
ਕਰੋਨਾ ਦੀ ਦਸਤਕ: ਸਰਕਾਰੀ ਹਸਪਤਾਲ ਵਿੱਚ ਆਈਸੋਲੇਸ਼ਨ ਵਾਰਡ ਤੇ 20 ਬੈੱਡਾਂ ਦਾ ਪ੍ਰਬੰਧ
ਡੀਸੀ ਨੇ ਕੋਵਿਡ ਸਬੰਧੀ ਮੌਕ ਡਰਿੱਲ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ, ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ
ਆਸ਼ਿਕਾ ਜੈਨ ਵੱਲੋਂ ਸਿਹਤ ਵਿਭਾਗ ਨੂੰ ਕੋਵਿਡ ਟੈਸਟਿੰਗ ਵਧਾਉਣ ਤੇ ਪ੍ਰਬੰਧ ਕਾਰਨ ਦੇ ਆਦੇਸ਼
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਪਰੈਲ:
ਕਰੋਨਾ ਮਹਾਮਾਰੀ ਨੇ ਮੁਹਾਲੀ ਵਿੱਚ ਦਸਤਕ ਦੇ ਦਿੱਤੀ ਹੈ। ਸਿਹਤ ਵਿਭਾਗ ਵੱਲੋਂ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ ਆਈਸੋਲੇਸ਼ਨ ਵਾਰਡ ਬਣਾਉਣ ਸਮੇਤ ਅਤੇ 20 ਬੈੱਡਾਂ ਦੀ ਵਿਵਸਥਾ ਕੀਤੀ ਗਈ ਹੈ। ਐਸਐਮਓ ਡਾ. ਐਚਐਸਚੀਮਾ ਨੇ ਦੱਸਿਆ ਕਿ ਮੁਹਾਲੀ ਵਿੱਚ ਹੁਣ ਤੱਕ ਕਰੋਨਾ ਪਾਜ਼ੇਟਿਵ ਤਿੰਨ ਨਵੇਂ ਕੇਸ ਆ ਚੁੱਕੇ ਹਨ। ਜਿਨ੍ਹਾਂ ’ਚੋਂ ਦੋ ਮਰੀਜ਼ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ ਹਨ ਜਦੋਂਕਿ ਇੱਕ ਪੀੜਤ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਵਾਰਡ ਵਿੱਚ 24 ਘੰਟੇ ਸਟਾਫ਼ ਤਾਇਨਾਤ ਰਹੇਗਾ ਅਤੇ ਦਵਾਈਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਰੋਜ਼ਾਨਾ 150 ਤੋਂ ਵੱਧ ਕੋਵਿਡ ਟੈੱਸਟ ਕੀਤੇ ਜਾ ਰਹੇ ਹਨ ਅਤੇ ਭਲਕੇ 11 ਅਪਰੈਲ ਨੂੰ ਸਵੇਰੇ 11 ਵਜੇ ਕੋਵਿਡ ਸਬੰਧੀ ਮੌਕ ਡਰਿੱਲ ਕੀਤੀ ਜਾਵੇਗੀ।
ਉਧਰ, ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੋਵਿਡ ਤੋਂ ਬਚਾਅ ਲਈ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਅੱਜ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੋਵਿਡ ਸਬੰਧੀ ਮੌਕ ਡਰਿੱਲ ਦੀਆਂ ਤਿਆਰੀ ਦਾ ਜਾਇਜ਼ਾ ਲਿਆ। ਉਨ੍ਹਾਂ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ’ਤੇ ਜ਼ੋਰ ਦਿੰਦਿਆਂ ਲੋਕਾਂ ਨੂੰ ਭੀੜ ਭੜੱਕੇ ਵਾਲੀਆਂ ਥਾਵਾਂ ’ਤੇ ਜਾਣ ਤੋਂ ਪ੍ਰਹੇਜ਼ ਕਰਨ ਅਤੇ ਮਾਸਕ ਪਾਉਣ ਦੀ ਸਲਾਹ ਦਿੱਤੀ ਹੈ। ਡੀਸੀ ਨੇ ਸਾਰੀਆਂ ਵਿੱਦਿਅਕ ਸੰਸਥਾਵਾਂ, ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ ਅਤੇ ਅੰਦਰੂਨੀ ਤੇ ਬਾਹਰੀ ਇਕੱਠਾਂ, ਮਾਲਜ਼, ਜਨਤਕ ਥਾਵਾਂ ’ਤੇ ਲੋਕਾਂ ਨੂੰ ਸਾਵਧਾਨੀ ਵਰਤਣ ਅਤੇ ਮੈਡੀਕਲ ਥਾਵਾਂ ’ਤੇ ਮਾਸਕ ਪਾਉਣ ’ਤੇ ਜ਼ੋਰ ਦਿੱਤਾ। ਉਂਜ ਉਨ੍ਹਾਂ ਕਿਹਾ ਕਿ ਫਿਲਹਾਲ ਮੁਹਾਲੀ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਆਮ ਵਰਗੀ ਹੈ। ਲਿਹਾਜ਼ਾ ਲੋਕ ਦਹਿਸ਼ਤ ਵਿੱਚ ਨਾ ਆਉਣ।
ਸ੍ਰੀਮਤੀ ਆਸ਼ਿਕਾ ਜੈਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੈਡੀਕਲ ਆਕਸੀਜਨ ਸਬੰਧੀ ਪਲਾਂਟਾਂ ਦੀਆਂ ਜਾਂਚ ਕਰਕੇ ਸਰਵਿਸ ਕਰਵਾਉਣ ਦੇ ਆਦੇਸ਼ ਜਾਰੀ ਕਰਦਿਆਂ ਲੋਕਾਂ ਨੂੰ ਕਰੋਨਾ ਦੇ ਲੱਛਣ ਸਾਹਮਣੇ ਆਉਣ ’ਤੇ ਤੁਰੰਤ ਕੋਵਿਡ ਟੈੱਸਟ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਸ਼ੱਕ ਹੋਣ ’ਤੇ ਆਰਏਟੀ ਦੀ ਥਾਂ ਆਰਟੀਪੀਸੀਆਰ ਟੈੱਸਟ ਕਰਾਉਣ ਦੀ ਅਪੀਲ ਸਲਾਹ ਦਿੱਤੀ। ਇਸ ਤੋਂ ਇਲਾਵਾ ਸਮਾਜਿਕ ਦੂਰੀ ਬਣਾਉਣ, ਜਨਤਕ ਥਾਵਾਂ ’ਤੇ ਨਾ ਥੁੱਕਣ ਅਤੇ ਹੋਰ ਸਾਵਧਾਨੀਆਂ ਬਾਰੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ।
ਡੀਸੀ ਨੇ ਸਮੂਹ ਹਸਪਤਾਲਾਂ ਵਿੱਚ ਸਰਦੀ-ਜ਼ੁਕਾਮ, ਬਿਮਾਰੀ, ਸਾਹ ਲੈਣ ਵਿੱਚ ਦਿੱਕਤ ਅਤੇ ਲਾਗ ਤੋਂ ਪੀੜਤ ਮਰੀਜ਼ਾਂ ਦੀ ਟੈਸਟਿੰਗ ਵਧਾਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਅਧਿਕਾਰੀਆਂ ਨੂੰ ਕੋਵਿਡ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਸਮੁੱਚੀ ਜੀਨੋਮ ਸਿਕੁਐਂਸਿੰਗ (ਕਰੋਨਾ ਦੇ ਵਿਸ਼ਾਣੂ ਦੀ ਉਤਪਤੀ) ਦਾ ਪਤਾ ਲਗਾਉਣ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਇੰਦਰਪਾਲ, ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਬਰਾੜ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਹਾਜ਼ਰ ਸਨ।