
ਕਰੋਨਾ ਦੀ ਤੀਜੀ ਲਹਿਰ: ਸਮਾਜਿਕ ਦੂਰੀ ਤੇ ਮਾਸਕ ਪਾਉਣਾ ਜ਼ਰੂਰੀ: ਡੀਸੀ ਈਸ਼ਾ ਕਾਲੀਆ
ਹਰ ਘਰ ਦਸਤਕ ਮੁਹਿੰਮ ਤਹਿਤ ਡੀਸੀ ਸ੍ਰੀਮਤੀ ਕਾਲੀਆ ਨੇ ਪਿੰਡ ਘੜੂੰਆਂ ਦਾ ਕੀਤਾ ਤੂਫ਼ਾਨੀ ਦੌਰਾ
ਹਰ ਨਾਗਰਿਕ ਆਪਣਾ ਟੀਕਾਕਰਨ ਜ਼ਰੂਰ ਕਰਵਾਏ, ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਹੋ ਰਿਹੈ ਟੀਕਾਕਰਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਦਸੰਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਭਾਰਤ ਸਮੇਤ ਕੁਝ ਦੇਸ਼ਾਂ ਵਿਚ ਕੋਵਿਡ-19 ਦੇ ਨਵੇਂ ਸਰੂਪ ‘ਓਮੀਕਰੌਨ’ ਦੇ ਉਭਾਰ ਦੇ ਸਨਮੁਖ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਦੀ ਤੀਜੀ ਸੰਭਾਵੀ ਲਹਿਰ ਤੋਂ ਘਬਰਾਉਣ ਦੀ ਨਹੀਂ ਸਗੋਂ ਤਮਾਮ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਤੀਜੀ ਸੰਭਾਵੀ ਲਹਿਰ ਤੋਂ ਬਚਾਅ ਲਈ ਤਿੰਨ ਬੁਨਿਆਦੀ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ ਜਿਵੇਂ ਮਾਸਕ ਆਦਿ ਨਾਲ ਮੂੰਹ ਢੱਕ ਕੇ ਰੱਖਣਾ, ਇਕ ਦੂਜੇ ਤੋਂ ਦੂਰੀ ਬਣਾ ਕੇ ਰੱਖਣਾ ਅਤੇ ਵਾਰ-ਵਾਰ ਹੱਥ ਧੋਣਾ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਇਸ ਬੀਮਾਰੀ ਦੀ ਰੋਕਥਾਮ ਲਈ ਤਮਾਮ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਇਸ ਲਹਿਰ ਨੂੰ ਕੰਟਰੋਲ ਕਰਨ ਲਈ ਪਹਿਲੇ ਦਿਨ ਤੋਂ ਹੀ ਪੂਰੀ ਵਾਹ ਲਾ ਰਿਹਾ ਹੈ ਪਰ ਇਸ ਬੀਮਾਰੀ ਪ੍ਰਤੀ ਲੋਕਾਂ ਦਾ ਲਾਪਰਵਾਹ ਰਵੱਈਆ ਸਥਿਤੀ ਨੂੰ ਹੋਰ ਵਿਗਾੜ ਸਕਦਾ ਹੈ। ਉਨ੍ਹਾਂ ਕਿਹਾ ਕਿ ਕੁੱਝ ਲੋਕਾਂ ਨੂੰ ਲੱਗ ਰਿਹਾ ਹੈ ਕਿ ਕੋਵਿਡ ਦੀ ਬੀਮਾਰੀ ਹੁਣ ਸ਼ਾਇਦ ਖ਼ਤਮ ਹੋ ਗਈ ਹੈ। ਬਹੁਤੀ ਥਾਈਂ ਲੋਕ ਬੇਖ਼ੌਫ਼ ਹੋ ਕੇ ਮੂੰਹ ਢਕੇ ਬਿਨਾਂ ਘੁੰਮ-ਫਿਰ ਰਹੇ ਹਨ ਅਤੇ ਬਿਨਾਂ ਕਿਸੇ ਖ਼ਾਸ ਲੋੜ ਜਾਂ ਕੰਮ ਦੇ ਬਾਜ਼ਾਰਾਂ ਵਿੱਚ ਜਾ ਰਹੇ ਹਨ ਜੋ ਬਹੁਤ ਗ਼ਲਤ ਰੁਝਾਨ ਹੈ।
ਡੀਸੀ ਨੇ ਕਿਹਾ ਕਿ ਇਸ ਬੀਮਾਰੀ ਤੋਂ ਬਚਾਅ ਵਾਸਤੇ ਕੋਵਿਡ ਟੀਕਾਕਰਨ ਵੀ ਬਹੁਤ ਜ਼ਰੂਰੀ ਹੈ। ਜਿਹੜੇ ਲੋਕਾਂ ਨੇ ਹਾਲੇ ਤਕ ਵੀ ਕੋਵਿਡ ਤੋਂ ਬਚਾਅ ਲਈ ਕੋਈ ਵੀ ਟੀਕਾ ਨਹੀਂ ਲਗਵਾਇਆ ਜਾਂ ਜਿਨ੍ਹਾਂ ਨੇ ਦੂਜਾ ਟੀਕਾ ਨਹੀਂ ਲਗਵਾਇਆ, ਉਹ ਤੁਰੰਤ ਟੀਕਾਕਰਨ ਕਰਵਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕੋਵਿਡ ਟੀਕਾਕਰਨ ਬਿਲਕੁਲ ਮੁਫ਼ਤ ਹੋ ਰਿਹਾ ਹੈ। ਅਜਿਹੇ ਲੋਕ ਸਿਹਤ ਸੰਸਥਾਵਾਂ ਵਿੱਚ ਜਾ ਕੇ ਬਿਨਾਂ ਕਿਸੇ ਅੜਚਣ ਟੀਕਾਕਰਨ ਕਰਵਾ ਸਕਦੇ ਹਨ ਕਿਉਂਕਿ ਇਹ ਦਵਾਈ ਕੋਵਿਡ ਦੀ ਲਾਗ ਲੱਗਣ ਤੋਂ ਬਚਾਉਂਦੀ ਹੈ। ਜੇ ਕਿਸੇ ਕਾਰਨ ਕੋਵਿਡ ਹੋ ਵੀ ਜਾਂਦਾ ਹੈ ਤਾਂ ਟੀਕਾਕਰਨ ਕਰਵਾ ਚੁੱਕੇ ਵਿਅਕਤੀ ਨੂੰ ਹਸਪਤਾਲ ਵਿੱਚ ਦਾਖ਼ਲ ਹੋਣ ਜਾਂ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ।
ਉਨ੍ਹਾਂ ਲੋਕਾਂ ਨੂੰ ਬੇਨਤੀ ਕੀਤੀ ਕਿ ਬਹੁਤ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ।

ਗ਼ੈਰ-ਜ਼ਰੂਰੀ ਸਫ਼ਰ ਅਤੇ ਭੀੜ ਵਿਚ ਜਾਣ ਤੋਂ ਬਚਿਆ ਜਾਵੇ। ਉਨ੍ਹਾਂ ਕਿਹਾ ਕਿ ਦੁਕਾਨਾਂ ਵਿੱਚ ਗਾਹਕਾਂ ਦੀ ਭੀੜ ਨਹੀਂ ਹੋਣੀ ਚਾਹੀਦੀ ਅਤੇ ਸਮਾਜਕ ਦੂਰੀ ਹਰ ਹਾਲਤ ਵਿਚ ਕਾਇਮ ਰੱਖੀ ਜਾਣੀ ਚਾਹੀਦੀ ਹੈ। ਦੁਕਾਨ ਵਿਚ ਦਾਖ਼ਲ ਹੋਣ ਵੇਲੇ ਅਤੇ ਬਾਹਰ ਆਉਣ ਸਮੇਂ ਵੀ ਹੱਥ ਧੋਣੇ ਚਾਹੀਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮਾੜੀ-ਮੋਟੀ ਤਕਲੀਫ਼ ਹੋਣ ’ਤੇ ਹਸਪਤਾਲ ਨਾ ਜਾਇਆ ਜਾਵੇ। ਇਸ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰ ਕੇ ਮਾਹਰ ਡਾਕਟਰ ਦੀ ਸਲਾਹ ਲਈ ਜਾਵੇ। ਇਸ ਮੌਕੇ ਏਡੀਸੀ ਹਿਮਾਂਸ਼ੂ ਅਗਰਵਾਲ ਅਤੇ ਐਸਐਮਓ ਡਾ. ਸੁਰਿੰਦਰਪਾਲ ਕੌਰ ਵੀ ਹਾਜ਼ਰ ਸਨ।