
ਕਰੋਨਾਵਾਇਰਸ: ਪੰਜਾਬ ਵਿੱਚ 31 ਮਾਰਚ ਤੱਕ ਹੋਣ ਵਾਲੀਆਂ ਸਾਲਾਨਾ ਪ੍ਰੀਖਿਆਵਾਂ ਮੁਲਤਵੀ
ਸਿੱਖਿਆ ਬੋਰਡ ਮੈਨੇਜਮੈਂਟ ਕੋਲ ਬਾਅਦ ਦੁਪਹਿਰ ਪੁੱਜੀ ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੀ ਕਾਪੀ
ਮੁਲਤਵੀ ਕੀਤੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ: ਕੰਟਰੋਲ ਪ੍ਰੀਖਿਆਵਾਂ
ਲੋੜ ਪੈਣ ’ਤੇ ਸਕੂਲ ਇਮਾਰਤਾਂ ਨੂੰ ਆਈਸੋਲੇਸ਼ਨ ਵਾਰਡਾਂ ਵਜੋਂ ਵਰਤਣ ਲਈ ਖਾਲੀ ਕੀਤਾ ਜਾਵੇਗਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਾਰਚ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੌਜੂਦਾ ਸਮੇਂ ਵਿੱਚ ਲਈਆਂ ਜਾ ਰਹੀਆਂ ਸਾਲਾਨਾ ਪ੍ਰੀਖਿਆਵਾਂ ਕਰੋਨਾਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ 31 ਮਾਰਚ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਉਂਜ ਅੱਜ ਸ਼ਾਮ ਦੇ ਸੈਸ਼ਨ ਵਿੱਚ ਬਾਰ੍ਹਵੀਂ ਦੀ ਵੋਕੇਸ਼ਨਲ ਗਰੁੱਪ ਦੀ ਪ੍ਰੀਖਿਆ ਆਮ ਦਿਨ ਵਾਂਗ ਸ਼ਾਂਤਮਈ ਢੰਗ ਨਾਲ ਨੇਪਰੇ ਚੜੀ ਹੈ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਰੋਨਾਵਾਇਰਸ ਨੂੰ ਲੈ ਕੇ ਸੂਬਾ ਸਰਕਾਰ ਵੱਲੋਂ ਚੁੱਕੇ ਜਾ ਰਹੇ ਇਹਤਿਆਤੀ ਕਦਮਾਂ ਦੇ ਮੱਦੇਨਜ਼ਰ ਸਕੂਲੀ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਪ੍ਰੀਖਿਆ ਅਮਲੇ ਵਿੱਚ ਤਾਇਨਾਤ ਸਟਾਫ਼ ਅਤੇ ਅਧਿਆਪਕਾਂ ਨੂੰ ਛੁੱਟੀ ’ਤੇ ਭੇਜ ਦਿੱਤਾ ਗਿਆ ਹੈ। ਉਂਜ ਇਸ ਤੋਂ ਪਹਿਲਾਂ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਜਾ ਚੁੱਕੀਆਂ ਹਨ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਾਵਧਾਨੀ ਵਰਤਣ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਗਿਆ ਹੈ ਅਤੇ ਪ੍ਰੀਖਿਆਵਾਂ ਮੁਲਤਵੀ ਕਰਨ ਦੇ ਨਾਲ-ਨਾਲ ਸਮੂਹ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਦੇ ਸਟਾਫ਼ ਨੂੰ 31 ਮਾਰਚ ਤੱਕ ਛੁੱਟੀ ’ਤੇ ਭੇਜਿਆ ਜਾ ਰਿਹਾ ਹੈ। ਦੱਸਿਆ ਕਿ ਕਰੋਨਾਵਾਇਰਸ ਨੂੰ ਆਮ ਲੋਕਾਂ ਵਿੱਚ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖ਼ੁਦ ਹਰੇਕ ਗਤੀਵਿਧੀ ਦੀ ਨਜ਼ਰਸਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਵੀ ਇਸ ਖ਼ਤਰਨਾਕ ਬਿਮਾਰੀ ਨੂੰ ਲੈ ਕੇ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਲੋੜ ਪੈਣ ’ਤੇ ਸਕੂਲਾਂ ਦੀਆਂ ਇਮਾਰਤਾਂ ਨੂੰ ਆਈਸੋਲੇਸ਼ਨ ਵਾਰਡਾਂ ਵਿੱਚ ਤਬਦੀਲ ਕਰਨ ਲਈ ਖ਼ਾਲੀ ਕੀਤਾ ਜਾ ਸਕਦਾ ਹੈ।
