ਭ੍ਰਿਸ਼ਟਚਾਰ ਮਾਮਲਾ: ਪੰਜਾਬ ਕਾਂਗਰਸ ਦੇ ਕੈਪਟਨ ਅਮਰਿੰਦਰ ਤੇ ਹੋਰ ਮੁਲਜ਼ਮ ਮੁਹਾਲੀ ਅਦਾਲਤ ਵਿੱਚ ਪੇਸ਼

ਵਿਜੀਲੈਂਸ ਬਿਊਰੋਂ ਨੂੰ ਨਵੇਂ ਸਿਰਿਓਂ ਕੀਤੀ ਪੜਤਾਲ ਵਿੱਚ ਕੈਪਟਨ ਸਣੇ ਹੋਰ ਮੁਲਜ਼ਮਾਂ ਦੇ ਖ਼ਿਲਾਫ਼ ਨਹੀਂ ਮਿਲਿਆ ਕੋਈ ਠੋਸ ਸਬੂਤ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜਨਵਰੀ:
ਬਹੁ-ਚਰਚਿਤ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਜ਼ਮੀਨ ਘੁਟਾਲੇ ਦੇ ਮਾਮਲੇ ਦੀ ਸੁਣਵਾਈ ਅੱਜ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਆਂਸਲ ਬੇਰੀ ਦੀ ਅਦਾਲਤ ਵਿੱਚ ਹੋਈ। ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ 20 ਜਨਵਰੀ ’ਤੇ ਪਾ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਸਮੇਤ ਇਸ ਮਾਮਲੇ ਵਿੱਚ ਨਾਮਜ਼ਦ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਜੁਗਲ ਕਿਸ਼ੋਰ ਸ਼ਰਮਾ, ਪੰਜਾਬ ਵਿਧਾਨ ਸਭਾ ਦੇ ਸਾਬਕਾ ਸਕੱਤਰ ਨਛੱਤਰ ਸਿੰਘ ਮਾਵੀ, ਸਾਬਕਾ ਸੰਯੁਕਤ ਸਕੱਤਰ ਤਾਰਾ ਸਿੰਘ, ਬ੍ਰਿਗੇਡੀਅਰ (ਸੇਵਾਮੁਕਤ) ਗੁਰਚਰਨ ਸਿੰਘ ਖਾਰਾ, ਬਲਜੀਤ ਸਿੰਘ, ਰਜਿੰਦਰ ਸ਼ਰਮਾ, ਸੁਭਾਸ਼ ਚੰਦ ਸ਼ਰਮਾ ਤੇ ਰੋਹਿਤ ਸ਼ਰਮਾ, ਅਸ਼ਵਨੀ ਕਾਲੇ ਸ਼ਾਹ, ਕ੍ਰਿਸ਼ਨ ਕੁਮਾਰ, ਦਲਜੀਤ ਸਿੰਘ, ਪਰਮਿੰਦਰ ਸਿੰਘ ਤੁੰਗ, ਰਾਜੀਵ ਭਗਤ, ਮਹੇਸ਼ ਖੰਨਾ ਅਤੇ ਵਿੱਕੀ ਸ਼ਰਮਾ ਅਦਾਲਤ ਵਿੱਚ ਪੇਸ਼ ਹੋਏ। ਕੈਪਟਨ ਸਮੇਤ ਉਕਤ ਸਾਰੇ ਮੁਲਜ਼ਮਾਂ ਦੇ ਖ਼ਿਲਾਫ਼ ਪੰਜਾਬ ਵਿਜੀਲੈਂਸ ਥਾਣਾ ਫੇਜ਼-8 ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਰਾਵਾਂ ਅਧੀਨ ਕੇਸ ਦਰਜ ਕੀਤਾ ਗਿਆ ਸੀ। ਇਸ ਕੇਸ ਵਿੱਚ ਨਾਮਜ਼ਦ ਦੋ ਮੁਲਜ਼ਮਾਂ ਸਾਬਕਾ ਮੰਤਰੀ ਚੌਧਰੀ ਜਗਜੀਤ ਸਿੰਘ ਅਤੇ ਸਾਬਕਾ ਮੰਤਰੀ ਕੇਵਲ ਕ੍ਰਿਸ਼ਨ ਦੀ ਮੌਤ ਹੋ ਚੁੱਕੀ ਹੈ।
