Nabaz-e-punjab.com

ਕੋਰੋਨਾਵਾਈਰਸ: ਡੀਸੀ ਗਿਰੀਸ਼ ਦਿਆਲਨ ਨੇ ਸਿਹਤ ਸੰਭਾਲ ਸੇਵਾਵਾਂ ਦੀ ਕੀਤੀ ਸਮੀਖਿਆ

ਕੋਰੋਨਾਵਾਈਰਸ ਤੋਂ ਘਬਰਾਉਣ ਦੀ ਲੋੜ ਨਹੀਂ, ਹੁਣ ਤੱਕ ਜ਼ਿਲ੍ਹੇ ਵਿੱਚ ਕੋਈ ਕੇਸ ਸਾਹਮਣੇ ਨਹੀਂ ਆਇਆ: ਡੀਸੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ:
‘ਚੀਨ ਤੋਂ ਕੋਰੋਨਾ ਵਾਈਰਸ ਬਾਰੇ ਆ ਰਹੀਆਂ ਰਿਪੋਰਟਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਸਾਰੇ ਢੁਕਵੇਂ ਕਦਮ ਚੁੱਕ ਰਿਹਾ ਹੈ ਅਤੇ ਇਸ ਤੋਂ ਘਬਰਾਉਣ ਦੀ ਲੋੜ ਨਹੀਂ ਹੈ।‘‘ਇਹ ਖੁਲਾਸਾ ਕਰਦਿਆਂ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ ਇਸ ਲਈ ਇਕ ਵੱਖਰਾ ਵਾਰਡ ਬਣਾਇਆ ਗਿਆ ਹੈ ਅਤੇ ਇਕ ਰੈਪਿਡ ਰਿਸਪਾਂਸ ਟੀਮ ਬਣਾਈ ਗਈ ਹੈ। ਜਿਸ ਵਿੱਚ ਐਪਿਡਮੋਲੋਜਿਸਟ ਨੂੰ ਨੋਡਲ ਅਫ਼ਸਰ ਲਾਇਆ ਗਿਆ ਹੈ। ਟੀਮ ਵਿੱਚ ਮੈਡੀਕਲ ਸਪੈਸ਼ਲਿਸਟ, ਪੈਡਟ੍ਰਿਸ਼ੀਅਨ, ਛਾਤੀ ਦੇ ਰੋਗਾਂ ਦੇ ਮਾਹਰ ਤੇ ਹੋਰ ਸਟਾਫ਼ ਸ਼ਾਮਲ ਹੈ। ਇਸ ਟੀਮ ਨੂੰ ਢੁਕਵੀਂ ਮਾਤਰਾ ਵਿੱਚ ਦਸਤਾਨਿਆਂ ਤੇ ਮਾਸਕ ਮੁਹੱਈਆ ਕੀਤੇ ਗਏ ਹਨ। ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ, ਸਿਵਲ ਸਰਜਨ ਡਾ. ਮਨਜੀਤ ਸਿੰਘ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਡੀਸੀ ਗਿਰੀਸ਼ ਦਿਆਲਨ ਨੇ ਕਿਹਾ ਕਿ ਮੁਹਾਲੀ ਦੇ ਕੌਮਾਂਤਰੀ ਹਵਾਈ ਅੱਡੇ ਉੱਤੇ ਚੀਨ ਤੋਂ ਕੋਈ ਸਿੱਧੀ ਉਡਾਣ ਨਹੀਂ ਆਉਂਦੀ। ਇੱਥੇ ਸਿਰਫ਼ ਸ਼ਾਰਜਾਹ ਤੋਂ ਕੌਮਾਂਤਰੀ ਉਡਾਣ ਆਉਂਦੀ ਹੈ, ਜਿਸ ਵਿੱਚ ਆਉਣ ਵਾਲੇ ਯਾਤਰੀਆਂ ਦੀ ਸਿਹਤ ਵਿਭਾਗ ਵੱਲੋਂ ਪੂਰੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਥਰਮਲ ਸਕੈਨਰ ਖ਼ਰੀਦ ਕੇ ਹਵਾਈ ਅੱਡੇ ਉੱਤੇ ਲਾਏ ਗਏ ਹਨ। ਇਸ ਤੋਂ ਇਲਾਵਾ ਡਾਕਟਰਾਂ ਦੀ ਇਕ ਟੀਮ ਵੀ ਤਾਇਨਾਤ ਕੀਤੀ ਗਈ ਹੈ।
