
ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 19 ਹੋਰ ਨਵੇਂ ਕੇਸ ਸਾਹਮਣੇ ਆਏ, 21 ਨੂੰ ਮਿਲੀ ਛੁੱਟੀ
ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 662 ’ਤੇ ਪੁੱਜੀ, 229 ਕੇਸ ਐਕਟਿਵ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੁਲਾਈ:
ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ 19 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਇਕ ਚਾਰ ਦੇ ਬੱਚੇ ਸਮੇਤ 10 ਪੁਰਸ਼ ਅਤੇ 8 ਅੌਰਤਾਂ ਸ਼ਾਮਲ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 662 ’ਤੇ ਪਹੁੰਚ ਗਈ ਹੈ। ਉਂਜ ਨਾਲ-ਨਾਲ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰ ਪਰਤ ਰਹੇ ਹਨ। ਅੱਜ 21 ਪੀੜਤ ਮਰੀਜ਼ ਕਰੋਨਾ ਨੂੰ ਮਾਤ ਦੇ ਕੇ ਆਪੋ ਆਪਣੇ ਘਰ ਪਰਤ ਆਏ ਹਨ।
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਇੱਥੋਂ ਦੇ ਫੇਜ਼-10 ਦਾ 57 ਸਾਲਾ ਪੁਰਸ, ਸੈਕਟਰ-80 ਸਥਿਤ ਪਿੰਡ ਮੌਲੀ ਬੈਦਵਾਨ ਵਿੱਚ 50 ਸਾਲ ਦੀ ਅੌਰਤ, ਇਤਿਹਾਸਕ ਨਗਰ ਸੋਹਾਣਾ ਵਿੱਚ 65 ਸਾਲ ਦੀ ਅੌਰਤ, ਸੈਕਟਰ-78 ਵਿੱਚ 56 ਸਾਲ ਦੀ ਅੌਰਤ, ਸੈਕਟਰ-70 ਵਿੱਚ 46 ਸਾਲ ਦਾ ਪੁਰਸ, ਪਿੰਡ ਸੈਦਪੁਰ ਦੀ 41 ਸਾਲਾ ਅੌਰਤ ਅਤੇ ਮੁੱਲਾਂਪੁਰ ਗਰੀਬਦਾਸ ਦੀ 23 ਸਾਲ ਦੀ ਅੌਰਤ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇੰਜ ਹੀ ਸੰਨੀ ਇਨਕਲੇਵ ਖਰੜ ਦਾ 643 ਸਾਲ ਦਾ ਪੁਰਸ਼, ਪਾਰਕ ਵਿਊ ਸਟਰੀਟ ਖਰੜ ਦੀ 35 ਸਾਲਾ ਅੌਰਤ, ਮੁੰਡੀ ਖਰੜ ਵਿੱਚ 4 ਸਾਲ ਦੇ ਬੱਚੇ ਸਮੇਤ 38 ਸਾਲ ਦਾ ਪੁਰਸ਼, 63 ਸਾਲ ਦਾ ਪੁਰਸ਼ ਅਤੇ 57 ਸਾਲ ਦੀ ਅੌਰਤ , ਢਕੋਲੀ ਵਿੱਚ 24 ਸਾਲ, 38 ਸਾਲ ਤੇ 39 ਸਾਲ ਦੇ ਤਿੰਨ ਪੁਰਸ਼, ਡੇਰਾਬੱਸੀ ਵਿੱਚ 32 ਸਾਲ ਤੇ 38 ਸਾਲ ਦਾ ਪੁਰਸ਼ ਅਤੇ ਬਨੂੜ ਵਿੱਚ 35 ਸਾਲ ਦੀ ਅੌਰਤ ਵੀ ਕਰੋਨਾ ਤੋਂ ਪੀੜਤ ਪਾਏ ਗਏ ਹਨ।
ਉਧਰ, ਮੁਹਾਲੀ, ਖਰੜ, ਨਵਾਂ ਗਾਉਂ, ਜ਼ੀਰਕਪੁਰ, ਡੇਰਾਬੱਸੀ ਅਤੇ ਪਿੰਡ ਜਵਾਹਰਪੁਰ ਨਾਲ ਸਬੰਧਤ 21 ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰ ਪਰਤ ਆਏ ਹਨ। ਇਨ੍ਹਾਂ ਸਾਰੇ ਮਰੀਜ਼ਾਂ ਨੂੰ ਅੱਜ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ। ਉਂਜ ਇਨ੍ਹਾਂ ਸਾਰਿਆਂ ਨੂੰ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ।
ਜ਼ਿਲ੍ਹਾ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 662 ’ਤੇ ਪਹੁੰਚ ਗਈ ਹੈ। ਜਿਨ੍ਹਾਂ ’ਚੋਂ ਹੁਣ ਤੱਕ 420 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਹੁਣ ਤੱਕ 13 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 229 ਨਵੇਂ ਕੇਸ ਐਕਟਿਵ ਹਨ। ਪਿਛਲੇ 11 ਦਿਨਾਂ ਵਿੱਚ 269 ਨਵੇਂ ਕੇਸ ਸਾਹਮਣੇ ਆ ਚੁੱਕੇ ਹਨ। ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ।