Nabaz-e-punjab.com

ਕਰੋਨਾਵਾਇਰਸ: ਮੁਹਾਲੀ ਵਿੱਚ 7 ਹੋਰ ਮਰੀਜ਼ਾਂ ਦੀ ਮੌਤ, 132 ਹੋਰ ਨਵੇਂ ਕੇਸ ਸਾਹਮਣੇ ਆਏ

ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 2951 ’ਤੇ ਪੁੱਜੀ, 1289 ਐਕਟਿਵ ਕੇਸ, ਹੁਣ ਤੱਕ 64 ਮੌਤਾਂ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਗਸਤ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਇਲਾਕੇ ਦੇ ਲੋਕ ਕਾਫੀ ਭੈਅਭੀਤ ਹਨ। ਮੁਹਾਲੀ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ 132 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 2951 ’ਤੇ ਪਹੁੰਚ ਗਈ ਹੈ। ਅੱਜ ਦੋ ਅੌਰਤਾਂ ਸਮੇਤ ਸੱਤ ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਗਈ ਹੈ। ਹੁਣ ਤੱਕ 64 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 43 ਦਿਨਾਂ ਵਿੱਚ 2556 ਨਵੇਂ ਕੇਸ ਸਾਹਮਣੇ ਆ ਚੁੱਕੇ ਹਨ। ਇਸ ਤਰ੍ਹਾਂ ਕਰੋਨਾ ਮੁਕਤ ਐਲਾਨਿਆ ਜਾ ਚੁੱਕਾ ਮੁਹਾਲੀ ਇਕ ਵਾਰ ਫਿਰ ਤੋਂ ਹੌਟਸਪਾਟ ਬਣਦਾ ਜਾ ਰਿਹਾ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 83 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ।
ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਮੁਹਾਲੀ ਵਿੱਚ 60 ਸਾਲਾ ਪੁਰਸ਼, ਪਿੰਡ ਢੰਡਰਾਲਾ ਦੀ 50 ਸਾਲਾ ਦੀ ਅੌਰਤ, ਪਿੰਡ ਬੈਂਰੋਪੁਰ-ਭਾਗੋਮਾਜਰਾ ਦਾ 58 ਸਾਲਾ ਪੁਰਸ਼, ਪਿੰਡ ਖਲੌਰ ਦਾ 63 ਸਾਲਾ ਪੁਰਸ਼, ਜ਼ੀਰਕਪੁਰ ਦੀ 55 ਸਾਲਾ ਅੌਰਤ ਤੇ 72 ਸਾਲਾ ਪੁਰਸ਼ ਅਤੇ ਬਲਟਾਣਾ ਦਾ 42 ਸਾਲਾ ਕਰੋਨਾ ਪੀੜਤ ਪੁਰਸ਼ ਦੀ ਮੌਤ ਹੋ ਗਈ ਹੈ। ਮਰਨ ਵਾਲੇ ਇਹ ਸਾਰੇ ਮਰੀਜ਼ ਪਹਿਲਾਂ ਤੋਂ ਹੀ ਸ਼ੂਗਰ, ਕਿਡਨੀ, ਕੈਂਸਰ ਅਤੇ ਹੋਰ ਕਈ ਪ੍ਰਕਾਰ ਦੀਆਂ ਬਿਮਾਰੀਆਂ ਤੋਂ ਪੀੜਤ ਸਨ।
ਸਿਵਲ ਸਰਜਨ ਨੇ ਦੱਸਿਆ ਕਿ ਅੱਜ 132 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰ ਅਤੇ ਆਸ ਪਾਸ ਇਲਾਕੇ ਦੇ 48 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 22, ਜ਼ੀਰਕਪੁਰ ਵਿੱਚ 20, ਬਨੂੜ ਵਿੱਚ 2, ਘੜੂੰਆਂ ਬਲਾਕ ਅਧੀਨ ਪੇਂਡੂ ਖੇਤਰ ਵਿੱਚ 34 ਅਤੇ ਕੁਰਾਲੀ ਤੇ ਮਾਜਰੀ ਬਲਾਕ ਵਿੱਚ ਛੇ ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 1289 ਨਵੇਂ ਕੇਸ ਐਕਟਿਵ ਹਨ। ਜਦੋਂਕਿ 1598 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…