nabaz-e-punjab.com

ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ ਗੁਰਦੁਆਰਾ ਕਲਗੀਧਰ ਸਿੰਘ ਸਭਾ ਦਾ ਵਿਵਾਦ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਾਰ ਮੈਂਬਰੀ ਕਮੇਟੀ ਦੇ ਗਠਨ ਮਗਰੋਂ ਵਿਵਾਦ ਹੋਰ ਭਖਿਆ

ਗੁਰਦੁਆਰਾ ਪ੍ਰਬੰਧ ਦਾ ਕਬਜ਼ਾ ਲੈਣਾ ਅਦਾਲਤ ਦੇ ਹੁਕਮਾਂ ਦੀ ਉਲੰਘਣਾ: ਜੇਪੀ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੁਲਾਈ:
ਇੱਥੋਂ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਦਾ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਹਾਲਾਂਕਿ ਬੀਤੀ 7 ਜੁਲਾਈ ਨੂੰ ਮੁਹਾਲੀ ਅਦਾਲਤ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਦੀ ਅਰਜ਼ੀ ’ਤੇ ਸੁਣਵਾਈ ਕਰਦਿਆਂ ਕਾਂਗਰਸੀ ਆਗੂ ਜਸਪਾਲ ਸਿੰਘ ਅਤੇ ਉਸਦੇ ਸਾਥੀਆਂ ’ਤੇ ਗੁਰਦੁਆਰਾ ਪ੍ਰਬੰਧ ਵਿੱਚ ਕਿਸੇ ਕਿਸਮ ਦੀ ਦਖ਼ਲਅੰਦਾਜ਼ੀ ਕਰਨ ’ਤੇ ਰੋਕ ਲਗਾਈ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 18 ਜੁਲਾਈ ਨੂੰ ਹੋਣੀ ਹੈ ਪ੍ਰੰਤੂ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸੁਪਰਡੈਂਟ ਵੱਲੋਂ ਇੱਕ ਚਿੱਠੀ ਜਾਰੀ ਕਰਨ ਨਾਲ ਇਹ ਮਾਮਲਾ ਫਿਰ ਤੋਂ ਭਖ ਗਿਆ ਹੈ।
ਐਸਜੀਪੀਸੀ ਦੇ ਪੱਤਰ ਵਿੱਚ ਸੰਗਤ ਦੀ ਸ਼ਿਕਾਇਤ ਦਾ ਹਵਾਲਾ ਦਿੰਦੇ ਹੋਏ ਗੁਰਦੁਆਰਾ ਸਾਹਿਬ ਦਾ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਨੂੰ ਦੇਣ ਦੀ ਮੰਗ ’ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਹੁਕਮਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਦੀ ਅਗਵਾਈ ਹੇਠ ਚਾਰ ਮੈਂਬਰੀ ਵਿਸ਼ੇਸ਼ ਕਮੇਟੀ ਬਣਾਈ ਗਈ ਹੈ। ਜਿਸ ਵਿੱਚ ਐਸਜੀਪੀਸੀ ਦੇ ਵਧੀਕ ਸਕੱਤਰ ਸੁਖਵਿੰਦਰ ਸਿੰਘ, ਪਟਿਆਲਾ ਜ਼ਿਲ੍ਹੇ ਦੇ ਦੋ ਮੈਂਬਰ ਜਸਮੇਰ ਸਿੰਘ ਲਾਛੜੂ ਤੇ ਜਰਨੈਲ ਸਿੰਘ ਕਰਤਾਰਪੁਰ ਸ਼ਾਮਲ ਹਨ। ਪੱਤਰ ਵਿੱਚ ਐਸਜੀਪੀਸੀ ਦੇ ਮੈਨੇਜਰ ਨੂੰ ਗੁਰਦੁਆਰਾ ਫੇਜ਼-4 ਦਾ ਪ੍ਰਬੰਧ ਸੰਭਾਲਣ ਲਈ ਕਿਹਾ ਗਿਆ ਹੈ। ਉਧਰ, ਪੀੜਤ ਪੱਤਰਕਾਰ ਮੇਜਰ ਸਿੰਘ ਪੰਜਾਬੀ ਨੂੰ ਵੀ ਅਦਾਲਤੀ ਸੰਮਨ ਸੌਂਪੇ ਗਏ ਹਨ। ਦੱਯਣਯੋਗ ਹੈ ਕਿ ਗੁਰਦੁਆਰਾ ਵਿਵਾਦ ਦੌਰਾਨ ਥਾਣੇ ਲਿਜਾ ਕੇ ਪੱਤਰਕਾਰ ’ਤੇ ਅੰਨ੍ਹੇਵਾਹ ਤਸ਼ੱਦਦ ਢਾਹਿਆ ਗਿਆ ਸੀ।
