nabaz-e-punjab.com

ਕਰੋਨਾਵਾਇਰਸ: ਮੁਹਾਲੀ ’ਚੋਂ 49 ਹੋਰ ਸ਼ੱਕੀ ਵਿਅਕਤੀਆਂ ਦੇ ਸੈਂਪਲ ਜਾਂਚ ਲਈ ਭੇਜੇ

26 ਸ਼ੱਕੀ ਵਿਅਕਤੀਆਂ ਦੇ ਸੈਂਪਲਾਂ ਦੀ ਰਿਪੋਰਟ ਨੈਗੇਟਿਵ, 7 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ

ਕਰਫਿਊ ਕਾਰਨ ਲੋਕਾਂ ਦੇ ਘਰਾਂ ’ਚ ਰਹਿਣ ਕਾਰਨ ਟੱੁਟੀ ਕਰੋਨਾਵਇਰਸ ਦੀ ਚੇਨ: ਸਿਹਤ ਅਧਿਕਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਾਰਚ:
ਮੁਹਾਲੀ ਵਿੱਚ ਲਗਾਤਾਰ ਤੀਜੇ ਦਿਨ ਕਰੋਨਾਵਾਇਰਸ ਤੋਂ ਪੀੜਤ ਕੋਈ ਮਰੀਜ਼ ਨਹੀਂ ਮਿਲਿਆ ਹੈ। ਸਿਹਤ ਵਿਭਾਗ ਦਾ ਮੰਨਣਾ ਹੈ ਕਿ ਕਰਫਿਊ ਕਾਰਨ ਲੋਕਾਂ ਦਾ ਆਪਣੇ ਘਰਾਂ ਵਿੱਚ ਰਹਿਣ ਅਤੇ ਦੂਜਿਆਂ ਦੇ ਸੰਪਰਕ ਵਿੱਚ ਨਾ ਆਉਣ ਕਾਰਨ ਅਜਿਹਾ ਸੰਭਵ ਹੋਇਆ ਹੈ। ਉਂਜ ਸਿਹਤ ਵਿਭਾਗ ਨੇ ਮੁਹਾਲੀ ’ਚੋਂ ਅੱਜ 49 ਹੋਰ ਸ਼ੱਕੀ ਵਿਅਕਤੀਆਂ ਦੇ ਖੂਨ ਦੇ ਸੈਂਪਲ ਜਾਂਚ ਲਈ ਭੇਜੇ ਹਨ।। ਉਧਰ, ਇਸ ਖ਼ਤਰਨਾਕ ਵਾਇਰਸ ਤੋਂ ਪੀੜਤ ਮੁਹਾਲੀ ਦੇ ਜਿਹੜੇ ਪੰਜ ਮਰੀਜ਼ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਇਨ੍ਹਾਂ ਸਾਰਿਆਂ ਦੀ ਹਾਲਤ ਫਿਲਹਾਲ ਠੀਕ ਦੱਸੀ ਜਾ ਰਹੀ ਹੈ।
ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਅਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਅੱਜ ਤੀਜੇ ਦਿਨ ਵੀ ਕਰੋਨਾਵਾਇਰਸ ਤੋਂ ਕੋਈ ਪੀੜਤ ਮਰੀਜ਼ ਨਹੀਂ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਅੱਜ 49 ਹੋਰ ਸ਼ੱਕੀ ਵਿਅਕਤੀਆਂ ਦੇ ਖੂਨ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। ਇਹ ਵਿਅਕਤੀ ਕਰੋਨਾਵਾਇਰਸ ਤੋਂ ਪੀੜਤ ਫੇਜ਼-3ਏ ਦੀ ਵਸਨੀਕ ਗੁਰਦੇਵ ਕੌਰ (69) ਅਤੇ ਨਿੱਜੀ ਕੰਪਨੀ ਦੀ ਮੁਲਾਜ਼ਮ ਰੰਜਨਾ ਦੇ ਸੰਪਰਕ ਵਿੱਚ ਰਹੇ ਹਨ। ਸਿਹਤ ਵਿਭਾਗ ਨੇ ਉਨ੍ਹਾਂ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਮੈਂਬਰਾਂ ਦੇ ਖੂਨ ਦੇ ਸੈਂਪਲ ਲਏ ਹਨ, ਜੋ ਪੀੜਤ ਮਰੀਜ਼ਾਂ ਦੇ ਇਲਾਜ ਅਤੇ ਦੇਖਭਾਲ ਵਿੱਚ ਡਿਊਟੀ ’ਤੇ ਤਾਇਨਾਤ ਹਨ। ਕਿਉਂਕਿ ਦੇਖਣ ਵਿੱਚ ਆਇਆ ਕਿ ਬਾਹਰਲੇ ਮੁਲਕਾਂ ਵਿੱਚ ਪੀੜਤ ਮਰੀਜ਼ਾਂ ਦਾ ਇਲਾਜ ਕਰਨ ਵਾਲਾ ਮੈਡੀਕਲ ਸਟਾਫ਼ ਵੀ ਕਾਫੀ ਪ੍ਰਭਾਵਿਤ ਹੋ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨੇ ਬੀਤੇ ਦਿਨੀਂ ਜਿਹੜੇ 33 ਸ਼ੱਕੀ ਵਿਅਕਤੀਆਂ ਦੇ ਖੂਨ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਸਨ। ਉਨ੍ਹਾਂ ’ਚੋਂ 26 ਜਣਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦੋਂਕਿ ਸੱਤ ਵਿਅਕਤੀਆਂ ਦੇ ਖੂਨ ਦੇ ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ। ਇਹ ਸਾਰੇ ਵਿਅਕਤੀ ਕਿਤੇ ਨਾ ਕਿਸੇ ਰੂਪ ਵਿੱਚ ਇੱਥੋਂ ਦੇ ਫੇਜ਼-3ਏ ਦੀ ਵਸਨੀਕ ਕਰੋਨਾਵਾਇਰਸ ਤੋਂ ਪੀੜਤ ਅੌਰਤ ਗੁਰਦੇਵ ਕੌਰ (69) ਆਪਣੀ ਵੱਡੀ ਭੈਣ ਰੇਸ਼ਮ ਕੌਰ (74) ਅਤੇ ਸੈਕਟਰ-69 ਦੇ ਵਸਨੀਕ ਅਮਨਦੀਪ ਸਿੰਘ ਦੇ ਸੰਪਰਕ ਵਿੱਚ ਰਹੇ ਹਨ।
ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਸਗੋਂ ਆਪਣੇ ਘਰਾਂ ਵਿੱਚ ਰਹਿ ਕੇ ਇਸ ਬਿਮਾਰੀ ਤੋਂ ਅੱਗੇ ਫੈਲਣ ਤੋਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਹਵਾਈ ਅੱਡੇ ’ਤੇ ਸਾਰੀਆਂ ਕੌਮਾਂਤਰੀ ਅਤੇ ਘਰੇਲੂ ਉਡਾਣਾਂ ਰੱਦ ਹੋਣ ਕਾਰਨ ਹੁਣ ਬਾਹਰਲੇ ਮੁਲਕਾਂ ਜਾਂ ਦੂਜੇ ਸੂਬਿਆਂ ਤੋਂ ਵਿਅਕਤੀ ਮੁਹਾਲੀ ਨਹੀਂ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਵੱਖ-ਵੱਖ ਮੁਲਕਾਂ ’ਚੋਂ ਆਪਣੇ ਪਰਤ ਪਰਤੇ 542 ਵਿਅਕਤੀਆਂ ਨੇ ਕੁਆਰੰਟਾਈਨ (14 ਦਿਨ ਹਾਊਸ ਆਈਸੋਲੇਸ਼ਨ) ਮਿਆਦ ਪੂਰੀ ਕਰ ਲਈ ਹੈ। ਜਦੋਂਕਿ 470 ਵਿਅਕਤੀ ਹਾਲੇ ਵੀ ਹਾਊਸ ਆਈਸੋਲੇਸ਼ਨ ਤਹਿਤ ਘਰਾਂ ਵਿੱਚ ਨਜ਼ਰਬੰਦ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਘਰੇਲੂ ਕੁਆਰੰਟੀਨ ਦਾ ਮਤਲਬ ਇਹ ਨਹੀਂ ਕਿ ਕੋਈ ਵਿਅਕਤੀ ਕਰੋਨਾਵਾਇਰਸ ਦੇ ਲੱਛਣ ਵਾਲਾ ਹੈ ਜਾਂ ਇਸ ਵਾਇਰਸ ਲਈ ਸਕਾਰਾਤਮਿਕ ਹੈ। ਇਹ ਸਿਰਫ਼ ਇਕ ਸਾਵਧਾਨੀ ਉਪਾਅ ਹੈ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…