Nabaz-e-punjab.com

ਕਰੋਨਾਵਾਇਰਸ: ਸਿਹਤ ਵਿਭਾਗ ਨੇ ਚਾਰ ਹੋਰ ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ

ਅੱਜ ਕੋਈ ਪਾਜ਼ੇਟਿਵ ਨਹੀਂ ਮਿਲਿਆ, ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਸੁੱਖ ਦਾ ਸਾਹ ਲਿਆ

ਸ਼੍ਰੋਮਣੀ ਕਮੇਟੀ ਲਈ ਕਰਫਿਊ ਦੌਰਾਨ ਲੋੜਵੰਦਾਂ ਦੀ ਮਦਦ ਲਈ ਅੱਗੇ, ਲੰਗਰ, ਚਾਹ-ਪਾਣੀ ਦੀ ਸੇਵਾ ਦਾ ਪ੍ਰਬੰਧ ਕੀਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਮਾਰਚ:
ਸਿਹਤ ਵਿਭਾਗ ਨੇ ਮੁਹਾਲੀ ਵਿੱਚ ਅੱਜ ਕਰੋਨਾਵਾਇਰਸ ਤੋਂ ਪੀੜਤ ਕੋਈ ਮਰੀਜ਼ ਨਾ ਮਿਲਣ ਕਾਰਨ ਸੁੱਖ ਦਾ ਸਾਹ ਲਿਆ ਹੈ। ਉਂਜ ਹੁਣ ਤੱਕ ਮੁਹਾਲੀ ਵਿੱਚ ਕਰੋਨਾਵਾਇਰਸ ਦੇ ਪੰਜ ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ। ਇਹ ਸਾਰੇ ਮਰੀਜ਼ ਵੱਖ ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ ਅਤੇ ਇਨ੍ਹਾਂ ਸਾਰਿਆਂ ਦੀ ਹਾਲਤ ਫਿਲਹਾਲ ਠੀਕ ਹੈ। ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਅਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਅੱਜ ਇਸ ਖ਼ਤਰਨਾਕ ਵਾਇਰਸ ਤੋਂ ਕੋਈ ਪੀੜਤ ਮਰੀਜ਼ ਨਹੀਂ ਮਿਲਿਆ ਹੈ। ਉਂਜ ਉਨ੍ਹਾਂ ਦੱਸਿਆ ਕਿ ਅੱਜ ਸਿਹਤ ਵਿਭਾਗ ਨੇ ਚਾਰ ਹੋਰ ਸ਼ੱਕੀ ਮਰੀਜ਼ਾਂ ਦੇ ਖੂਨ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਸਗੋਂ ਆਪਣੇ ਘਰਾਂ ਵਿੱਚ ਰਹਿ ਕੇ ਇਸ ਬਿਮਾਰੀ ਤੋਂ ਅੱਗੇ ਫੈਲਣ ਤੋਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਏਅਰਪੋਰਟ ਅਥਾਰਟੀ ਦੀ ਸੂਚਨਾ ਦੇ ਹਵਾਲੇ ਨਾਲ ਦੱਸਿਆ ਕਿ ਹੁਣ ਤੱਕ ਵੱਖ-ਵੱਖ ਵਿਦੇਸ਼ੀ ਮੁਲਕਾਂ ’ਚੋਂ 257 ਵਿਅਕਤੀ ਆ ਚੁੱਕੇ ਹਨ। ਇਨ੍ਹਾਂ ’ਚੋਂ ਕਾਫੀ ਲੋਕਾਂ ਨੇ 14 ਦਿਨ ਹਾਊਸ ਆਈਸੋਲੇਸ਼ਨ ਵਿੱਚ ਰਹਿਣ ਦੀ ਪ੍ਰਕਿਰਿਆ ਪੂਰੀ ਕਰ ਲਈ ਹੈ ਅਤੇ ਕਾਫ਼ੀ ਵਿਅਕਤੀ ਹਾਲੇ ਵੀ ਹਾਊਸ ਆਈਸੋਲੇਸ਼ਨ ਪੀਰੀਅਡ ਤਹਿਤ ਆਪਣੇ ਘਰਾਂ ਵਿੱਚ ਨਜ਼ਰਬੰਦ ਹਨ।
ਉਧਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਪੀੜਤ ਪਰਿਵਾਰਾਂ ਅਤੇ ਹੋਰਨਾਂ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਗਈ ਹੈ। ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਅਤੇ ਇਲਾਕੇ ਦੀ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਇਸ ਅੌਖੀ ਘੜੀ ਵਿੱਚ ਪੰਜਾਬ ਪੁਲੀਸ, ਸਿਹਤ ਮੁਲਾਜ਼ਮਾਂ, ਮੀਡੀਆ ਭਾਈਚਾਰਾ ਅਤੇ ਹੋਰ ਸਰਕਾਰੀ ਮੁਲਾਜ਼ਮ ਆਪਣੀ ਜਾਨ ਤਲੀ ’ਤੇ ਰੱਖ ਕੇ ਮਾਨਵਤਾ ਦੀ ਸੇਵਾ ਕਰਨ ਲੱਗੇ ਹੋਏ ਹਨ। ਉਨ੍ਹਾਂ ਕਰਫਿਊ ਦੌਰਾਨ ਲੋੜਵੰਦਾਂ ਦੀ ਮਦਦ ਲਈ ਪਹਿਲਕਦਮੀ ਕਰਦਿਆਂ ਮੁਹਾਲੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਡਿਊਟੀ ’ਤੇ ਤਾਇਨਾਤ ਮੀਡੀਆ ਕਰਮੀਆਂ ਅਤੇ ਸਰਕਾਰੀ ਵਿਭਾਗਾਂ ਦੇ ਉਕਤ ਜੁਝਾਰੂਆਂ ਲਈ ਲੰਗਰ, ਚਾਹ-ਪਾਣੀ ਦਾ ਵਿਸ਼ੇਸ਼ ਇੰਤਜ਼ਾਮ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿੱਚ ਕੀਤਾ ਜਾ ਸਕਦਾ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਨਾਲ 9855003638 ਅਤੇ ਉਨ੍ਹਾਂ ਨਾਲ 9814524625 ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਉਧਰ, ਐੱਸਐੱਨ ਐਜੂਕੇਸ਼ਨ ਸੁਸਾਇਟੀ ਦੇ ਉਪਰਾਲੇ ਸਦਕਾ ਕੈਪਟਨ ਰਮਨਦੀਪ ਸਿੰਘ ਬਾਵਾ ਨੇ ਇੱਥੋਂ ਦੇ ਫੇਜ਼-9 ਅਤੇ ਸੈਕਟਰ-68 ਵਿੱਚ ਘਰਾਂ ਅਤੇ ਦੁਕਾਨਾਂ ਨੂੰ ਸੈਨੇਟਾਈਜ਼ ਕਰਨ ਦੀ ਵਿਸ਼ੇਸ਼ ਮੁਹਿੰਮ ਵਿੱਢੀ ਗਈ। ਜਿਸ ਵਿੱਚ ਦਰਸ਼ਨ ਵਿਹਾਰ, ਪੰਚਮ ਸੁਸਾਇਟੀ ਸੈਕਟਰ-68 ਦੀ ਮਾਰਕੀਟ, ਗੁਰਦੁਆਰਾ ਅਤੇ ਮੰਦਰਾਂ ਵਿੱਚ ਸਪਰੇਅ ਕਰਵਾਈ ਗਈ। ਇਸ ਮੁਹਿੰਮ ਦੀ ਸ਼ੁਰੂਆਤ ਤੋਂ ਪਹਿਲਾਂ ਉਨ੍ਹਾਂ ਅਰਦਾਸ ਕੀਤੀ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…