nabaz-e-punjab.com

ਪ੍ਰੀਖਿਆਵਾਂ ਦੇ ਬਿਹਤਰ ਪ੍ਰਬੰਧਾਂ ਲਈ ਸੂਚਨਾ ਭੇਜਣ ਵਾਸਤੇ ਸਿੱਖਿਆ ਬੋਰਡ ਵੱਲੋਂ ਕੰਟਰੋਲ ਰੂਮ ਸਥਾਪਿਤ

ਦਸਵੀਂ-ਬਾਰ੍ਹਵੀਂ ਦੀ ਸਾਲਾਨਾ ਪ੍ਰਯੋਗੀ ਪ੍ਰੀਖਿਆ ਲਈ ਸੋਧੀ ਹੋਈ ਡੇਟਸ਼ੀਟ ਜਾਰੀ, ਪ੍ਰਯੋਗੀ ਪ੍ਰੀਖਿਆ ਹੁਣ 1 ਅਪ੍ਰੈਲ ਤੋਂ ਹੋਵੇਗੀ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਫਰਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਦੀਆਂ 28 ਫਰਵਰੀ ਅਤੇ ਦਸਵੀਂ ਦੀਆਂ 12 ਮਾਰਚ ਤੋਂ ਸ਼ੁਰੂ ਹੋਣ ਜਾ ਰਹੀਆਂ ਸਲਾਨਾ ਪ੍ਰੀਖਿਆਵਾਂ ਸਬੰਧੀ ਪੁਖਤਾ, ਸਰਬਪੱਖੀ ਅਤੇ ਸਮੇਂ ਸਿਰ ਸਾਰੇ ਇੰਤਜ਼ਾਮ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਹਰਗੁਣਜੀਤ ਕੌਰ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਵੱਲੋਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਨੇਪੜੇ ਚਾੜ੍ਹਨ ਲਈ ਅਤੇ ਹਰ ਤਰ੍ਹਾਂ ਦੇ ਅੜਿਕਿਆਂ ਅਤੇ ਸਮੱਸਿਆਵਾਂ ਦੇ ਹੱਲ ਲਈ ਬੋਰਡ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਤੋੱ ਇਲਾਵਾ ਸਿੱਖਿਆ ਵਿਭਾਗ ਦੇ ਆਹਲਾ ਅਧਿਕਾਰੀਆਂ ਦੀ ਸ਼ਮੂਲੀਅਤ ਅਤੇ ਜ਼ਿੰਮੇਵਾਰੀ ਨਿਸ਼ਚਿਤ ਕਰਨ ਲਈ ਬਕਾਇਦਾ ਵਿਭਾਗੀ ਡਿਊਟੀਆਂ ਲਗਾਈਆਂ ਗਈਆਂ ਹਨ। ਬੋਰਡ ਦੇ ਸਕੱਤਰ ਨੇ ਦੱਸਿਆ ਕਿ ਇਹਨਾਂ ਇਮਤਿਹਾਨਾਂ ’ਚ ਬੈਠਣ ਵਾਲੇ ਵਿਦਿਆਰਥੀਆਂ ਦੀ ਹਰ ਸਹੂਲਤ ਅਤੇ ਉਨ੍ਹਾਂ ਨੂੰ ਆਉਣ ਵਾਲੀਆਂ ਪ੍ਰੇਸ਼ਾਨੀਆਂ ’ਤੇ ਬੋਰਡ ਅਧਿਕਾਰੀਆਂ ਵੱਲੋਂ ਲਗਾਤਾਰ ਪੂਰੀ ਨਜ਼ਰ ਰੱਖੀ ਜਾ ਰਹੀ ਹੈ।
ਉਨ੍ਹਾਂ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਇਮਤਿਹਾਨਾਂ ’ਚ ਬੈਠਣ ਵਾਲੇ ਵਿਦਿਆਰਥੀ ਅਤੇ ਇਮਤਿਹਾਨਾਂ ਲਈ ਹਰ ਤਰ੍ਹਾਂ ਦੇ ਪ੍ਰਬੰਧ ਨਾਲ ਜੁੜੀ ਕੋਈ ਵੀ ਸਮੱਸਿਆ ਹੱਲ ਕਰਨ ਲਈ ਬੋਰਡ ਵੱਲੋਂ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੰਟਰੋਲ ਰੂਮ ਵਿੱਚ ਲੈਂਡ ਲਾਈਨ ਨੰਬਰਾਂ 0172-5227136, 5227137 ’ਤੇ ਸਵੇਰੇ 8 ਵਜੇ ਤੋਂ ਲੈ ਕੇ ਰਾਤ 8 ਵਜੇ ਤੱਕ ਸੂਚਨਾ ਪ੍ਰਾਪਤ ਕੀਤੀ ਜਾਵੇਗੀ ਅਤੇ ਮੋਬਾਇਲ ਦੇ ਨੰਬਰਾਂ 6239087709 ਅਤੇ 6239068621 ਤੇ ਵਟਸਐਪ ਰਾਹੀਂ ਸੂਚਨਾ ਦਾ ਅਦਾਨ ਪ੍ਰਦਾਨ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਇਮਤਿਹਾਨਾਂ ਨਾਲ਼ ਸਬੰਧਿਤ ਟੈਕਸਟ ਮੈਸਿਜ ਰਾਹੀਂ ਕਿਸੇ ਸਮੇਂ ਵੀ ਰਾਇ, ਸੁਝਾਅ ਆਦਿ ਭੇਜ ਕੇ ਇਮਤਿਹਾਨਾਂ ਵਿੱਚ ਉਸਾਰੂ ਯੋਗਦਾਨ ਪਾਉਣ ਲਈ ਅਤੇ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਹੋਰ ਬਿਹਤਰ ਅਤੇ ਸਰਲ ਬਣਾਉਣ ਲਈ ਬੋਰਡ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਉਧਰ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਅਪ੍ਰੈਲ 2018 ਦੀ ਪ੍ਰਯੋਗੀ ਪ੍ਰੀਖਿਆ (ਸਮੇਤ ਓਪਨ ਸਕੂਲ) ਅਧੀਨ ਕੰਪਾਰਟਮੈਂਟ/ਰੀ-ਅਪੀਅਰ, ਵਾਧੂ ਵਿਸ਼ਾ ਅਤੇ ਦਰਜਾ/ਕਾਰਗੁਜਾਰੀ ਵਧਾਉਣ ਅਤੇ ਪੂਰੇ ਵਿਸ਼ੇ ਦੇ ਪ੍ਰੀਖਿਆਰਥੀਆਂ ਲਈ ਮਿਤੀ 1 ਅਪ੍ਰੈਲ ਤੋਂ ਕਰਵਾਈ ਜਾ ਰਹੀ ਹੈ। ਬੁਲਾਰੇ ਨੇ ਦੱਸਿਆ ਕਿ ਇਹ ਪ੍ਰਯੋਗੀ ਪ੍ਰੀਖਿਆਵਾਂ ਪਹਿਲਾਂ 2 ਅਪ੍ਰੈਲ ਤੋਂ ਸ਼ੁਰੂ ਹੋਣੀਆਂ ਸਨ। ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਟ ਸ਼ੀਟ ਸਬੰਧੀ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ’ਤੇ ਵੀ ਉਪਲਬੱਧ ਹੈ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…