
ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 4 ਹੋਰ ਮੌਤਾਂ, 501 ਨਵੇਂ ਮਾਮਲੇ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਪਰੈਲ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਲਗਾਤਾਰ ਕਰੋਨਾ ਮਹਾਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਜਿਸ ਕਾਰਨ ਇਕ ਵਾਰ ਫਿਰ ਤੋਂ ਲੋਕ ਭੈਅ ਭੀਤ ਹੋ ਗਏ ਹਨ। ਸੋਮਵਾਰ ਨੂੰ ਚਾਰ ਹੋਰ ਕਰੋਨਾ ਪੀੜਤਾਂ ਨੇ ਦਮ ਤੋੜ ਦਿੱਤਾ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਅੱਜ ਕਰੋਨਾ ਮਹਾਮਾਰੀ ਦੇ 501 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 28 ਹਜ਼ਾਰ 711 ’ਤੇ ਪਹੁੰਚ ਗਈ ਹੈ। ਉਂਜ ਨਾਲ-ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਵੀ ਪਰਤ ਰਹੇ ਹਨ। ਅੱਜ 275 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਅੱਜ ਚਾਰ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 450 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਇਕੱਲੇ ਮੁਹਾਲੀ ਸ਼ਹਿਰੀ ਖੇਤਰ ਵਿੱਚ 386 ਵਿਅਕਤੀਆਂ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ ਜਦੋਂਕਿ ਬੂਥਗੜ੍ਹ ਤੇ ਘੜੂੰਆਂ ਵਿੱਚ 2-2, ਕੁਰਾਲੀ ਵਿੱਚ 4, ਲਾਲੜੂ ਵਿੱਚ 7, ਢਕੋਲੀ ਵਿੱਚ 26, ਖਰੜ ਵਿੱਚ 32 ਅਤੇ ਡੇਰਾਬੱਸੀ ਵਿੱਚ 42 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ 3814 ਕਰੋਨਾ ਮਹਾਮਾਰੀ ਦੇ ਨਵੇਂ ਐਕਟਿਵ ਕੇਸ ਹਨ ਅਤੇ ਹੁਣ ਤੱਕ 24 ਹਜ਼ਾਰ 447 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਕਰੋਨਾ ਦੀ ਦੂਜੀ ਲਹਿਰ ਦਾ ਪ੍ਰਕੋਪ ਵਧਣ ਦਾ ਖ਼ਦਸ਼ਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਮੂੰਹ ਦੇ ਮਾਸਕ ਪਾਉਣਾ ਯਕੀਨੀ ਬਣਾਉਣ।