ਸ੍ਰੀ ਗਿਰੀਸ਼ ਦਿਆਲਨ ਨੇ ਇਹ ਵੀ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੋਰੋਨਾ ਵਾਈਰਸ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਹੈ। ਕੋਰੋਨਾ ਵਾਈਰਸ ਦੇ ਲੱਛਣ ਆਮ ਫਲੂ ਵਰਗੇ ਹੋਣ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈ ਕੇ ਪੀਜੀਆਈ ਭੇਜੇ ਜਾਣਗੇ। ਇਸ ਮਗਰੋਂ ਨਮੂਨਿਆਂ ਨੂੰ ‘ਨੈਸ਼ਨਲ ਇੰਸਟੀਚਿਊਟ ਆਫ਼ ਵਿਰੋਲੋਜੀ (ਐਨਆਈਪੀ) ਪੁਣੇ ਭੇਜੇ ਜਾਣਗੇ।
ਡੀਸੀ ਨੇ ਮੁੱਖ ਮੰਤਰੀ ਕੈਂਸਰ ਰਾਹਤ ਫੰਡ ਪ੍ਰੋਗਰਾਮ, ਤਮਾਕੂ ਕੰਟਰੋਲ ਪ੍ਰੋਗਰਾਮ, ਨੈਸ਼ਨਲ ਵਾਇਰਲ ਹੈਪੇਟਾਈਟਸ ਕੰਟਰੋਲ ਪ੍ਰੋਗਰਾਮ, ਨੈਸ਼ਨਲ ਵੈਕਟਰ ਬੋਰਨ ਡਿਜੀਜ਼ ਕੰਟਰੋਲ ਪ੍ਰੋਗਰਾਮ, ਪਲਸ ਪੋਲੀਓ ਪ੍ਰੋਗਰਾਮ, ਜਨਨੀ ਸੁਰਕਸ਼ਾ ਯੋਜਨਾ, ਓਟ ਕਲੀਨਿਕ, ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ, ਪਰਿਵਾਰ ਨਿਯੋਜਨ, ਸੰਸਥਾਗਤ ਜਣੇਪਾ, ਡੇਂਗੂ ਤੇ ਸਵਾਈਨ ਫਲੂ ਕੰਟਰੋਲ ਪ੍ਰੋਗਰਾਮ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਜ਼ਿਲ੍ਹਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਵਚਨਬੱਧ ਹੈ।
ਡੀਸੀ ਨੇ ਇਹ ਵੀ ਦੱਸਿਆ ਕਿ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਸਖ਼ਤੀ ਵਰਤੇਗਾ ਅਤੇ ਮੁੱਖ ਥਾਵਾਂ ਉੱਤੇ ਨਾਕੇ ਲਾ ਕੇ ਇਸ ਰੁਝਾਨ ਨੂੰ ਠੱਲ੍ਹ ਪਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਵਿੱਚ 91 ਥਾਵਾਂ ਦੀ ਸ਼ਨਾਖ਼ਤ ਕੀਤੀ ਗਈ ਹੈ, ਜਿੱਥੇ ਸਭ ਤੋਂ ਵੱਧ ਹਾਦਸੇ ਵਾਪਰਦੇ ਹਨ। ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਢੁਕਵੇਂ ਕਦਮ ਚੁੱਕ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …