ਕਰੋਨਾਵਾਇਰਸ: ਮੁਹਾਲੀ ਵਿੱਚ 141 ਹੋਰ ਨਵੇਂ ਕੇਸ ਸਾਹਮਣੇ ਆਏ, 4 ਬਜ਼ੁਰਗਾਂ ਦੀ ਮੌਤ

ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 2702 ’ਤੇ ਪੁੱਜੀ, 1241 ਐਕਟਿਵ ਕੇਸ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਗਸਤ:
ਮੁਹਾਲੀ ਜ਼ਿਲ੍ਹੇ ਵਿੱਚ ਐਤਵਾਰ ਨੂੰ 141 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 2702 ’ਤੇ ਪਹੁੰਚ ਗਈ ਹੈ। ਅੱਜ ਦੋ ਅੌਰਤਾਂ ਸਮੇਤ ਚਾਰ ਕਰੋਨਾ ਪੀੜਤ ਬਜ਼ੁਰਗਾਂ ਦੀ ਮੌਤ ਹੋ ਗਈ ਹੈ। ਹੁਣ ਤੱਕ 52 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 41 ਦਿਨਾਂ ਵਿੱਚ 2307 ਨਵੇਂ ਕੇਸ ਸਾਹਮਣੇ ਆ ਚੁੱਕੇ ਹਨ। ਇਸ ਤਰ੍ਹਾਂ ਕਰੋਨਾ ਮੁਕਤ ਐਲਾਨਿਆ ਜਾ ਚੁੱਕਾ ਮੁਹਾਲੀ ਇਕ ਵਾਰ ਫਿਰ ਤੋਂ ਹੌਟਸਪਾਟ ਬਣਦਾ ਜਾ ਰਿਹਾ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 98 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ।
ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਮੁਹਾਲੀ ਵਿੱਚ ਅੱਜ ਦੋ ਅੌਰਤਾਂ ਸਮੇਤ ਚਾਰ ਕਰੋਨਾ ਪੀੜਤ ਬਜ਼ੁਰਗਾਂ ਦੀ ਮੌਤ ਹੋ ਗਈ ਹੈ। ਇੱਥੋਂ ਦੇ ਨੇੜਲੇ ਪਿੰਡ ਕੈਲੋਂ ਦਾ 60 ਸਾਲਾ ਬਜ਼ੁਰਗ ਸਥਾਨਕ ਆਈਵੀਵਾਈ ਸੁਪਰ ਸਪੈਸਲਿਟੀ ਹਸਪਤਾਲ ਵਿੱਚ ਜੇਰੇ ਇਲਾਜ ਸੀ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋਈ ਹੈ। ਸੈਕਟਰ-105 ਦੇ 50 ਸਾਲਾ ਪੁਰਸ਼ ਨੇ ਜੀਐਮਸੀਐਚ ਪਟਿਆਲਾ ਵਿੱਚ ਦਮ ਤੋੜ ਦਿੱਤਾ ਅਤੇ ਸੰਨੀ ਇਨਕਲੇਵ ਦੀ 67 ਸਾਲਾ ਅੌਰਤ ਦੀ ਮੌਤ ਹੋਈ ਹੈ। ਉਹ ਜੀਐਮਸੀਐਚ ਪਟਿਆਲਾ ਵਿੱਚ ਦਾਖ਼ਲ ਸੀ। ਇੰਜ ਹੀ ਡੇਰਾਬੱਸੀ ਦੀ 63 ਸਾਲਾ ਅੌਰਤ ਦੀ ਇੰਡਸ ਹਸਪਤਾਲ ਵਿੱਚ ਮੌਤ ਹੋ ਗਈ ਹੈ। ਮਰਨ ਵਾਲੇ ਇਹ ਚਾਰੇ ਬਜ਼ੁਰਗ ਪਹਿਲਾਂ ਤੋਂ ਹੀ ਸ਼ੂਗਰ ਅਤੇ ਕਈ ਪ੍ਰਕਾਰ ਦੀਆਂ ਬਿਮਾਰੀਆਂ ਤੋਂ ਪੀੜਤ ਸਨ।
ਸਿਵਲ ਸਰਜਨ ਨੇ ਦੱਸਿਆ ਕਿ ਅੱਜ 141 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰ ਅਤੇ ਆਸ ਪਾਸ ਇਲਾਕੇ ਦੇ 47 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 29, ਜ਼ੀਰਕਪੁਰ ਵਿੱਚ 21, ਡੇਰਾਬੱਸੀ ਵਿੱਚ 4 ਕੇਸ, ਲਾਲੜੂ ਵਿੱਚ 3, ਬਨੂੜ ਵਿੱਚ 1, ਘੜੂੰਆਂ ਬਲਾਕ ਅਧੀਨ ਪੇਂਡੂ ਖੇਤਰ ਵਿੱਚ 19 ਅਤੇ ਕੁਰਾਲੀ ਤੇ ਮਾਜਰੀ ਬਲਾਕ ਵਿੱਚ 20 ਨਵੇਂ ਮਾਮਲੇ ਸਾਹਮਣੇ ਆਏ ਹਨ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 1241 ਨਵੇਂ ਕੇਸ ਐਕਟਿਵ ਹਨ। ਜਦੋਂਕਿ 1409 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…