Nabaz-e-punjab.com

ਕਰੋਨਾਵਾਇਰਸ: ਮੁਹਾਲੀ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ, ਲੋਕਾਂ ਤੋਂ ਸਹਿਯੋਗ ਮੰਗਿਆ

ਮਾਰੂ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਮੁੜ ਅਪੀਲ, ਚੰਗੀ ਖ਼ੁਰਾਕ ਖਾਣ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਪਰੈਲ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾਵਾਇਰਸ ਲਾਗ ਤੋਂ ਪੈਦਾ ਹੋਈ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਸਿਹਤ ਵਿਭਾਗ ਇਸ ਮਾਰੂ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਕੋਈ ਵੀ ਨਵਾਂ ਕੇਸ ਸਾਹਮਣੇ ਆਉਣ ’ਤੇ ਵਿਭਾਗ ਦੀ ਪਹਿਲੀ ਕੋਸ਼ਿਸ਼ ਇਹੋ ਹੁੰਦੀ ਹੈ ਕਿ ਪੀੜਤ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਲਪੇਟੇ ਵਿੱਚ ਨਾ ਆਉਣ ਤੋਂ ਬਚਾਇਆ ਜਾ ਸਕੇ। ਜਿਸ ਕਾਰਨ ਸਬੰਧਤ ਖੇਤਰ ਨੂੰ ਸੀਲ ਕਰ ਦਿੱਤਾ ਜਾਂਦਾ ਹੈ ਅਤੇ ਸੰਪਰਕ ਵਿੱਚ ਆਏ ਲੋਕਾਂ ਨੂੰ ਘਰਾਂ ਵਿੱਚ ਅਲੱਗ ਰਹਿਣ ਦੀ ਹਦਾਇਤ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਅੰਦਰ ਕੋਈ ਪ੍ਰਤੱਖ ਲੱਛਣ ਨਜ਼ਰ ਆਉਂਦਾ ਹੈ ਤਾਂ ਤੁਰੰਤ ਉਸ ਦੀ ਡਾਕਟਰੀ ਜਾਂਚ ਅਤੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾਂਦੇ ਹਨ। ਸਿਹਤ ਵਿਭਾਗ ਦੀਆਂ ਟੀਮਾਂ ਅਹਿਤਿਆਤ ਵਜੋਂ ਘਰਾਂ ਵਿੱਚ ਆਈਸੋਲੇਟ ਕੀਤੇ ਵਿਅਕਤੀਆਂ ਦੀ ਲਗਾਤਾਰ ਜਾਂਚ ਕਰ ਰਹੀਆਂ ਹਨ।
ਡਾ. ਮਨਜੀਤ ਸਿੰਘ ਨੇ ਲੋਕਾਂ ਨੂੰ ਇਸ ਬਿਮਾਰੀ ਤੋਂ ਘਬਰਾਉਣ ਅਤੇ ਡਰਨ ਦੀ ਬਜਾਏ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਘਰਾਂ ਵਿੱਚ ਰਹਿਣ ਦੀ ਮੁੜ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਰੂ ਬਿਮਾਰੀ ਦੇ ਮੁਕੰਮਲ ਖ਼ਾਤਮੇ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਸ ਵੇਲੇ ਆਮ ਨਾਗਰਿਕਾਂ ਦਾ ਆਪਣੇ ਘਰਾਂ ਵਿੱਚ ਰਹਿਣਾ ਕਰੋਨਾ ਦੀ ਰੋਕਥਾਮ ਵਿੱਚ ਸਹਾਈ ਸਿੱਧ ਹੋਵੇਗਾ। ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਦਾ ਅਮਲਾ ਖ਼ਾਸਕਰ ਡਾਕਟਰ, ਨਰਸਾਂ ਅਤੇ ਪੈਰਾਮੈਡੀਕਲ ਸਟਾਫ਼ ਕਰੋਨਾਵਾਇਰਸ ਦੇ ਪ੍ਰਕੋਪ ਨੂੰ ਠੱਲ੍ਹਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੂੰ ਅਹਿਤਿਆਤ ਵਜੋਂ ਘਰਾਂ ਵਿੱਚ ਅਲੱਗ ਰੱਖਿਆ ਗਿਆ ਹੈ, ਉਹ ਬਿਲਕੁਲ ਬਾਹਰ ਨਾ ਨਿਕਲਣ ਅਤੇ ਇਕਾਂਤਵਾਸ ਦੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ। ਜਿਹੜੇ ਲੋਕ ਪਿਛਲੇ ਦਿਨਾਂ ਦੌਰਾਨ ਕਿਸੇ ਬਾਹਰਲੇ ਮੁਲਕ ਦੀ ਯਾਤਰਾ ਕਰ ਕੇ ਆਏ ਹਨ ਅਤੇ ਜਿਨ੍ਹਾਂ ਨੇ ਹਾਲੇ ਤੱਕ ਆਪਣੀ ਵਿਦੇਸ਼ ਯਾਤਰਾ ਬਾਰੇ ਸਿਹਤ ਵਿਭਾਗ ਨੂੰ ਸੂਚਿਤ ਨਹੀਂ ਕੀਤਾ, ਉਹ ਤੁਰੰਤ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਜੇ ਕਿਸੇ ਵਿਅਕਤੀ ਨੂੰ ਖੰਘ, ਜ਼ੁਕਾਮ, ਤੇਜ਼ ਬੁਖ਼ਾਰ, ਸਾਹ ਲੈਣ ਵਿੱਚ ਤਕਲੀਫ਼ ਜਿਹੀ ਸਮੱਸਿਆ ਹੈ ਤਾਂ ਉਹ ਵੀ ਹੈਲਪਲਾਈਨ ’ਤੇ ਸੰਪਰਕ ਕਰ ਕੇ ਸੇਧ ਅਤੇ ਜਾਣਕਾਰੀ ਲੈ ਸਕਦਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਜ਼ਿਲ੍ਹਾ ਵਾਸੀ ਇਸ ਬਿਮਾਰੀ ’ਤੇ ਕੰਟਰੋਲ ਲਈ ਸਿਹਤ ਵਿਭਾਗ ਨਾਲ ਪੂਰਾ ਤਾਲਮੇਲ ਕਰਨਗੇ ਅਤੇ ਛੇਤੀ ਹੀ ਹਾਲਾਤ ਪੂਰੀ ਤਰ੍ਹਾਂ ਆਮ ਜਿਹੇ ਹੋ ਜਾਣਗੇ। ਉਨ੍ਹਾਂ ਲੋਕਾਂ ਨੂੰ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਰੱਖਣ, ਵਾਰ ਵਾਰ ਹੱਥ ਧੋਣ, ਚੰਗੀ ਖ਼ੁਰਾਕ ਖਾਣ ਅਤੇ ਹੋਰ ਸਾਵਧਾਨੀਆਂ ਵਰਤਣ ਲਈ ਵੀ ਪ੍ਰੇਰਿਆ।

Load More Related Articles
Load More By Nabaz-e-Punjab
Load More In Food and health

Check Also

ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ ਅੱਤ ਗਰਮ…