ਸ੍ਰੀ ਸਿੰਗਲਾ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਿਸੇ ਅਣਸੁਖਾਵੀਂ ਸਥਿਤੀ ਦੇ ਸਨਮੁਖ ਸਿਹਤ ਵਿਭਾਗ ਵੱਲੋਂ ਮੰਗ ਕਰਨ ’ਤੇ ਸਕੂਲਾਂ ਦੀਆਂ ਇਮਾਰਤਾਂ ਨੂੰ ਤੁਰੰਤ ਖ਼ਾਲੀ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਕੂਲੀ ਗਤੀਵਿਧੀਆਂ ’ਤੇ ਅਸਥਾਈ ਤੌਰ ’ਤੇ ਰੋਕ ਲਾਉਣ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਇਸ ਵਾਇਰਸ ਪ੍ਰਤੀ ਜਾਗਰੂਕ ਕਰਨ ਲਈ ਵਿਆਪਕ ਪੱਧਰ ’ਤੇ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸੂਬੇ ਦੇ ਹਰ ਪਿੰਡ ਅਤੇ ਸ਼ਹਿਰਾਂ ਦੇ ਹਰ ਵਾਰਡ ਵਿਚ ਸਿਹਤ ਵਿਭਾਗ ਦੀ ਅਗਵਾਈ ਵਿਚ ਸਿਖਲਾਈ ਪ੍ਰਾਪਤ ਟੀਮਾਂ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਕਰੋਨਾਵਾਇਰਸ ਦੇ ਲੱਛਣਾਂ ਅਤੇ ਇਸ ਤੋਂ ਬਚਣ ਲਈ ਇਹਤਿਆਤੀ ਕਦਮਾਂ ਬਾਰੇ ਸੁਚੇਤ ਕੀਤਾ ਜਾ ਰਿਹਾ ਹੈ।
(ਬਾਕਸ ਆਈਟਮ)
ਸਿੱਖਿਆ ਬੋਰਡ ਦੇ ਕੰਟਰੋਲ (ਪ੍ਰੀਖਿਆਵਾਂ) ਜਨਕ ਰਾਜ ਮਹਿਰੋਕ ਨੇ ਦੱਸਿਆ ਕਿ ਭਲਕੇ 20 ਤੋਂ 31 ਤੱਕ ਹੋਣ ਵਾਲੀਆਂ ਮੁਲਤਵੀ ਕੀਤੀਆਂ ਸਾਲਾਨਾ ਪ੍ਰੀਖਿਆਵਾਂ ਨਵੇਂ ਸਿਰਿਓਂ ਲੈਣ ਸਬੰਧੀ ਬਾਅਦ ਵਿੱਚ ਸ਼ਡਿਊਲ ਜਾਰੀ ਕੀਤਾ ਜਾਵੇਗਾ। ਪ੍ਰੀਖਿਆਵਾਂ ਮੁਲਤਵੀ ਕਰਨ ਸਬੰਧੀ ਸਰਕਾਰ ਦੇ ਤਾਜ਼ਾ ਹੁਕਮਾਂ ਬਾਰੇ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਸਮੂਹ ਪ੍ਰੀਖਿਆ ਕੇਂਦਰਾਂ ਦੇ ਸੁਪਰਡੈਂਟਾਂ, ਪ੍ਰੀਖਿਆ ਕੰਟਰੋਲਰ ਅਤੇ ਸਕੂਲ ਬੋਰਡ ਦੇ ਸਮੂਹ ਜ਼ਿਲ੍ਹਾ ਮੈਨੇਜਰਾਂ ਨੂੰ ਪੱਤਰ ਲਿਖ ਕੇ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਰੋਨਾਵਾਇਰਸ ਦੇ ਚੱਲਦਿਆਂ ਸਰਕਾਰ ਵੱਲੋਂ ਨਿਰਣੇ ਦੀ ਲੋਅ ਵਿੱਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਆਦੇਸ਼ਾਂ ਅਨੁਸਾਰ ਅੱਠਵੀਂ ਜਮਾਤ ਦੀਆਂ ਸਿਰਫ਼ ਪ੍ਰਯੋਗੀ ਅਤੇ ਪੰਜਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ 20 ਮਾਰਚ ਤੋਂ 31 ਮਾਰਚ ਤੱਕ ਕਰਵਾਈਆਂ ਜਾਣ ਵਾਲੀਆਂ ਲਿਖਤੀ\ਪ੍ਰਯੋਗੀ ਪ੍ਰੀਖਿਆਵਾਂ, ਮੁਲਤਵੀ ਕੀਤੀਆਂ ਗਈਆਂ ਹਨ। ਇਨ੍ਹਾਂ ਪ੍ਰੀਖਿਆਵਾਂ ਨੂੰ ਕਰਵਾਉਣ ਦਾ ਰੀ-ਸ਼ਡਿਊਲ ਬਾਅਦ ਵਿੱਚ ਪੰਜਾਬ ਬੋਰਡ ਦੀ ਵੈਬਸਾਈਟ, ਡੀਈਓ ਪੋਰਟਲ, ਸਕੂਲ ਲਾਗਇੰਨ ਅਤੇ ਅਖ਼ਬਾਰਾਂ ਵਿੱਚ ਰਾਹੀਂ ਸੂਚਿਤ ਕੀਤਾ ਜਾਵੇਗਾ।