ਤੇਜ਼ੀ ਨਾਲ ਵਧ ਰਹੀ ਆਬਾਦੀ ਨੂੰ ਕੰਟਰੋਲ ਕਰਨਾ ਸਮੇਂ ਦੀ ਲੋੜ: ਸਿਵਲ ਸਰਜਨ

ਵਿਸ਼ਵ ਆਬਾਦੀ ਦਿਵਸ ਸਬੰਧੀ ਵੱਖ-ਵੱਖ ਗਤੀਵਿਧੀਆਂ ਸ਼ੁਰੂ: ਡਾ. ਆਦਰਸ਼ਪਾਲ ਕੌਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੂਨ
ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਅਗਲੇ ਮਹੀਨੇ 11 ਜੁਲਾਈ ਨੂੰ ਵਿਸ਼ਵ ਆਬਾਦੀ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ ਵਿੱਚ ਵੱਖ-ਵੱਖ ਗਤੀਵਿਧੀਆਂ ਕਰਨ ਲਈ ਤਿਆਰੀਆਂ ਸ਼ੁਰੂ ਕਰ ਦਿਤੀਆਂ ਗਈਆਂ ਹਨ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦਸਿਆ ਕਿ ਇਸ ਵਾਰ ਵਿਸ਼ਵ ਆਬਾਦੀ ਦਿਵਸ ਨੂੰ ਦੋ ਹਿੱਸਿਆਂ ਵਿਚ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਦੋ ਪੰਦਰਵਾੜੇ ਸ਼ੁਰੂ ਕੀਤੇ ਜਾ ਰਹੇ ਹਨ। ਪਹਿਲਾ ਪੰਦਰਵਾੜਾ ‘ਦੰਪਤੀ ਸੰਪਰਕ ਪਖਵਾੜਾ’27 ਜੂਨ ਤੋਂ 10 ਜੁਲਾਈ ਤਕ ਚੱਲੇਗਾ ਅਤੇ ਦੂਜਾ ਪੰਦਰਵਾੜਾ ‘ਜਨਸੰਖਿਆ ਸਥਿਰਤਾ ਪਖਵਾੜਾ’ 11 ਜੁਲਾਈ ਤੋਂ 24 ਜੁਲਾਈ ਤਕ ਚੱਲੇਗਾ। ਸਿਵਲ ਸਰਜਨ ਨੇ ਦਸਿਆ ਕਿ ਇਨ੍ਹਾਂ ਪੰਦਰਵਾੜਿਆਂ ਦੌਰਾਨ ਪਰਿਵਾਰ ਨਿਯੋਜਨ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਗਰੂਕਤਾ ਵਧਾਉਣ ਦੇ ਨਾਲ-ਨਾਲ ਲੋਕਾਂ ਨੂੰ ਦੇਰੀ ਨਾਲ ਵਿਆਹ ਕਰਨ ਦੇ ਨੁਕਸਾਨ, ਦੋ ਬੱਚਿਆਂ ਦੇ ਜਨਮ ਵਿਚਾਲੇ ਵਾਜਬ ਅੰਤਰਾਲ, ਪਰਿਵਾਰ ਨਿਯੋਜਨ ਵਿਚ ਮਰਦਾਂ ਦੀ ਹਿੱਸੇਦਾਰੀ, ਗਰਭਪਾਤ ਤੋਂ ਬਾਅਦ ਪਰਿਵਾਰ ਨਿਯੋਜਨ ਸਮੇਤ ਵੱਖ-ਵੱਖ ਵਿਸ਼ਿਆਂ ‘ਤੇ ਜਾਣਕਾਰੀ ਦਿਤੀ ਜਾਵੇਗੀ। ਉਨ੍ਹਾਂ ਦਸਿਆ ਕਿ ਇਸ ਵਾਰ ਦੇ ਵਿਸ਼ਵ ਆਬਾਦੀ ਦਿਵਸ ਦਾ ਨਾਹਰਾ ਹੈ-‘ਪਰਿਵਾਰ ਨਿਯੋਜਨ ਦਾ ਅਪਣਾਉ ਉਪਾਏ, ਲਿਖੋ ਤਰੱਕੀ ਦਾ ਨਵਾਂ ਅਧਿਆਏ।‘
ਪਹਿਲੇ ਪੰਦਰਵਾੜੇ ਦੌਰਾਨ ਜਾਗਰੂਕਤਾ ਗਤੀਵਿਧੀਆਂ ਕਰਨ ਦੇ ਨਾਲ-ਨਾਲ ਯੋਗ ਜੋੜਿਆਂ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਪਰਿਵਾਰ ਨਿਯੋਜਨ ਦੇ ਪੱਕੇ ਸਾਧਨ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਜਦਕਿ ਦੂਜੇ ਪੰਦਰਵਾੜੇ ਦੌਰਾਨ ਨਲਬੰਦੀ ਅਤੇ ਨਸਬੰਦੀ ਦੇ ਮੁਫ਼ਤ ਅਪਰੇਸ਼ਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ ਮੁਖੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਿਹਤ ਕੇਂਦਰਾਂ ਵਿੱਚ ਪਰਿਵਾਰ ਨਿਯੋਜਨ ਦੇ ਵੱਖ-ਵੱਖ ਢੰਗ ਤਰੀਕੇ ਅਤੇ ਸਾਧਨ ਮੁਹੱਈਆ ਕਰਵਾਏ ਜਾਂਦੇ ਹਨ।
ਉਨ੍ਹਾਂ ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਦੇ ਪੱਕੇ ਅਤੇ ਕੱਚੇ ਸਾਧਨ ਜਿਵੇਂ ਨਸਬੰਦੀ, ਨਲਬੰਦੀ, ਗਰਭ-ਰੋਕੂ ਅੰਤਰਾ ਟੀਕਾ, ਛਾਇਆ ਗੋਲੀ, ਕਾਪਰ-ਟੀ, ਗੋਲੀਆਂ ਅਤੇ ਕੰਡੋਮ ਅਪਣਾਉਣ ਲਈ ਆਪਣੇ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਵਿਚ ਜਾਣ ਦੀ ਅਪੀਲ ਕੀਤੀ।
ਸਿਵਲ ਸਰਜਨ ਨੇ ਕਿਹਾ ਕਿ ਕੁਦਰਤ ਦੇ ਵਿਨਾਸ਼ ਨੂੰ ਰੋਕਣ ਲਈ ਆਬਾਦੀ ਨੂੰ ਕੰਟਰੋਲ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਚੰਗੇ ਅਤੇ ਸਿਹਤਮੰਦ ਸਮਾਜ ਦੇ ਨਿਰਮਾਣ ਲਈ ਆਬਾਦੀ ‘ਤੇ ਕਾਬੂ ਪਾਉਣ ਬਹੁਤ ਜ਼ਰੂਰੀ ਹੈ ਅਤੇ ਸਾਨੂੰ ਸਾਰਿਆਂ ਨੂੰ ਇਕੱਠਿਆਂ ਮਿਲ ਕੇ ਵਧ ਰਹੀ ਆਬਾਦੀ ਨੂੰ ਰੋਕਣ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਿਵੇਂ ਜਿਵੇਂ ਆਬਾਦੀ ਵਧੇਗੀ, ਸਾਡੇ ਦੇਸ਼ ਦੇ ਕੁਦਰਤੀ ਸੋਮੇ ਪਾਣੀ, ਅਨਾਜ ਅਤੇ ਹੋਰ ਚੀਜ਼ਾਂ ਦੀ ਕਮੀ ਦਾ ਸਾਹਮਣਾ ਕਰਨਾ ਪਵੇਗਾ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …