
ਵਿਵਾਦਿਤ ਕਿਤਾਬ: ਲੇਖਕਾਂ ਤੇ ਪਬਲਿਸ਼ਰਾਂ ਖ਼ਿਲਾਫ਼ ਕੇਸ ਦਰਜ ਕਰਨ ਲਈ 11 ਦਿਨ ਦਾ ਅਲਟੀਮੇਟਮ
16 ਮਈ ਤੋਂ ਪੱਕੇ ਤੌਰ ’ਤੇ ਸਿੱਖਿਆ ਬੋਰਡ ਦੇ ਗੇਟਾਂ ਦੀ ਕੀਤੀ ਜਾਵੇਗੀ ਤਾਲਾਬੰਦੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਈ:
ਪੰਜਾਬ ਦੇ ਸਕੂਲਾਂ ਵਿੱਚ ਬਾਰ੍ਹਵੀਂ ਜਮਾਤ ਲਈ ਇਤਿਹਾਸ ਦੀ ਵਿਵਾਦਿਤ ਪੁਸਤਕ ਪੜਾਉਣ ਅਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਨਾ ਹੋਣ ਕਾਰਨ ਨਾਨਕ ਲੇਵਾ ਸੰਗਤ ਵਿੱਚ ਲਗਾਤਾਰ ਰੋਹ ਭਖਦਾ ਜਾ ਰਿਹਾ ਹੈ। ਉਧਰ, ਇਤਿਹਾਸ ਬਚਾਓ-ਸਿੱਖੀ ਬਚਾਓ ਮੋਰਚਾ ਤਹਿਤ ਭਾਰਤੀ ਕਿਸਾਨ ਯੂਨੀਅਨ (ਸਿਰਸਾ) ਦੇ ਪ੍ਰਧਾਨ ਅਤੇ ਸਿੱਖ ਆਗੂ ਜਥੇਦਾਰ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਸਿੱਖਿਆ ਬੋਰਡ ਦੇ ਬਾਹਰ ਦਿੱਤਾ ਜਾ ਰਿਹਾ ਲੜੀਵਾਰ ਧਰਨਾ ਬੁੱਧਵਾਰ ਨੂੰ 87ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਲੇਖਕਾਂ ਅਤੇ ਪਬਲਿਸ਼ਰਾਂ ਦੇ ਖ਼ਿਲਾਫ਼ ਐਫ਼ਆਈਆਰ ਦਰਜ ਕਰਵਾਉਣ ਦੇ ਆਦੇਸ਼ ਦਿੱਤੇ ਗਏ ਸਨ ਪ੍ਰੰਤੂ ਹੁਣ ਤੱਕ ਪੁਲੀਸ ਕੇਸ ਦਰਜ ਕੀਤਾ ਗਿਆ।
ਜਥੇਦਾਰ ਸਿਰਸਾ ਨੇ ਪੰਜਾਬ ਸਰਕਾਰ ਅਤੇ ਪੁਲੀਸ ਨੂੰ 15 ਮਈ ਤੱਕ ਦਾ ਅਲਟੀਮੇਟਮ ਦਿੰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਦੌਰਾਨ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਪਰਚਾ ਦਰਜ ਨਾ ਕੀਤਾ ਗਿਆ ਤਾਂ 16 ਮਈ ਨੂੰ ਦਫ਼ਤਰ ਖੁੱਲ੍ਹਣ ਤੋਂ ਪਹਿਲਾਂ ਹੀ ਸਵੇਰੇ 8 ਵਜੇ ਸਿੱਖਿਆ ਬੋਰਡ ਦੇ ਸਾਰੇ ਐਂਟਰੀ ਗੇਟਾਂ ਦੀ ਤਾਲਾਬੰਦੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਲਾਨਾ ਪ੍ਰੀਖਿਆਵਾਂ ਕਾਰਨ ਉਹ ਅਜਿਹਾ ਕੋਈ ਕਦਮ ਚੁੱਕਣਾ ਨਹੀਂ ਚਾਹੁੰਦੇ ਸੀ ਪਰ ਸਰਕਾਰ ਨੇ ਉਨ੍ਹਾਂ ਨੂੰ ਤਿੱਖਾ ਐਕਸ਼ਨ ਕਰਨ ਲਈ ਮਜਬੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਤਾਲਾਬੰਦੀ ਦੌਰਾਨ ਪੈਦਾ ਹੋਣ ਵਾਲੇ ਹਾਲਾਤਾਂ ਲਈ ਸੂਬਾ ਸਰਕਾਰ ਅਤੇ ਪੰਜਾਬ ਪੁਲੀਸ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਵੇਗੀ।
ਜਥੇਦਾਰ ਸਿਰਸਾ ਨੇ ਦੱਸਿਆ ਕਿ ਭਾਵੇਂ ਅੱਜ ਪੜਤਾਲੀਆ ਅਫ਼ਸਰ ਵੱਲੋਂ ਪ੍ਰਕਾਸ਼ਕਾਂ ਅਤੇ ਲੇਖਕਾਂ ਨੂੰ ਤਲਬ ਕੀਤਾ ਗਿਆ ਸੀ ਪਰ ਸ਼ਾਮ ਤੱਕ ਕੋਈ ਵਧੀਆ ਕਾਰਗੁਜ਼ਾਰੀ ਨਜ਼ਰ ਨਹੀਂ ਆਈ। ਜਿਸ ਦੇ ਮੱਦੇਨਜ਼ਰ ਕਿਸਾਨ ਸੰਗਠਨਾਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਸਮੇਤ ਸਮੂਹ ਇਨਸਾਫ਼ ਪਸੰਦ ਲੋਕਾਂ ਦੀ ਸਹਿਮਤੀ ਨਾਲ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਫੈਸਲਾ ਲਿਆ ਗਿਆ ਹੈ ਤਾਂ ਜੋ ਸਿੱਖ ਗੁਰੂਆਂ ਅਤੇ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪਾਠਕ੍ਰਮ ਵਿੱਚ ਸ਼ਾਮਲ ਕਰਨ ਵਾਲੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਨ ਲਈ ਦਬਾਅ ਪਾਇਆ ਜਾ ਸਕੇ।