
ਵਿਵਾਦਿਤ ਕਿਤਾਬ: ਸਿੱਖਿਆ ਬੋਰਡ ਦੇ ਗੇਟ ਬੰਦ ਕਰਕੇ ਵਿਸ਼ਾਲ ਰੋਸ ਮੁਜ਼ਾਹਰਾ, ਹੁਕਮਰਾਨਾਂ ਨੂੰ ਰੱਜ ਕੇ ਕੋਸਿਆ
ਸਕੂਲ ਬੋਰਡ ਦੇ ਬਾਹਰ ਲੜੀਵਾਰ ਧਰਨਾ 80ਵੇਂ ਦਿਨ ਵਿੱਚ ਦਾਖ਼ਲ, ਸਰਕਾਰ ਨੇ ਹੁਣ ਤੱਕ ਨਹੀਂ ਲਈ ਸਾਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਪਰੈਲ:
ਪੰਜਾਬ ਦੇ ਸਕੂਲਾਂ ਵਿੱਚ ਇਤਿਹਾਸ ਦੀ ਵਿਵਾਦਿਤ ਕਿਤਾਬ ਪੜਾਉਣ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਇਤਿਹਾਸ ਬਚਾਓ-ਸਿੱਖੀ ਬਚਾਓ ਮੋਰਚਾ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ (ਸਿਰਸਾ) ਦੇ ਪ੍ਰਧਾਨ ਅਤੇ ਸਿੱਖ ਆਗੂ ਜਥੇਦਾਰ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਮੁੱਖ ਗੇਟ ਸਮੇਤ ਬਾਕੀ ਸਾਰੇ ਗੇਟ ਬੰਦ ਕਰਕੇ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਅਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਧਰਨਾਕਾਰੀਆਂ ਨੇ ਗੇਟ ਬੰਦ ਕਰਕੇ ਸਤਿਨਾਮ ਵਾਹਿਗੁਰੂ ਦਾ ਜਾਪ ਸ਼ੁਰੂ ਕਰ ਦਿੱਤਾ।
ਉਧਰ, ਸਕੂਲ ਬੋਰਡ ਦੇ ਬਾਹਰ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਬੁੱਧਵਾਰ ਨੂੰ 80ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਪ੍ਰਦਰਸ਼ਨਕਾਰੀਆਂ ਦੀ ਇਸ ਕਾਰਵਾਈ ਦੇ ਚੱਲਦਿਆਂ ਸਿੱਖਿਆ ਬੋਰਡ ਦੇ ਦਫ਼ਤਰੀ ਮੁਲਾਜ਼ਮਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਹੀ ਨਹੀਂ ਸਾਲਾਨਾ ਪ੍ਰੀਖਿਆਵਾਂ ਦੇ ਮੱਦੇਨਜ਼ਰ ਆਪਣੇ ਰੋਲ ਨੰਬਰ ਲੈਣ ਅਤੇ ਕੰਮਾਂ ਕਾਰਾਂ ਲਈ ਬੋਰਡ ਦਫ਼ਤਰ ਪਹੁੰਚੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੀ ਕਾਫ਼ੀ ਪ੍ਰੇਸ਼ਾਨੀ ਝੱਲਣੀ ਪਈ। ਇਸ ਮੌਕੇ ਅਦਾਕਾਰ ਅਮਿਤੋਜ ਮਾਨ, ਬੀਬੀ ਗੁਰਜੀਤ ਕੌਰ, ਕੁਲਵਿੰਦਰ ਸਿੰਘ ਪੰਜੋਲਾ, ਸੁਖਦੇਵ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਡੂੰਘੀ ਸਾਜ਼ਿਸ਼ ਦੇ ਤਹਿਤ ਪਾਠ-ਪੁਸਤਕਾਂ ਸਿੱਖ ਗੁਰੂਆਂ ਅਤੇ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਦੋਸ਼ ਲਾਇਆ।
ਇਸ ਮੌਕੇ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਪੱਕੇ ਤੌਰ ’ਤੇ ਬੋਰਡ ਦਾ ਮੁੱਖ ਗੇਟ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਸੀ ਪ੍ਰੰਤੂ ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋਣ ਕਾਰਨ ਅਗਲੇ ਹੁਕਮਾਂ ਤੱਕ ਅੱਜ ਵਾਲਾ ਪ੍ਰਦਰਸ਼ਨ (ਗੇਟ ਬੰਦ ਕਰਨ ਵਾਲਾ ਪ੍ਰਦਰਸ਼ਨ) ਜਲਦੀ ਖ਼ਤਮ ਕੀਤਾ ਗਿਆ। ਉਂਜ ਮੰਗਾਂ ਮੰਗਾਂ ਮੰਨਣ ਤੱਕ ਪਹਿਲਾਂ ਵਾਂਗ ਬੋਰਡ ਦੇ ਬਾਹਰ ਲੜੀਵਾਰ ਧਰਨਾ ਜਾਰੀ ਰਹੇਗਾ। ਪ੍ਰੰਤੂ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ 3 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਦਿੱਲੀ ਵਿੱਚ ਹੋਣ ਵਾਲੀ ਮੀਟਿੰਗ ਦੌਰਾਨ ਇਹ ਮਸਲਾ ਚੁੱਕਿਆ ਜਾਵੇਗਾ ਅਤੇ ਸਿੱਖ ਇਤਿਹਾਸ ਨੂੰ ਬਚਾਉਣ ਲਈ ਤਿੱਖਾ ਸੰਘਰਸ਼ ਵਿੱਢਣ ਦੀ ਰੂਪਰੇਖਾ ਉਲੀਕੀ ਜਾਵੇਗੀ।

ਅੱਜ ਧਰਨਾ ਪ੍ਰਦਰਸ਼ਨ ਦੌਰਾਨ ਲੰਗਰ ਦੀ ਸੇਵਾ ਕਿਸਾਨ ਸ਼ਹੀਦ ਸਮਾਰਕ ਪਿੰਡ ਝੱਜ (ਸ੍ਰੀ ਅਨੰਦਪੁਰ ਸਾਹਿਬ) ਵੱਲੋਂ ਕੀਤੀ ਗਈ। ਕਰਮ ਸਿੰਘ ਚੁੰਨੀ, ਡਾ. ਕਰਮ ਸਿੰਘ, ਸਮਾਜ ਸੇਵੀ ਗੁਰਨਾਮ ਸਿੰਘ, ਵਕੀਲ ਸਿੰਘ ਬਰਾੜ, ਜਤਿੰਦਰ ਸਿੰਘ ਹੁਸ਼ਿਆਰਪੁਰ, ਜਤਿੰਦਰਪਾਲ ਸਿੰਘ ਪਟਿਆਲਾ, ਬਾਪੂ ਲਾਭ ਸਿੰਘ, ਸੁਖਚੈਨ ਸਿੰਘ ਚਿੱਲਾ, ਸੁਖਦੇਵ ਸਿੰਘ, ਸੋਹਣ ਸਿੰਘ, ਗੁਰਪ੍ਰੀਤ ਸਿੰਘ ਕਾਲਾ, ਮਾ. ਲਖਵਿੰਦਰ ਸਿੰਘ ਅਤੇ ਬੀਐਸ ਕੰਗ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਮੰਗ ਕੀਤੀ ਕਿ ਬਾਰ੍ਹਵੀਂ ਸ਼੍ਰੇਣੀ ਲਈ ਪਾਬੰਦੀਸ਼ੁਦਾ ਕਿਤਾਬਾਂ ਵਿੱਚ ਸਿੱਖ ਇਤਿਹਾਸ ਨੂੰ ਤੋੜ-ਮਰੋੜ, ਪੰਜਾਬ ਦੇ ਇਤਿਹਾਸ ਨੂੰ ਵਿਗਾੜ ਕੇ ਛਾਪੀਆਂ ਗਈਆਂ ਕਿਤਾਬਾਂ ਲੇਖਕ, ਪ੍ਰਿੰਟਿੰਗ ਪ੍ਰੈਸਾਂ ਅਤੇ ਜ਼ਿੰਮੇਵਾਰ ਅਫ਼ਸਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।