ਭ੍ਰਿਸ਼ਟਾਚਾਰ ਦਾ ਮਾਮਲਾ: ਆਸ਼ੀਸ਼ ਕਪੂਰ ਦੇ ਬੈਂਕ ਲਾਕਰ ’ਚੋਂ ਕਿੱਲੋ ਤੋਂ ਵੱਧ ਸੋਨੇ ਦੇ ਗਹਿਣੇ ਬਰਾਮਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਕਤੂਬਰ:
ਪੰਜਾਬ ਵਿਜੀਲੈਂਸ ਬਿਊਰੋ (ਉਡਣ ਦਸਤਾ-1) ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਏਆਈਜੀ ਆਸ਼ੀਸ਼ ਕਪੂਰ ਦੇ ਬੈਂਕ ਲਾਕਰ ’ਚੋਂ ਕਿੱਲੋ ਤੋਂ ਵੱਧ ਸੋਨੇ ਦੇ ਗਹਿਣੇ ਬਰਾਮਦ ਕੀਤੇ ਹਨ। ਉਹ 14 ਅਕਤੂਬਰ ਤੱਕ ਪੁਲੀਸ ਰਿਮਾਂਡ ’ਤੇ ਹਨ। ਵਿਜੀਲੈਂਸ ਬਿਊਰੋ ਦੇ ਏਆਈਜੀ ਮਨਮੋਹਨ ਕੁਮਾਰ ਨੇ ਸਾਬਕਾ ਵਿਜੀਲੈਂਸ ਅਧਿਕਾਰੀ ਦੇ ਲਾਕਰ ’ਚੋਂ ਗਹਿਣੇ ਬਰਾਮਦ ਹੋਣ ਦੀ ਪੁਸ਼ਟੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਆਸ਼ੀਸ਼ ਕਪੂਰ ਵੀ ਮੌਜੂਦ ਸਨ। ਉਨ੍ਹਾਂ ਦੀ ਮੌਜੂਦਗੀ ਵਿੱਚ ਹੀ ਵਿਜੀਲੈਂਸ ਨੇ ਚੰਡੀਗੜ੍ਹ ਦੇ ਸੈਕਟਰ-22 ਸਥਿਤ ਐਚਡੀਐਫ਼ਸੀ ਬੈਂਕ ਵਿਚਲੇ ਲਾਕਰ ਦਾ ਤਾਲਾ ਖੋਲ੍ਹਿਆ ਸੀ। ਤਲਾਸ਼ੀ ਦੌਰਾਨ ਲਾਕਰ ’ਚੋਂ ਇੱਕ ਕਿੱਲੋ ਤੋਂ ਵੱਧ ਸੋਨੇ ਦੇ ਗਹਿਣੇ ਬਰਾਮਦ ਕੀਤੇ ਗਏ ਹਨ।
ਏਆਈਜੀ ਮਨਮੋਹਨ ਕੁਮਾਰ ਨੇ ਦੱਸਿਆ ਕਿ ਵਿਜੀਲੈਂਸ ਨੇ ਇਹ ਸਾਰੇ ਗਹਿਣੇ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਆਸ਼ੀਸ਼ ਕਪੂਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਰਨਾਲ ਵਿੱਚ ਸਰਾਫ਼ ਦਾ ਕੰਮ ਕਰਨ ਵਾਲਾ ਇੱਕ ਵਿਅਕਤੀ ਨੇ ਵਿਜੀਲੈਂਸ ਕੋਲ ਪਹੁੰਚ ਕੀਤੀ ਸੀ। ਉਸ ਨੇ ਵਿਜੀਲੈਂਸ ਕੋਲ ਦਰਜ ਕਰਵਾਏ ਆਪਣੇ ਬਿਆਨਾਂ ਵਿੱਚ ਕਿਹਾ ਕਿ ਏਆਈਜੀ ਆਸ਼ੀਸ਼ ਕਪੂਰ ਨੇ ਉਸ ਨੂੰ ਥਾਣੇ ਸੱਦ ਕੇ ਸੋਨੇ ਗਹਿਣੇ ਬਣਾਉਣ ਲਈ ਕਿਹਾ ਸੀ। ਇਸ ਸਬੰਧੀ ਅਧਿਕਾਰੀ ਨਾਲ ਹੋਈ ਗੱਲਬਾਤ ਦੀ ਸਰਾਫ ਨੇ ਰਿਕਾਰਡਿੰਗ ਕਰ ਲਈ। ਸਰਾਫ ਨੇ ਇਹ ਆਡੀਓ ਕਲਿੱਪ ਵਿਜੀਲੈਂਸ ਨੂੰ ਦਿੱਤੀ ਗਈ ਅਤੇ ਬੀਤੇ ਕੱਲ੍ਹ ਕੇਸ ਦੀ ਸੁਣਵਾਈ ਦੌਰਾਨ ਜੱਜ ਸਾਹਿਬ ਨੂੰ ਵੀ ਦਿਖਾਈ ਗਈ। ਦੱਸ ਦਈਏ ਆਸ਼ੀਸ਼ ਕਪੂਰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਗੰਭੀਰ ਦੋਸ਼ਾਂ ਦਾ ਵੀ ਸਾਹਮਣਾ ਕਰ ਰਹੇ ਹਨ। ਅਧਿਕਾਰੀ ਦੀ ਗ੍ਰਿਫ਼ਤਾਰੀ ਤੋਂ ਵਿਜੀਲੈਂਸ ਦੀ ਤਕਨੀਕੀ ਟੀਮ ਨੇ ਉਸ ਦੀ ਮੁਹਾਲੀ ਸਥਿਤ ਆਲੀਸ਼ਾਨ ਕੋਠੀ ਦੀ ਪੈਮਾਇਸ਼ ਵੀ ਕੀਤੀ ਗਈ ਸੀ।
ਉਧਰ, ਇਸ ਬਹੁਚਰਚਿਤ ਮਾਮਲੇ ਵਿੱਚ ਨਾਮਜ਼ਦ ਜ਼ੀਰਕਪੁਰ ਥਾਣਾ ਦੇ ਤਤਕਾਲੀ ਐਸਐਚਓ ਅਤੇ ਮੌਜੂਦਾ ਡੀਐਸਪੀ ਇੰਟੈਲੀਜੈਂਸ ਪਵਨ ਕੁਮਾਰ ਵਿਜੀਲੈਂਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਵਿਜੀਲੈਂਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਉਸ ਦੀ ਭਾਲ ਵਿੱਚ ਹਰਿਆਣਾ ਸਮੇਤ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਹੈ ਪਰ ਉਹ ਕਿਤੇ ਨਹੀਂ ਮਿਲਿਆ। ਏਆਈਜੀ ਮਨਮੋਹਨ ਕੁਮਾਰ ਨੇ ਕਿਹਾ ਕਿ ਡੀਐਸਪੀ ਪਵਨ ਕੁਮਾਰ ਦੀ ਗ੍ਰਿਫ਼ਤਾਰ ਤੋਂ ਬਾਅਦ ਕੇਸ ਨਾਲ ਸਬੰਧਤ ਕਾਫ਼ੀ ਸੱਚ ਸਾਹਮਣੇ ਆਉਣ ਦੀ ਸੰਭਾਵਨਾ ਹੈ। ਕਿਉਂਕਿ ਜਦੋਂ ਇਹ ਸਾਰਾ ਖੇਲ ਰਚਿਆ ਗਿਆ, ਉਦੋਂ ਉਹ ਜ਼ੀਰਕਪੁਰ ਦਾ ਥਾਣਾ ਮੁਖੀ ਸੀ। ਉਨ੍ਹਾਂ ਕਿਹਾ ਕਿ ਜਲਦੀ ਹੀ ਪਵਨ ਕੁਮਾਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …