nabaz-e-punjab.com

ਕਰੋਨਾਵਾਇਰਸ: ਮੁਹਾਲੀ ਤੋਂ 4 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਪੁਣੇ ਲੈਬ ’ਚ ਭੇਜੇ

41 ਯਾਤਰੀ ਚੀਨ ਹੋ ਕੇ ਵਾਪਸ ਪਰਤੇ, 8 ਦੀ ਰਿਪੋਰਟ ਨੈਗੇਟਿਵ ਆਈ, 14 ਦੀ ਰਿਪੋਰਟ ਆਉਣੀ ਬਾਕੀ

ਪੰਜਾਬ ਦੇ ਹਵਾਈ ਅੱਡਿਆਂ ਤੇ ਸਰਹੱਦੀ ਪੋਸਟਾਂ ’ਤੇ 1804 ਯਾਤਰੀਆਂ ਦੀ ਜਾਂਚ ਕੀਤੀ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਫਰਵਰੀ:
ਸਿਹਤ ਵਿਭਾਗ ਪੰਜਾਬ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿੱਚ ਹੁਣ ਤੱਕ ਕਰੋਨਾਵਾਇਰਸ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ। ਉਂਜ ਕਰੋਨਾਵਾਇਰਸ ਦੇ ਅੱਜ ਮੁਹਾਲੀ ਤੋਂ ਚਾਰ ਹੋਰ ਸ਼ੱਕੀ ਮਰੀਜ਼ਾਂ ਦੇ ਖੂਨ ਦੇ ਸੈਂਪਲ ਜਾਂਚ ਲਈ ਪੁਣਾ ਲੈਬ ਵਿੱਚ ਭੇਜੇ ਗਏ ਹਨ। ਇਨ੍ਹਾਂ ’ਚੋਂ ਇਕ ਮਰੀਜ਼ ਖਰੜ ਅਤੇ ਤਿੰਨ ਜ਼ੀਰਕਪੁਰ ਇਲਾਕੇ ਨਾਲ ਸਬੰਧਤ ਹਨ। ਇਹ ਜਾਣਕਾਰੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਹੁਣ ਤੱਕ 41 ਵਿਅਕਤੀਆਂ ਦੇ ਚੀਨ ਜਾਣ ਬਾਰੇ ਪਤਾ ਲੱਗਾ ਹੈ, ਜੋ ਹੁਣ ਸਾਰੇ ਵਾਪਸ ਪਰਤ ਆਏ ਹਨ। ਜਿਨ੍ਹਾਂ ਨੂੰ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ ਤਾਂ ਜੋ ਕਰੋਨਾਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ।
ਸ੍ਰੀ ਸਿੱਧੂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਕਿ 15 ਜਨਵਰੀ ਤੋਂ ਬਾਅਦ ਚੀਨ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦੀ ਸਕਰੀਨਿੰਗ ਅਤੇ ਜਾਂਚ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮੂਹ ਜ਼ਿਲ੍ਹਿਆਂ ਨੂੰ ਇਹ ਦਿਸ਼ਾ-ਨਿਰਦੇਸ਼ ਅਤੇ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਅਤੇ ਇਸ ਟੀਚੇ ਦੀ ਪੂਰਤੀ ਲਈ ਪੂਰੀ ਤਿਆਰੀ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ 15 ਜਨਵਰੀ ਤੋਂ ਬਾਅਦ ਚੀਨ ਤੋਂ ਪੰਜਾਬ ਆਉਣ ਵਾਲੇ ਸਾਰੇ ਯਾਤਰੀਆਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ। ਇਨ੍ਹਾਂ ਯਾਤਰੀਆਂ ਦੇ ਖੂਨ ਦੇ ਨਮੂਨੇ ਲਏ ਜਾ ਰਹੇ ਹਨ ਅਤੇ ਕੁਲ 22 ਨਮੂਨੇ ਜਾਂਚ ਲਈ ਐਨਆਈਵੀ ਪੁਣੇ ਲੈਬਾਰਟਰੀ ਭੇਜੇ ਗਏ ਸੀ। ਜਿਨ੍ਹਾਂ ’ਚੋਂ ਅੱਠ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦੋਂਕਿ ਬਾਕੀ 14 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਸਾਰੇ ਨਮੂਨਿਆਂ ਦੀ ਜਾਂਚ ਲਈ ਐਨਆਈਵੀ ਪੁਣੇ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਅਤੇ ਨਤੀਜੇ ਆਉਣ ਤੱਕ ਇਨ੍ਹਾਂ ਵਿਅਕਤੀਆਂ ਨੂੰ ਘਰਾਂ ਵਿੱਚ ਵੱਖਰੇ ਕਮਰੇ ਵਿੱਚ ਰੱਖਿਆ ਗਿਆ ਹੈ ਤਾਂ ਜੋ ਪਰਿਵਾਰ ਦੇ ਬਾਕੀ ਮੈਂਬਰਾਂ ਨੂੰ ਇਸ ਵਾਇਰਸ ਦੀ ਲਪੇਟ ’ਚ ਆਉਣ ਤੋਂ ਬਚਾਇਆ ਜਾ ਸਕੇ।
ਸ੍ਰੀ ਸਿੱਧੂ ਨੇ ਦੱਸਿਆ ਕਿ ਮੁਹਾਲੀ ਅਤੇ ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡਿਆਂ ਸਮੇਤ ਅਟਾਰੀ ਅਤੇ ਡੇਰਾ ਬਾਬਾ ਨਾਨਕ ਦੀਆਂ ਸਰਹੱਦੀ ਚੌਕੀਆਂ ਵਿੱਚ ਨੋਵਲ ਕੋਰੋਨਾਵਾਇਰਸ ਦੀ ਜਾਂਚ ਲਈ ਹੁਣ ਤੱਕ ਕੁੱਲ 1804 ਯਾਤਰੀਆਂ ਦੀ ਸਕਰੀਨਿੰਗ ਕੀਤੀ ਜਾ ਚੁੱਕੀ ਹੈ। ਲੇਕਿਨ ਪੰਜਾਬ ਵਿੱਚ ਹੁਣ ਤੱਕ ਕਿਸੇ ਮਰੀਜ਼ ਨੂੰ ਕਰੋਨਾਵਾਇਰਸ ਦੀ ਪੁਸ਼ਟੀ ਨਹੀਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯਾਤਰੀਆਂ ਦੀ ਸਕਰੀਨਿੰਗ ਦੌਰਾਨ ਕੋਰੋਨਾਵਾਇਰਸ ਦਾ ਕੋਈ ਸੰਕੇਤਕ ਜਾਂ ਸ਼ੱਕੀ ਮਾਮਲਾ ਸਾਹਮਣੇ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਨਾਵਲ ਕੋਰੋਨਾਵਾਇਰਸ ਇਕ ਨਵਾਂ ਵਾਇਰਸ ਹੈ ਜੋ ਪਹਿਲਾਂ ਕਦੇ ਵੀ ਮਨੁੱਖਾਂ ਵਿੱਚ ਨਹੀਂ ਪਾਇਆ ਗਿਆ।
(ਬਾਕਸ ਆਈਟਮ)
ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਭਲਕੇ ਮੰਗਲਵਾਰ ਨੂੰ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਸ਼ਾਰਜਾਹ ਤੋਂ ਆਉਣ ਵਾਲੀ ਫਲਾਈਟ ਦੇ ਯਾਤਰੀਆਂ ਦੀ ਸਕਰੀਨਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਵਾਈ ਅੱਡੇ ’ਤੇ ਹੁਣ ਤੱਕ 561 ਯਾਤਰੀਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਲੇਕਿਨ ਹੁਣ ਤੱਕ ਕਿਸੇ ਮਰੀਜ਼ ਨੂੰ ਕਰੋਨਾਵਾਇਰਸ ਦੀ ਪੁਸ਼ਟੀ ਨਹੀਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਹਵਾਈ ਅੱਡੇ ’ਤੇ ਹਫ਼ਤੇ ਵਿੱਚ ਤਿੰਨ ਦਿਨ ਮੰਗਲਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਨੂੰ ਸ਼ਾਰਜਾਹ ਤੋਂ ਫਲਾਈਟ ਆਉਂਦੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਅਗਲੇ ਹੁਕਮਾਂ ਤੱਕ ਯਾਤਰੀਆਂ ਦੀ ਜਾਂਚ ਦਾ ਕੰਮ ਜਾਰੀ ਰਹੇਗਾ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…