
ਅਕਾਲੀ ਦਲ ਦੀ ਮੋਗਾ ਰੈਲੀ ਲਈ ਵਰਕਰਾਂ ਦੀ ਲਾਮਬੰਦੀ ਲਈ ਪਿੰਡਾਂ ’ਚ ਨੁੱਕੜ ਮੀਟਿੰਗਾਂ
ਮੋਗਾ ਰੈਲੀ ਵਿੱਚ ਸ਼ਾਮਲ ਹੋਣ ਲਈ ਮੁਹਾਲੀ ਤੋਂ ਰਵਾਨਾ ਹੋਵੇਗਾ ਅਕਾਲੀ ਦਲ ਦਾ ਵੱਡਾ ਜਥਾ: ਪਰਵਿੰਦਰ ਸੋਹਾਣਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਦਸੰਬਰ:
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ 14 ਦਸੰਬਰ ਨੂੰ ਮੋਗਾ ਵਿੱਚ ਕੀਤੀ ਜਾਣ ਵਾਲੀ ਵਿਸ਼ਾਲ ਮਹਾ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਮੁਹਾਲੀ ਤੋਂ ਅਕਾਲੀ ਆਗੂਆਂ ਅਤੇ ਸਰਗਰਮ ਵਰਕਰਾਂ ਇੱਕ ਵੱਡਾ ਜਥਾ ਰਵਾਨਾ ਹੋਵੇਗਾ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਦੱਸਿਆ ਕਿ 14 ਦਸੰਬਰ ਨੂੰ ਜ਼ਿਲ੍ਹਾ ਅਦਾਲਤ ਕੰਪਲੈਕਸ ਦੇ ਬਾਹਰੋਂ ਅਕਾਲੀ ਦਲ ਦਾ ਵੱਡਾ ਜਥਾ ਮੋਗਾ ਰੈਲੀ ਲਈ ਰਵਾਨਾ ਹੋਵੇਗਾ।
ਉਨ੍ਹਾਂ ਦੱਸਿਆ ਕਿ ਮੋਗਾ ਰੈਲੀ ਵਿੱਚ ਸ਼ਾਮਲ ਹੋਣ ਲਈ ਮੁਹਾਲੀ ਨੇੜਲੇ ਪਿੰਡਾਂ ਬਲੌਂਗੀ, ਕੁੰਭੜਾ, ਸੋਹਾਣਾ, ਨਾਨੂੰਮਾਜਰਾ, ਸੁੱਖਗੜ੍ਹ, ਚੱਪੜਚਿੜੀ ਸਮੇਤ ਹੋਰ ਕਈ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕਰਕੇ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਅਤੇ ਅਕਾਲੀ ਵਰਕਰਾਂ ਵਿੱਚ ਰੈਲੀ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਮੋਗਾ ਰੈਲੀ ਇਤਿਹਾਸਕ ਰੈਲੀ ਹੋਵੇਗੀ। ਉਨ੍ਹਾਂ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਅਕਾਲੀ ਦਲ ਦੀ ਰੈਲੀ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਿੰਘ ਬਲੌਂਗੀ, ਰੁਸਮ ਸਿੰਘ ਸਰਪੰਚ ਹਰਲਾਲਪੁਰ, ਸੰਦੀਪ ਸਿੰਘ ਚੱਪੜਚਿੜੀ, ਕਰਮਜੀਤ ਸਿੰਘ ਮੌਲੀ ਬੈਦਵਾਨ, ਬਲਜੀਤ ਸਿੰਘ ਦੈੜੀ, ਪਹਿਲਵਾਨ ਅਮਨ ਪੂਨੀਆ ਵੀ ਹਾਜ਼ਰ ਸਨ।