ ਰੋਟੀ ਖੋਹਣ ਦੀ ਥਾਂ ਸਰਕਾਰੀ ਸਿਸਟਮ ਵਿੱਚ ਸੁਧਾਰ ਲਿਆਉਣ ਲਈ ਯਤਨ ਕਰਨੇ ਚਾਹੀਦੇ ਹਨ। ਇੰਝ ਹੀ 2011 ਵਿੱਚ ਕੰਪਿਊਟਰ ਅਧਿਆਪਕਾਂ ਨੂੰ ਰੈਗੂਲਰ ਕੀਤਾ ਗਿਆ ਸੀ ਲੇਕਿਨ ਹੁਣ ਉਨ੍ਹਾਂ ਨੂੰ ਉੱਕਾ ਪੁੱਕਾ 10 ਹਜ਼ਾਰ ਰੁਪਏ ਤਨਖ਼ਾਹ ’ਤੇ ਕੰਮ ਕਰਨ ਲਈ ਹਾਮੀ ਭਰਨ ਨੂੰ ਆਖਿਆ ਜਾ ਰਿਹਾ ਹੈ। ਕਹਿਣ ਤੋਂ ਭਾਵ ਕਾਂਗਰਸ ਹਕੂਮਤ ਮੁਲਾਜ਼ਮਾਂ ਦਾ ਹਰ ਕਦਮ ’ਤੇ ਸ਼ੋਸ਼ਣ ਕਰ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…