ਉਧਰ, ਕੈਪਟਨ ਨੇ ਮੀਡੀਆ ਤੋਂ ਦੂਰੀ ਬਣਾਉਣ ਲਈ ਜ਼ਿਲ੍ਹਾ ਪੁਲੀਸ ਅਤੇ ਮੀਡੀਆ ਨੂੰ ਵੀ ਭਿਣਕ ਤੱਕ ਨਹੀਂ ਪੈਣ ਦਿੱਤੀ। ਸਾਬਕਾ ਮੁੱਖ ਮੰਤਰੀ ਆਪਣੇ ਵਕੀਲਾਂ ਰਮਦੀਪ ਪ੍ਰਤਾਪ ਸਿੰਘ ਅਤੇ ਐਚ.ਐਸ. ਪੰਨੂ ਨਾਲ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਆਂਸਲ ਬੇਰੀ ਦੀ ਅਦਾਲਤ ਵਿੱਚ ਪੇਸ਼ ਹੋਏ ਅਤੇ ਆਪਣੀ ਹਾਜ਼ਰੀ ਲੁਆਉਣ ਮਗਰੋਂ ਤੁਰੰਤ ਵਾਪਸ ਚਲੇ ਗਏ। ਉਧਰ, ਕੈਪਟਨ ਦੇ ਅਚਾਨਕ ਅਦਾਲਤ ਵਿੱਚ ਪਹੁੰਚ ਜਾਣ ਕਾਰਨ ਪੁਲੀਸ ਦੇ ਹੱਥ ਪੈਰ ਫੁੱਲ ਗਏ। ਕਿਉਂਕਿ ਕੈਪਟਨ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੋਣ ਕਾਰਨ ਉਨ੍ਹਾਂ ਦੀ ਪੇਸ਼ੀ ਦੌਰਾਨ ਅਕਸਰ ਜ਼ਿਲ੍ਹਾ ਪੁਲੀਸ ਵੱਲੋਂ ਅਦਾਲਤ ਦੇ ਅੰਦਰ ਅਤੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾਂਦੇ ਹਨ ਅਤੇ ਬਕਾਇਦਾ ਰੂਟ ਪਲਾਨ ਬਣਾਇਆ ਜਾਂਦਾ ਹੈ।
ਜ਼ਿਕਰਯੋਗ ਹੈ ਕਿ ਕੈਪਟਨ ਅਤੇ ਹੋਰਨਾਂ ਮੁਲਜ਼ਮਾਂ ਦੇ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਕੇਸ ਨੂੰ ਖ਼ਤਮ ਕਰਨ ਦੇ ਮਾਮਲੇ ਵਿੱਚ ਪਿਛਲੀ ਤਰੀਕ ’ਤੇ ਪੰਜਾਬ ਵਿਧਾਨ ਸਭਾ ਦੀ ਸਕੱਤਰ ਸ੍ਰੀਮਤੀ ਸ਼ਸ਼ੀ ਲਖਨਪਾਲ ਮਿਸ਼ਰਾ ਨੇ ਮੁਹਾਲੀ ਅਦਾਲਤ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣੇ ਬਿਆਨ ਕਲਮਬੰਦ ਕਰਵਾਏ ਸੀ। ਮਹਿਲਾ ਅਧਿਕਾਰੀ ਨੇ ਅਦਾਲਤ ਵਿੱਚ ਦਰਜ ਕਰਵਾਏ ਆਪਣੇ ਬਿਆਨਾਂ ਕਿਹਾ ਸੀ ਕਿ ਜੇਕਰ ਅਦਾਲਤ ਕੈਪਟਨ ਤੇ ਹੋਰਨਾਂ ਮੁਲਜ਼ਮਾਂ ਦੇ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਖ਼ਤਮ ਕਰਦੀ ਹੈ ਤਾਂ ਵਿਧਾਨ ਸਭਾ ਨੂੰ ਕੋਈ ਇਤਰਾਜ਼ ਨਹੀਂ ਹੈ।
ਕੈਪਟਨ ਵਕੀਲਾਂ ਰਮਦੀਪ ਪ੍ਰਤਾਪ ਸਿੰਘ ਅਤੇ ਐਚ.ਐਸ. ਪੰਨੂ ਨੇ ਦੱਸਿਆ ਕਿ ਹਾਈ ਕੋਰਟ ਦੇ ਹੁਕਮਾਂ ’ਤੇ ਪੰਜਾਬ ਵਿਜੀਲੈਂਸ ਬਿਊਰੋਂ ਇਸ ਕੇਸ ਦੀ ਨਵੇਂ ਸਿਰਿਓਂ ਕੀਤੀ ਪੜਤਾਲ ਵਿੱਚ ਕੈਪਟਨ ਸਣੇ ਹੋਰ ਮੁਲਜ਼ਮਾਂ ਦੇ ਖ਼ਿਲਾਫ਼ ਕੋਈ ਠੋਸ ਸਬੂਤ ਨਹੀਂ ਮਿਲਿਆ ਹੈ। ਇਸ ਤਰ੍ਹਾਂ ਹੁਣ ਕੈਪਟਨ ਨੂੰ ਇਸ ਕੇਸ ’ਚੋਂ ਛੁਟਕਾਰਾ ਮਿਲਣ ਦੀ ਆਸ ਬੱਝ ਗਈ ਹੈ। ਇੱਥੇ ਇਹ ਦੱਸਣਯੋਗ ਹੈ ਕਿ ਬੀਤੀ 7 ਅਕਤੂਬਰ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਬਹੁ-ਚਰਚਿਤ ਜ਼ਮੀਨ ਘੁਟਾਲੇ ਦੇ ਮਾਮਲੇ ਵਿੱਚ ਨਾਮਜ਼ਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰਨਾਂ ਮੁਲਜ਼ਮਾਂ ਦੇ ਖ਼ਿਲਾਫ਼ ਦਰਜ ਕੇਸ ਨੂੰ ਖ਼ਤਮ ਕਰਨ ਲਈ ਮੁਹਾਲੀ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ। ਅਦਾਲਤ ਨੇ ਕੇਸ ਦੀ ਸੁਣਵਾਈ 20 ਜਨਵਰੀ 2017 ਤੱਕ ਅੱਗੇ ਟਾਲ ਦਿੱਤੀ ਹੈ। ਇਸ ਦਿਨ ਅਦਾਲਤ ਵੱਲੋਂ ਆਪਣਾ ਫੈਸਲਾ ਸੁਣਾਇਆ ਜਾਵੇਗਾ ਕਿ ਕੈਪਟਨ ਵਿਰੁੱਧ ਚਲ ਰਿਹਾ ਕੇਸ ਖ਼ਤਮ ਕਰਨਾ ਹੈ ਜਾਂ ਨਹੀਂ? ਵਿਧਾਨ ਸਭਾ ਚੋਣਾਂ ਦੇ ਚਲਦਿਆਂ ਸਾਰੀਆਂ ਧਿਰਾਂ ਦੀਆਂ ਨਜ਼ਰਾਂ ਅਦਾਲਤ ਦੇ ਫੈਸਲੇ ’ਤੇ ਟਿੱਕੀਆਂ ਹੋਈਆਂ ਹਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…