
ਜੁਰਮ ਨੂੰ ਠੱਲ੍ਹ ਪਾਉਣ ਲਈ ਗੁਆਂਢੀ ਸੂਬਿਆਂ ਨਾਲ ਤਾਲਮੇਲ ਬੇਹੱਦ ਜ਼ਰੂਰੀ: ਡੀਆਈਜੀ ਭੁੱਲਰ
ਸੀਨੀਅਰ ਆਈਪੀਐਸ ਹਰਚਰਨ ਸਿੰਘ ਭੁੱਲਰ ਨੇ ਰੂਪਨਗਰ ਰੇਂਜ ਦੇ ਡੀਆਈਜੀ ਵਜੋਂ ਅਹੁਦਾ ਸੰਭਾਲਿਆ
ਨਬਜ਼-ਏ-ਪੰਜਾਬ, ਮੁਹਾਲੀ, 27 ਨਵੰਬਰ:
ਸੀਨੀਅਰ ਆਈਪੀਐਸ ਅਧਿਕਾਰੀ ਹਰਚਰਨ ਸਿੰਘ ਭੁੱਲਰ ਨੇ ਅੱਜ ਮੁਹਾਲੀ ਵਿਖੇ ਰੂਪਨਗਰ ਰੇਂਜ ਦੇ ਡੀਆਈਜੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਦੌਰਾਨ ਉਨ੍ਹਾਂ ਕਿਹਾ ਕਿ ਮੁਹਾਲੀ ਸਮੇਤ ਰੂਪਨਗਰ ਰੇਂਜ ਵਿੱਚ ਜੁਰਮ ਨੂੰ ਠੱਲ੍ਹ ਪਾਉਣ ਲਈ ਗੁਆਂਢੀ ਸੂਬਿਆਂ (ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼) ਪੁਲੀਸ ਨਾਲ ਮਹੀਨਾਵਾਰ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਅਪਰਾਧੀਆਂ ਬਾਰੇ ਜਾਣਕਾਰੀ ਇੱਕ ਦੂਜੇ ਨਾਲ ਸਾਂਝੀ ਕੀਤੀ ਜਾ ਸਕੇ।
ਸ੍ਰੀ ਭੁੱਲਰ ਨੇ ਕਿਹਾ ਕਿ ਪੁਲੀਸ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੁਲੀਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ ਅਤੇ ਨਸ਼ਿਆਂ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਮੁਹਾਲੀ ਜ਼ਿਲ੍ਹੇ ਦੀਆਂ ਸਮੱਸਿਆਵਾਂ ਅਤੇ ਚੱਪੇ ਚੱਪੇ ਤੋਂ ਵਾਕਿਫ਼ ਹਨ। ਇਸ ਤੋਂ ਪਹਿਲਾਂ ਉਹ ਇੱਥੇ ਡੀਐਸਪੀ, ਐਸਪੀ, ਐੱਸਐੱਸਪੀ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਇਨਸਾਫ਼ ਦਿਵਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੋਵੇਗਾ। ਇਸ ਦੌਰਾਨ ਕਿਸੇ ਨਾਲ ਵੀ ਬੇਇਨਸਾਫ਼ੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨਾਲ ਨੇੜਤਾ ਕਾਇਮ ਕਰਨ ਲਈ ਪੁਲੀਸ ਪਬਲਿਕ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਮਾੜੇ ਅਨਸਰਾਂ ਸਬੰਧੀ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲੀਸ ਨੂੰ ਸੂਚਨਾ ਦੇਣ ਤਾਂ ਜੋ ਅਪਰਾਧ ਨੂੰ ਖ਼ਤਮ ਕੀਤਾ ਜਾ ਸਕੇ।
ਟਰੈਵਲ ਏਜੰਟਾਂ ਦੀ ਧੋਖਾਧੜੀ ਦੇ ਮਾਮਲਿਆਂ ਸਬੰਧੀ ਪੁੱਛੇ ਜਾਣ ’ਤੇ ਡੀਆਈਜੀ ਭੁੱਲਰ ਨੇ ਕਿਹਾ ਕਿ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਭੋਲੇ-ਭਾਲੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਐੱਸਐੱਸਪੀ ਦੀਪਕ ਪਾਰਿਕ ਵੀ ਮੌਜੂਦ ਸਨ।