
ਰਿਹਾਇਸ਼ੀ ਸਕੂਲ ਦੇ ਵਿਦਿਆਰਥੀਆਂ ਸਮੇਤ 17 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ
ਜ਼ਿਲ੍ਹਾ ਪ੍ਰਸ਼ਾਸਨ ਨੇ ਸਕੂਲ ਅਥਾਰਟੀ ਦੀ ਅਣਗਹਿਲੀ ਦਾ ਗੰਭੀਰ ਨੋਟਿਸ ਲਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਪਰੈਲ:
ਸਕੂਲ ਦੀ ਰਿਹਾਇਸ਼ ਵਿੱਚ ਰਹਿੰਦੇ ਵਿਦਿਆਰਥੀਆਂ ਵੱਲੋਂ ਦਰਮਿਆਨੇ ਤੋਂ ਤੇਜ਼ ਬੁਖਾਰ ਤੋਂ ਪੀੜਤ ਹੋਣ ਸਬੰਧੀ ਸ਼ਿਕਾਇਤ ਮਿਲਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਵੱਲੋਂ ਤੁਰੰਤ ਹਰਕਤ ਆਉਂਦਿਆਂ ਉੱਥੇ ਰਹਿਣ ਵਾਲਿਆਂ ਦੇ ਕੋਵਿਡ-19 ਟੈਸਟ ਕਰਵਾਉਣ ਲਈ ਇਕ ਵਿਸ਼ੇਸ਼ ਮੈਡੀਕਲ ਟੀਮ ਭੇਜੀ ਗਈ। ਮੁਹਾਲੀ ਨੇੜਲੇ ਪਿੰਡ ਤੰਗੌਰੀ ਸਥਿਤ ਕੈਰੀਅਰ ਪੁਆਇੰਟ ਗੁਰੂਕੁਲ ’ਚੋਂ ਲਏ ਗਏ ਨਮੂਨਿਆਂ ਦੀ ਰਿਪੋਰਟ ਤੋਂ ਪਤਾ ਲੱਗਾ ਹੈ। ਦੇਰ ਸ਼ਾਮ ਤੱਕ ਕੋਵਿਡ ਦੇ 100 ਨਮੂਨਿਆਂ ’ਚੋਂ ਵਿਦਿਆਰਥੀਆਂ ਅਤੇ ਸਟਾਫ਼ ਸਮੇਤ 17 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।
ਅੱਜ ਇੱਥੇ ਦੇਰ ਸ਼ਾਮ ਇਹ ਜਾਣਕਾਰੀ ਸਾਂਝੀ ਕਰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਕਰੋਨਾ ਪਾਜ਼ੇਟਿਵ ਵਿਅਕਤੀਆਂ ਨੂੰ ਕੋਵਿਡ ਕੇਅਰ ਸੈਂਟਰ ਘੜੂੰਆਂ ਵਿੱਚ ਇਕਾਂਤਵਾਸ ਕਰ ਦਿੱਤਾ ਗਿਆ ਹੈ ਜਦਕਿ ਨੈਗਟਿਵ ਪਾਏ ਗਏ ਵਿਅਕਤੀਆਂ ਨੂੰ ਉਨ੍ਹਾਂ ਦੇ ਘਰ ਭੇਜਿਆ ਜਾ ਰਿਹਾ ਹੈ। ਸਕੂਲ ਅਥਾਰਟੀ ਦੀ ਅਣਗਹਿਲੀ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਕੂਲ ਪ੍ਰਸ਼ਾਸਨ ਦਾ ਗੈਰ ਜ਼ਿੰਮੇਵਾਰਨਾ ਵਿਵਹਾਰ ਹੈ। ਸਕੂਲ ਅਥਾਰਟੀ ਵੱਲੋਂ ਕੋਈ ਲੱਛਣ/ਸ਼ੱਕ ਪੈਦਾ ਹੋਣ ’ਤੇ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ/ਰਿਪੋਰਟ ਕਰਨਾ ਚਾਹੀਦਾ ਸੀ। ਉਨ੍ਹਾਂ ਮੁੜ ਦੁਹਰਾਇਆ ਕਿ ਕੋਵਿਡ ਨਾਲ ਸਬੰਧਤ ਕਿਸੇ ਵੀ ਲੱਛਣ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ ਹੈ ਅਤੇ ਕਰੋਨਾ ਵਾਇਰਸ ਦੇ ਫੈਲਾਅ ਤੋਂ ਬਚਣ ਲਈ ਤੁਰੰਤ ਜਾਂਚ ਕੀਤੀ ਜਾਣੀ ਚਾਹੀਦੀ ਹੈ।