
ਕਰੋਨਾਵਾਇਰਸ: ਮੁਹਾਲੀ ਜ਼ਿਲ੍ਹੇ ਵਿੱਚ 536 ਨਵੇਂ ਮਾਮਲੇ, 4 ਮੌਤਾਂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਪਰੈਲ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਲਗਾਤਾਰ ਕਰੋਨਾ ਮਹਾਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ ਅਤੇ ਅੱਜ ਚਾਰ ਹੋਰ ਕਰੋਨਾ ਪੀੜਤਾਂ ਦੀ ਮੌਤ ਹੋ ਗਈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਸਨਿੱਚਰਵਾਰ ਨੂੰ ਕਰੋਨਾ ਮਹਾਮਾਰੀ ਦੇ 563 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 31 ਹਜ਼ਾਰ 140 ’ਤੇ ਪਹੁੰਚ ਗਈ ਹੈ। ਉਂਜ ਨਾਲ-ਨਾਲ ਕਰੋਨਾ ਪੀੜਤ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਵੀ ਪਰਤ ਰਹੇ ਹਨ। ਅੱਜ 166 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਅੱਜ ਚਾਰ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 473 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਇਕੱਲੇ ਮੁਹਾਲੀ ਸ਼ਹਿਰੀ ਖੇਤਰ ਵਿੱਚ 266 ਵਿਅਕਤੀਆਂ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ ਜਦੋਂਕਿ ਲਾਲੜੂ ਵਿੱਚ 2, ਕੁਰਾਲੀ ਵਿੱਚ 10, ਬਨੂੜ ਤੇ ਬੂਥਗੜ੍ਹ ਵਿੱਚ 11-11, ਡੇਰਾਬੱਸੀ ਵਿੱਚ 23, ਘੜੂੰਆਂ ਵਿੱਚ 29, ਖਰੜ ਵਿੱਚ 86 ਅਤੇ ਢਕੋਲੀ ਵਿੱਚ 98 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ 5009 ਕਰੋਨਾ ਮਹਾਮਾਰੀ ਦੇ ਨਵੇਂ ਐਕਟਿਵ ਕੇਸ ਹਨ ਅਤੇ ਹੁਣ ਤੱਕ 25 ਹਜ਼ਾਰ 658 ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਕਰੋਨਾ ਦੀ ਦੂਜੀ ਲਹਿਰ ਦਾ ਪ੍ਰਕੋਪ ਵਧਣ ਦਾ ਖ਼ਦਸ਼ਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਪਣੇ ਮੂੰਹ ਦੇ ਮਾਸਕ ਪਾਉਣਾ ਯਕੀਨੀ ਬਣਾਉਣ।