nabaz-e-punjab.com

ਕਰੋਨਾਵਾਇਰਸ: ਪੰਜਾਬ ਭਰ ਦੇ ਸਮੂਹ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ\ਕਾਲਜਾਂ ਵਿੱਚ 31 ਮਾਰਚ ਤੱਕ ਛੁੱਟੀਆਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਜਾ ਰਹੀਆਂ ਸਾਲਾਨਾ ਪ੍ਰੀਖਿਆਵਾਂ ’ਤੇ ਨਹੀਂ ਹੋਵੇਗਾ ਤਾਜ਼ਾ ਫੈਸਲਾ ਲਾਗੂ

ਪੰਜਵੀਂ ਜਮਾਤ ਦੀ ਸ਼ਨੀਵਾਰ ਤੋਂ ਸ਼ੁਰੂ ਹੋਵੇਗੀ ਪ੍ਰੀਖਿਆ, 17 ਮਾਰਚ ਤੋਂ ਦਸਵੀਂ ਸ਼੍ਰੇਣੀ ਦੀ ਸ਼ੁਰੂ ਹੋਵੇਗੀ ਸਾਲਾਨਾ ਪ੍ਰੀਖਿਆ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਮੁਹਾਲੀ, 13 ਮਾਰਚ:
ਸਿੱਖਿਆ ਵਿਭਾਗ ਨੇ ਕਰੋਨਾਵਾਇਰਸ ਦੇ ਚੱਲਦਿਆਂ ਪੰਜਾਬ ਭਰ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 31 ਮਾਰਚ ਤੱਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ। ਜਦੋਂਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਮੌਜੂਦਾ ਸਮੇਂ ਵਿੱਚ ਲਈਆਂ ਜਾ ਰਹੀਆਂ ਅੱਠਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ ’ਤੇ ਇਹ ਤਾਜ਼ਾ ਹੁਕਮ ਲਾਗੂ ਨਹੀਂ ਹੋਣਗੇ। ਇਹ ਐਲਾਨ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਕਰੋਨਾਵਾਇਰਸ ਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 31 ਮਾਰਚ ਤੱਕ ਛੁੱਟੀਆਂ ਕਰਨ ਦੀ ਹਦਾਇਤ ਕੀਤੀ ਗਈ ਹੈ, ਪ੍ਰੰਤੂ ਜਿਨ੍ਹਾਂ ਸਕੂਲਾਂ ਵਿੱਚ ਬੋਰਡ ਦੀਆਂ ਸਾਲਾਨਾ ਪ੍ਰੀਖਿਆਵਾਂ ਚਲ ਰਹੀਆਂ ਹਨ, ਉਹ ਉਸੇ ਤਰ੍ਹਾਂ ਚੱਲਦੀਆਂ ਰਹਿਣਗੀਆਂ।
ਜਾਣਕਾਰੀ ਅਨੁਸਾਰ ਸਿੱਖਿਆ ਬੋਰਡ ਵੱਲੋਂ ਇਕ ਦਹਾਕੇ ਬਾਅਦ ਪੰਜਵੀਂ ਜਮਾਤ ਦੀ ਪ੍ਰੀਖਿਆ ਲਈ ਜਾ ਰਹੀ ਹੈ। ਭਲਕੇ 14 ਮਾਰਚ ਤੋਂ ਸੂਬੇ ਭਰ ਵਿੱਚ ਪੰਜਵੀਂ ਜਮਾਤ ਦੀ ਪ੍ਰੀਖਿਆ ਸ਼ੁਰੂ ਹੋ ਰਹੀ ਹੈ। ਇਸ ਸਬੰਧੀ ਸਾਰੀਆਂ ਤਿਆਰੀਆਂ ਅਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ 17 ਮਾਰਚ ਤੋਂ ਦਸਵੀਂ ਜਮਾਤ ਦੀ ਪ੍ਰੀਖਿਆ ਸ਼ੁਰੂ ਹੋਵੇਗੀ।
ਸ੍ਰੀ ਸਿੰਗਲਾ ਨੇ ਦੱਸਿਆ ਕਿ ਇਹ ਨਾਮੁਰਾਦ ਬਿਮਾਰੀ ਪੂਰੇ ਵਿਸ਼ਵ ਵਿੱਚ ਫੈਲ ਰਹੀ ਹੈ ਅਤੇ ਪੰਜਾਬ ਵਿੱਚ ਇਸ ਨੂੰ ਫੈਲਣ ਤੋਂ ਰੋਕਣ ਲਈ ਜ਼ਰੂਰੀ ਹੈ ਕਿ ਇਸ ਤੋਂ ਬਚਾਅ ਲਈ ਅਗਾਊਂ ਉਪਰਾਲੇ ਤੇਜ਼ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕਰੋਨਾਵਾਇਰਸ ਤੋਂ ਬਚਾਅ ਲਈ ਇਹਤਿਆਤ ਵਜੋਂ ਸੂਬੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 31 ਮਾਰਚ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਮੰਤਰੀ ਨੇ ਸਪੱਸ਼ਟ ਕੀਤਾ ਕਿ ਜਿਹੜੇ ਸਕੂਲਾਂ ਵਿੱਚ ਸਾਲਾਨਾ ਪ੍ਰੀਖਿਆਵਾਂ ਜਾਰੀ ਹਨ, ਉੱਥੇ ਪ੍ਰੀਖਿਆਵਾਂ ਉਸੇ ਤਰ੍ਹਾਂ ਚੱਲਦੀਆਂ ਰਹਿਣਗੀਆਂ। ਉਂਜ ਪ੍ਰੀਖਿਆ ਅਮਲੇ ਅਤੇ ਅਧਿਆਪਕਾਂ ਨੂੰ ਸਾਵਧਾਨੀ ਵਰਤਨ ਲਈ ਆਖਿਆ ਗਿਆ ਹੈ।
ਸ੍ਰੀ ਸਿੰਗਲਾ ਨੇ ਦੱਸਿਆ ਕਿ ਬੁਖ਼ਾਰ, ਖਾਂਸੀ ਅਤੇ ਸਾਹ ਲੈਣ ਵਿੱਚ ਤਕਲੀਫ਼ ਹੋਣਾ ਕਰੋਨਾਵਾਇਰਸ ਦੇ ਮੁੱਢਲੇ ਲੱਛਣ ਹਨ। ਇਸ ਲਈ ਇਹ ਜ਼ਰੂਰੀ ਹੈ ਕਿ ਇਸ ਤੋਂ ਬਚਾਅ ਲਈ ਖੰਘਦੇ ਜਾਂ ਛਿੱਕਦੇ ਸਮੇਂ ਮੂੰਹ ਅਤੇ ਨੱਕ ਉੱਤੇ ਰੁਮਾਲ ਰੱਖਿਆ ਜਾਵੇ ਅਤੇ ਛਿੱਕਦੇ ਸਮੇਂ ਨੱਕ ਨੂੰ ਆਪਣੀ ਕੂਹਣੀ ਨਾਲ ਢੱਕ ਕੇ ਰੱਖਿਆ ਜਾਵੇ। ਮਾਸਕ ਦਾ ਪ੍ਰਯੋਗ ਕੀਤਾ ਜਾਵੇ ਅਤੇ ਬੁਖ਼ਾਰ ਜਾਂ ਖਾਂਸੀ ਵਾਲੇ ਵਿਅਕਤੀਆਂ ਤੋਂ ਦੂਰੀ ਬਣਾ ਕੇ ਰੱਖੀ ਜਾਵੇ। ਉਨ੍ਹਾਂ ਵਿਦਿਆਰਥੀਆਂ\ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਇਹਤਿਆਤੀ ਕਦਮ ਵਜੋਂ ਸਮੇਂ-ਸਮੇਂ ’ਤੇ ਸਾਬਣ ਨਾਲ ਚੰਗੀ ਤਰ੍ਹਾਂ ਹੱਥ ਧੋਣ ਜਾਂ ਅਲਕੋਹਲ-ਆਧਾਰਿਤ ਸੈਨੀਟਾਈਜ਼ਰ ਨਾਲ ਚੰਗੀ ਤਰ੍ਹਾਂ ਹੱਥ ਸਾਫ਼ ਕੀਤੇ ਜਾਣ।
ਸ੍ਰੀ ਸਿੰਗਲਾ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਪ੍ਰਚਾਰੇ ਜਾ ਰਹੇ ਘਰੇਲੂ ਅਤੇ ਦੇਸੀ ਨੁਸਖਿਆਂ ਨਾਲ ਇਲਾਜ ਕਰਨ ਦੀ ਬਜਾਏ ਮਾਹਰ ਡਾਕਟਰਾਂ ਦੀ ਸਲਾਹ ਨਾਲ ਹੀ ਦਵਾਈ ਲਈ ਜਾਵੇ। ਪਾਲਤੂ ਅਤੇ ਜੰਗਲੀ ਜਾਨਵਰਾਂ ਨਾਲ ਅਸੁਰੱਖਿਅਤ ਸੰਪਰਕ ਰੱਖਣ ਤੋਂ ਵਰਜਦਿਆਂ ਉਨ੍ਹਾਂ ਕਿਹਾ ਕਿ ਕਰੋਨਾਵਾਇਰਸ ਦੇ ਲੱਛਣ ਦਿੱਸਣ ’ਤੇ ਪੀੜਤ ਨੂੰ ਇਕੱਲਾ ਰੱਖਿਆ ਜਾਵੇ ਅਤੇ ਉਸ ਬਾਰੇ ਤੁਰੰਤ ਹੀ ਨਜ਼ਦੀਕੀ ਸਰਕਾਰੀ ਹਸਪਤਾਲ ਜਾਂ ਸਿਹਤ ਸੰਸਥਾ ਨਾਲ ਤਾਲਮੇਲ ਕੀਤਾ ਜਾਵੇ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਸਿਹਤ ਸਬੰਧੀ ਜਾਣਕਾਰੀ ਅਤੇ ਸੁਝਾਅ ਲਈ ਪਹਿਲਾਂ ਹੀ ਸਥਾਪਿਤ ਕੀਤੀ ਹੈਲਪਲਾਈਨ-104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਜਦੋਂਕਿ ਕੌਮੀ ਕਾਲ ਸੈਂਟਰ 011-23978046 ਅਤੇ ਸਟੇਟ ਕੰਟਰੋਲ ਰੂਮ ਨੰਬਰ 88720-90029 ਅਤੇ 0172-2920074 ਵੀ ਸਥਾਪਿਤ ਕੀਤੇ ਗਏ ਹਨ।
ਉਧਰ, ਉੱਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸਮੂਹ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਅਗਲੇ ਹੁਕਮਾਂ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਜਦੋਂਕਿ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਵੀ ਸਮੂਹ ਆਂਗੜਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਛੁੱਟੀਆਂ ਕਰਨ ਦੀ ਗੱਲ ਆਖੀ ਹੈ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…