Nabaz-e-punjab.com

ਕਰੋਨਾਵਾਇਰਸ: ਮੁਹਾਲੀ ਵਿੱਚ 307 ਨਵੇਂ ਮਾਮਲੇ, ਦੋ ਮਰੀਜ਼ਾਂ ਦੀ ਮੌਤ

ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 6367 ’ਤੇ ਪੁੱਜੀ, 2115 ਐਕਟਿਵ ਕੇਸ, 257 ਨੂੰ ਮਿਲੀ ਛੁੱਟੀ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਸਤੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਮੁਹਾਲੀ ਜ਼ਿਲ੍ਹੇ ਵਿੱਚ ਸਨਿੱਚਰਵਾਰ ਨੂੰ 307 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 6367 ’ਤੇ ਪਹੁੰਚ ਗਈ ਹੈ। ਅੱਜ ਇਕ ਬਜ਼ੁਰਗ ਅੌਰਤ ਸਮੇਤ ਕਰੋਨਾ ਪੀੜਤ ਦੋ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 128 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 257 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ।
ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਦੋ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇੱਥੋਂ ਦੇ ਗਰੇਸ਼ੀਅਨ ਹਸਪਤਾਲ ਵਿੱਚ ਦਾਖ਼ਲ ਡੇਰਾਬੱਸੀ ਦੀ 53 ਸਾਲਾ ਅੌਰਤ ਦੀ ਮੌਤ ਹੋ ਗਈ। ਇੰਜ ਹੀ ਜ਼ੀਰਕਪੁਰ ਦੇ 67 ਸਾਲਾ ਬਜ਼ੁਰਗ ਨੇ ਦਮ ਤੋੜ ਦਿੱਤਾ ਹੈ। ਉਹ ਪੀਜੀਆਈ ਹਸਪਤਾਲ ਚੰਡੀਗੜ੍ਹ ਵਿੱਚ ਦਾਖ਼ਲ ਸੀ। ਉਨ੍ਹਾਂ ਦੱਸਿਆ ਕਿ ਅੱਜ 307 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 114 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 50, ਘੜੂੰਆਂ ਬਲਾਕ ਅਧੀਨ ਪੇਂਡੂ ਖੇਤਰ ਵਿੱਚ 57, ਢਕੌਲੀ ਵਿੱਚ 53, ਬੂਥਗੜ੍ਹ ਬਲਾਕ ਵਿੱਚ 10, ਕੁਰਾਲੀ ਵਿੱਚ ਚਾਰ, ਬਨੂੜ ਵਿੱਚ 1, ਲਾਲੜੂ ਵਿੱਚ 1 ਅਤੇ ਡੇਰਾਬੱਸੀ ਵਿੱਚ ਕਰੋਨਾ ਮਹਾਮਾਰੀ ਦੇ ਸੱਤ ਨਵੇਂ ਮਾਮਲੇ ਸਾਹਮਣੇ ਆਏ ਹਨ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 2115 ਨਵੇਂ ਕੇਸ ਐਕਟਿਵ ਹਨ। ਜਦੋਂਕਿ 4124 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In General News

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…