ਇਸ ਸਬੰਧੀ ਗੁਰਦੁਆਰਾ ਕਲਗੀਧਰ ਸਭਾ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਨੇ ਰੂਪਨਗਰ ਦੇ ਆਈਜੀ ਸਮੇਤ ਮੁਹਾਲੀ ਦੇ ਡਿਪਟੀ ਕਮਿਸ਼ਨਰ, ਐਸਐਸਪੀ, ਐਸਡੀਐਮ ਅਤੇ ਐਸਐਚਓ ਨੂੰ ਪੱਤਰ ਲਿਖ ਕੇ ਸ਼ਿਕਾਇਤ ਭੇਜੀ ਗਈ ਹੈ ਕਿ ਅਦਾਲਤ ਵੱਲੋਂ ਗੁਰਦੁਆਰਾ ਪ੍ਰਬੰਧ ਵਿੱਚ ਕਿਸੇ ਕਿਸਮ ਦੀ ਦਖ਼ਲਅੰਦਾਜ਼ੀ ’ਤੇ ਰੋਕ ਲਗਾਏ ਜਾਣ ਦੇ ਬਾਵਜੂਦ ਕੁਝ ਹਥਿਆਰਬੰਦ ਵਿਅਕਤੀਆਂ ਨੇ ਪਿਛਲੀ ਰਾਤ ਗੁਰਦੁਆਰਾ ਸਾਹਿਬ ਪਹੁੰਚ ਕੇ ਕਥਿਤ ਤੌਰ ’ਤੇ ਕਬਜ਼ਾ ਲੈਣ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਗੁਰਦੁਆਰਾ ਸਾਹਿਬ ਦੇ ਨੋਟਿਸ ਬੋਰਡ ’ਤੇ ਚਿਪਕਾਏ ਗਏ ਅਦਾਲਤੀ ਹੁਕਮਾਂ ਦੀ ਕਾਪੀ ਵੀ ਫਾੜ ਕੇ ਸੁੱਟ ਦਿੱਤੀ ਗਈ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਤੋਂ ਮੰਗ ਕੀਤੀ ਕਿ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਵਾਈ ਜਾਵੇ।
(ਬਾਕਸ ਆਈਟਮ)
ਉਧਰ, ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਮੈਨੇਜਰ ਰਾਜਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਗੁਰਦੁਆਰਾ ਅੰਬ ਸਾਹਿਬ ਜਾਂ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਸੇਵਾਦਾਰ ਗੁਰਦੁਆਰਾ ਫੇਜ਼-4 ਵਿੱਚ ਨਹੀਂ ਗਿਆ ਹੈ। ਜੇਕਰ ਗੁਰਦੁਆਰੇ ਵਿੱਚ ਕੁਝ ਹੋਇਆ ਹੈ ਤਾਂ ਉਹ ਸੰਗਤ ਦੀ ਕਾਰਵਾਈ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਵਿਵਾਦ ਦੇ ਹੱਲ ਲਈ ਐਸਜੀਪੀਸੀ ਵੱਲੋਂ ਚਾਰ ਮੈਂਬਰੀ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ਦੀ ਸੋਮਵਾਰ ਨੂੰ ਮੀਟਿੰਗ ਹੋਣੀ ਹੈ। ਇਸ ਤੋਂ ਬਾਅਦ ਹੀ ਸੰਗਤ ਦੀਆਂ ਭਾਵਨਾਵਾਂ ਅਤੇ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਈ ਢੁਕਵਾਂ ਫੈਸਲਾ ਲਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…