Nabaz-e-punjab.com

ਕਰੋਨਾਵਾਇਰਸ: ਮੁਹਾਲੀ ਵਿੱਚ 3 ਅੌਰਤਾਂ ਸਮੇਤ 8 ਮਰੀਜ਼ਾਂ ਦੀ ਮੌਤ, 215 ਨਵੇਂ ਮਾਮਲੇ

ਮੁਹਾਲੀ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4882 ’ਤੇ ਪੁੱਜੀ, 2257 ਐਕਟਿਵ ਕੇਸ

ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਸਤੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਲਗਾਤਾਰ ਕਹਿਰ ਵਧਦਾ ਜਾ ਰਿਹਾ ਹੈ। ਮੁਹਾਲੀ ਜ਼ਿਲ੍ਹੇ ਵਿੱਚ ਐਤਵਾਰ ਨੂੰ ਇਸ ਮਹਾਮਾਰੀ ਦੇ 215 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 4882 ’ਤੇ ਪਹੁੰਚ ਗਈ ਹੈ। ਅੱਜ ਤਿੰਨ ਅੌਰਤਾਂ ਸਮੇਤ ਅੱਠ ਕਰੋਨਾ ਪੀੜਤਾਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 107 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਂਜ ਨਾਲ ਨਾਲ ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰਾਂ ਵਿੱਚ ਪਰਤ ਰਹੇ ਹਨ। ਅੱਜ 96 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਹੈ।
ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਅੱਠ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ। ਜਿਨ੍ਹਾਂ ਵਿੱਚ ਮੁਹਾਲੀ ਦਾ 41 ਸਾਲਾ ਪੁਰਸ਼ ਵੀ ਸ਼ਾਮਲ ਹੈ, ਜੋ ਜੀਐਮਸੀਐਚ ਪਟਿਆਲਾ ਵਿੱਚ ਦਾਖ਼ਲ ਸੀ। ਇਸੇ ਹਸਪਤਾਲ ਵਿੱਚ ਦਾਖ਼ਲ ਫੇਜ਼-2 ਦੀ 64 ਸਾਲਾ ਅੌਰਤ ਨੇ ਦਮ ਤੋੜ ਦਿੱਤਾ। ਜੀਐਮਸੀਐਚ ਸੈਕਟਰ-32 ਵਿੱਚ ਇਲਾਜ ਅਧੀਨ ਨਵਾਂ ਗਾਉਂ ਦੇ 57 ਸਾਲਾ ਪੁਰਸ਼ ਦੀ ਮੌਤ ਹੋ ਗਈ। ਪੀਜੀਆਈ ਵਿੱਚ ਖਰੜ ਦੀ 55 ਸਾਲਾ ਅੌਰਤ ਦੀ ਜਾਨ ਗਈ। ਇੰਜ ਹੀ ਮੁਬਾਰਕਪੁਰ ਦੀ 45 ਸਾਲਾ ਅੌਰਤ, ਨਵਾਂ ਗਾਉਂ ਦੇ 65 ਸਾਲਾ, ਕੁਰਾਲੀ ਦੇ 60 ਸਾਲਾ ਅਤੇ ਸੰਨੀ ਇਨਕਲੇਵ ਦੇ 71 ਸਾਲਾ ਬਜ਼ੁਰਗ ਦੀ ਮੌਤ ਹੋ ਗਈ। ਇਹ ਤਿੰਨੇ ਬਜ਼ੁਰਗ ਜੀਐਮਸੀਐਚ ਪਟਿਆਲਾ ਵਿੱਚ ਜੇਰੇ ਇਲਾਜ ਸਨ।
ਸਿਵਲ ਸਰਜਨ ਨੇ ਦੱਸਿਆ ਕਿ ਅੱਜ 215 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਮੁਹਾਲੀ ਸ਼ਹਿਰੀ ਖੇਤਰ ਵਿੱਚ 87 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਖਰੜ ਵਿੱਚ 36, ਘੜੂੰਆਂ ਬਲਾਕ ਅਧੀਨ ਪੇਂਡੂ ਖੇਤਰ ਵਿੱਚ 33, ਢਕੌਲੀ ਵਿੱਚ 42, ਬੂਥਗੜ੍ਹ ਵਿੱਚ 2, ਬਨੂੜ ਵਿੱਚ ਦੋ ਕੁਰਾਲੀ ਵਿੱਚ ਦੋ ਅਤੇ ਡੇਰਾਬੱਸੀ ਵਿੱਚ ਕਰੋਨਾ ਮਹਾਮਾਰੀ ਦੇ 11 ਨਵੇਂ ਮਾਮਲੇ ਸਾਹਮਣੇ ਆਏ ਹਨ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਮੁਹਾਲੀ ਜ਼ਿਲ੍ਹੇ ਵਿੱਚ 2257 ਨਵੇਂ ਕੇਸ ਐਕਟਿਵ ਹਨ। ਜਦੋਂਕਿ 2518 ਪੀੜਤ ਮਰੀਜ਼ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜਿਸ ਤਰ੍ਹਾਂ ਰੋਜ਼ਾਨਾ ਲਗਾਤਾਰ ਕਰੋਨਾ ਮਹਾਮਾਰੀ ਦੇ ਕੇਸ ਵਧ ਰਹੇ ਹਨ। ਉਸ ਨੂੰ ਦੇਖਦੇ ਹੋਏ ਬਹੁਤ ਜ਼ਰੂਰੀ ਕੰਮ ਹੋਵੇ ਤੱਦ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ ਅਤੇ ਘਰ ਤੋਂ ਬਾਹਰ ਜਾਂ ਕੰਮ ’ਤੇ ਜਾਣ ਸਮੇਂ ਆਪਣੇ ਮੂੰਹ ’ਤੇ ਮਾਸਕ ਅਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਯਕੀਨੀ ਬਣਾਉਣ।

Load More Related Articles
Load More By Nabaz-e-Punjab
Load More In General News

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…