ਕਰੋਨਾ ਤੋਂ ਬਚਾਅ ਲਈ ਤੈਅ ਪ੍ਰਕਿਰਿਆ ਮੁਤਾਬਕ ਵੱਧ ਤੋਂ ਵੱਧ ਲੋਕਾਂ ਦੀ ਵੈਕਸੀਨੇਸ਼ਨ ਯਕੀਨੀ ਬਣਾਈ ਜਾਵੇ: ਪ੍ਰਨੀਤ ਕੌਰ

ਹਰ ਯੋਗ ਲਾਭਪਾਤਰੀ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇ: ਮਨੀਸ਼ ਤਿਵਾੜੀ

ਮੁਹਾਲੀ ਜ਼ਿਲ੍ਹੇ ਦੀ ਸਾਫ਼ ਸਫ਼ਾਈ ਯਕੀਨੀ ਬਣਾਉਣ ਅਤੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਪੂਰੇ ਕਰਨ ਦੇ ਆਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਾਰਚ:
ਕਰੋਨਾ ਮਹਾਮਾਰੀ ਤੋਂ ਬਚਾਅ ਸਬੰਧੀ ਕਰੋਨਾ ਵੈਕਸੀਨ ਦਾ ਸਭ ਤੋਂ ਵੱਡਾ ਰੋਲ ਹੈ, ਜਿਸ ਦੇ ਮੱਦੇਨਜ਼ਰ ਤੈਅ ਪ੍ਰਕਿਰਿਆ ਮੁਤਾਬਕ ਵੱਧ ਤੋਂ ਵੱਧ ਲੋਕਾਂ ਦੀ ਵੈਕਸੀਨੇਸ਼ਨ ਯਕੀਨੀ ਬਣਾਈ ਜਾਵੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਵੈਕਸੀਨ ਦੀ ਪਹਿਲੀ ਡੋਜ਼ ਲੈਣ ਵਾਲੇ ਇਸ ਦੀ ਦੂਜੀ ਡੋਜ਼ ਜ਼ਰੂਰ ਲੈਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਇੱਥੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿਸ਼ਾ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਮਹਾਰਾਨੀ ਪ੍ਰਨੀਤ ਕੌਰ ਨੇ ਕਿਹਾ ਕਿ ਲੋਕਾਂ ਨੂੰ ਵੈਕਸੀਨੇਸ਼ਨ ਬਾਰੇ ਜਾਗਰੂਕ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ ਅਤੇ ਨਾਲ ਹੀ ਕਰੋਨਾ ਤੋਂ ਬਚਾਅ ਸਬੰਧੀ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਪਟਿਆਲਾ ਅਧੀਨ ਆਉਂਦੇ ਡੇਰਾਬੱਸੀ ਵਿੱਚ ਗਾਇਨਕੌਲੋਜਿਸਟ ਦੀ ਗਿਣਤੀ ਘੱਟ ਹੋਣ ਸਬੰਧੀ ਜੋ ਵੀ ਦਿੱਕਤਾਂ ਹਨ, ਉਹ ਛੇਤੀ ਦੂਰ ਕੀਤੀਆਂ ਜਾਣਗੀਆਂ। ਬੇਟੀ ਬਚਾਓ-ਬੇਟੀ ਪੜ੍ਹਾਓ ਸਮੇਤ ਲੜਕੀਆਂ ਦੇ ਵਿਕਾਸ ਸਬੰਧੀ ਜਿੰਨੀਆਂ ਵੀ ਸਕੀਮਾਂ ਹਨ, ਉਨ੍ਹਾਂ ਤਹਿਤ ਇਹ ਗੱਲ ਯਕੀਨੀ ਬਣਾਈ ਜਾਵੇ ਕਿ ਲਿੰਗ-ਅਨੁਪਾਤ ਵਿੱਚ ਹੋਰ ਸੁਧਾਰ ਲਿਆਂਦਾ ਜਾਵੇ ਅਤੇ ਲੜਕੀਆਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣ। ਲੜਕੀਆਂ ਦੀ ਸਿੱਖਿਆ ਵੱਲ ਉਚੇਚਾ ਧਿਆਨ ਦਿੱਤਾ ਜਾਵੇ ਅਤੇ ਉਨ੍ਹਾਂ ਦੇ ਵਿਕਾਸ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਫਰਦ ਕੇਂਦਰਾਂ ਅਤੇ ਰਜਿਸਟਰੀਆਂ ਸਬੰਧੀ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਤੁਰੰਤ ਹੱਲ ਕੀਤਾ ਜਾਵੇ।
ਇਸ ਮੌਕੇ ਮਨੀਸ਼ ਤਿਵਾੜੀ ਨੇ ਕਿਹਾ ਕਿ ਸਮੂਹ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਯਕੀਨੀ ਬਣਾਇਆ ਜਾਵੇ ਅਤੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਅਧਿਕਾਰੀ ਖ਼ੁਦ ਨਿਗਰਾਨੀ ਕਰਨ ਲਈ ਫੀਲਡ ਵਿੱਚ ਜਾਣਾ ਯਕੀਨੀ ਬਣਾਉਣ ਤਾਂ ਜੋ ਵਿਕਾਸ ਕਾਰਜਾਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕਾਰਜ ਅਤੇ ਅਧੂਰੇ ਪਏ ਕੰਮਾਂ ਛੇਤੀ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ, ਕੂੜੇ ਦੀ ਸੈਗਰੀਗੇਸ਼ਨ, ਡੋਰ ਟੂ ਡੋਰ ਕੁਲੈਕਸ਼ਨ ਅਤੇ ਕੂੜੇ ਤੋਂ ਖਾਦ ਬਣਾਉਣ ਤੇ ਰੀਸਾਈਕਲ ਸਬੰਧੀ ਪ੍ਰਕਿਰਿਆ ਵੱਡੇ ਪੱਧਰ ’ਤੇ ਅਮਲ ਵਿੱਚ ਲਿਆਂਦੀ ਜਾਵੇ। ਜਿੱਥੇ ਕਿਤੇ ਵੀ ਕੂੜੇ ਦੇ ਢੇਰ ਲੱਗੇ ਹਨ, ਉਨ੍ਹਾਂ ਨੂੰ ਫੌਰੀ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਵੱਧ ਤੋਂ ਵੱਧ ਯੁਵਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ।
ਇਸ ਮੌਕੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੋਵੇਂ ਸੰਸਦ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਣੀ ਯਕੀਨੀ ਬਣਾਈ ਜਾਵੇਗੀ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਮੀਟਿੰਗ ਵਿੱਚ ਐਸਐਸਪੀ ਸਤਿੰਦਰ ਸਿੰਘ, ਏਡੀਸੀ ਸ੍ਰੀਮਤੀ ਆਸ਼ਿਕਾ ਜੈਨ, ਡੀਡੀਪੀਓ ਡੀ.ਕੇ. ਸਾਲਦੀ, ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …