Nabaz-e-punjab.com

ਭ੍ਰਿਸ਼ਟਾਚਾਰ ਦਾ ਮਾਮਲਾ: ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਗ੍ਰਿਫ਼ਤਾਰ

ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਹੀ ਵਾਪਸ ਲਈ ਸੀ ਪਟੀਸ਼ਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਗਸਤ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਦੇਰ ਸ਼ਾਮ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਿਜੀਲੈਂਸ ਦੀ ਟੀਮ ਨੇ ਲੁਧਿਆਣਾ ਦੇ ਮਾਡਲ ਟਾਊਨ ਸਥਿਤ ਇੱਕ ਸੈਲੂਨ ’ਚੋਂ ਸਾਬਕਾ ਮੰਤਰੀ ਦੀ ਗ੍ਰਿਫ਼ਤਾਰੀ ਪਾਈ ਗਈ ਹੈ। ਜਦੋਂ ਵਿਜੀਲੈਂਸ ਨੇ ਇਸ ਕਾਰਵਾਈ ਨੂੰ ਅੰਜ਼ਾਮ ਦਿੱਤਾ ਗਿਆ, ਉਸ ਸਮੇਂ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਸਨ।
ਇੱਥੇ ਇਹ ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਵੱਲੋਂ ਰਾਜਾ ਵੜਿੰਗ ਦੀ ਅਗਵਾਈ ਹੇਠ ਇੱਥੋਂ ਦੇ ਸੈਕਟਰ-68 ਸਥਿਤ ਵਿਜੀਲੈਂਸ ਭਵਨ ਦੇ ਬਾਹਰ ਹੱਲਾ ਬੋਲ ਪ੍ਰਦਰਸ਼ਨ ਕਰਨ ਮੌਕੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਵੀ ਮੌਜੂਦ ਸਨ ਅਤੇ ਉਨ੍ਹਾਂ ਨੇ ਵਿਜੀਲੈਂਸ ਨੂੰ ਲਲਕਾਰੇ ਹੋਏ ਕਿਹਾ ਸੀ ਕਿ ਵਿਜੀਲੈਂਸ ਕੁਰੱਪਸ਼ਨ ਕੇਸ ਵਿੱਚ ਨਾਮਜ਼ਦ ਕਰਨ ਬਾਰੇ ਮੀਡੀਆ ’ਚ ਖ਼ਬਰਾਂ ਪ੍ਰਕਾਸ਼ਿਤ ਕਰਵਾ ਕੇ ਉਸ ਨੂੰ ਬਦਨਾਮ ਕਰਨ ਅਤੇ ਡਰ ਤੇ ਦਹਿਸ਼ਤ ਦਾ ਮਾਹੌਲ ਪੈਦਾ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਸੀ ਕਿ ਅੱਜ ਉਹ ਖ਼ੁਦ ਚੱਲ ਕੇ ਵਿਜੀਲੈਂਸ ਦੇ ਮੁੱਖ ਦਫ਼ਤਰ ਪਹੁੰਚੇ ਹਨ, ਜੇ ਉਹ ਦੋਸ਼ੀ ਹਨ ਤਾਂ ਹੁਣ ਵਿਜੀਲੈਂਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਵੇ, ਵਿਜੀਲੈਂਸ ਨੇ ਗੇਟ ਕਿਉਂ ਬੰਦ ਕਰ ਲਏ ਹਨ। ਆਸ਼ੂ ਨੇ ਇਹ ਦਾਅਵਾ ਵੀ ਕੀਤਾ ਸੀ ਪਿਛਲੇ 5 ਮਹੀਨਿਆਂ ਤੋਂ ਆਪ ਸਰਕਾਰ ਦੇ ਹੁਕਮਾਂ ’ਤੇ ਵਿਜੀਲੈਂਸ ਨੇ ਉਸ ਕੋਲ ਰਹੇ ਮਹਿਕਮੇ ਦੀਆਂ ਸਾਰੀਆਂ ਫਾਈਲਾਂ ਛਾਣ ਮਾਰੀਆਂ ਹਨ ਪ੍ਰੰਤੂ ਕੁੱਝ ਨਹੀਂ ਮਿਲਿਆ। ਆਸ਼ੂ ਨੇ ਸਵੇਰੇ ਖ਼ਦਸ਼ਾ ਪ੍ਰਗਟ ਕੀਤਾ ਸੀ ਕਿ ਸੂਬਾ ਸਰਕਾਰ ਵਿਜੀਲੈਂਸ ਨੂੰ ਮੋਹਰਾ ਬਣਾ ਕੇ ਉਸ ਨੂੰ ਝੂਠੇ ਕੇਸ ਵਿੱਚ ਫਸਾਉਣਾ ਚਾਹੁੰਦੀ ਹੈ ਪਰ ਉਹ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹੈ।
ਮਿਲੀ ਜਾਣਕਾਰੀ ਅਨੁਸਾਰ ਮੁਹਾਲੀ ਧਰਨਾ ਪ੍ਰਦਰਸ਼ਨ ਤੋਂ ਬਾਅਦ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਭਾਰਤ ਭੂਸ਼ਨ ਆਸ਼ੂ ਇਕੱਠੇ ਲੁਧਿਆਣਾ ਲਈ ਰਵਾਨਾ ਹੋਏ ਸੀ ਅਤੇ ਦੇਰ ਸ਼ਾਮ ਸਾਬਕਾ ਮੰਤਰੀ ਲੁਧਿਆਣਾ ਦੇ ਮਾਡਲ ਟਾਊਨ ਸਥਿਤ ਇੱਕ ਸੈਲੂਨ ਵਿੱਚ ਆਪਣੇ ਵਾਲਾਂ ਦੀ ਕਟਿੰਗ ਕਰਵਾ ਰਹੇ ਸੀ। ਬਿੱਟੂ ਵੀ ਉੱਥੇ ਮੌਜੂਦ ਸੀ। ਐਨੇ ਵਿੱਚ ਵਿਜੀਲੈਂਸ ਦੀ ਟੀਮ ਨੇ ਭਾਰਤ ਭੂਸ਼ਨ ਆਸ਼ੂ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਅਤੇ ਉਸ ਨੂੰ ਫੜ ਕੇ ਵਿਜੀਲੈਂਸ ਦਫ਼ਤਰ ਲੈ ਗਏ। ਜਿੱਥੇ ਕਾਂਗਰਸੀ ਵਰਕਰਾਂ ਨੇ ਆਪ ਸਰਕਾਰ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਅਤੇ ਸੂਬਾ ਸਰਕਾਰ ’ਤੇ ਸਿਆਸੀ ਬਦਲਾਖੋਰੀ ਦੇ ਦੋਸ਼ ਲਾਏ। ਆਸ਼ੂ ਨੂੰ ਹਿਰਾਸਤ ਵਿੱਚ ਲੈਣ ਪਹੁੰਚੀ ਵਿਜੀਲੈਂਸ ਟੀਮ ਨਾਲ ਰਵਨੀਤ ਬਿੱਟੂ ਉਲਝ ਪਏ ਅਤੇ ਵਿਜੀਲੈਂਸ ਨੂੰ
ਚੋਰ ਦੱਸਦਿਆਂ ਧੱਕੇਸ਼ਾਹੀ ਦੇ ਦੋਸ਼ ਲਾਏ। ਜਦੋਂ ਬਿੱਟੂ ਨੇ ਗ੍ਰਿਫ਼ਤਾਰੀ ਵਰੰਟ ਦਿਖਾਉਣ ਲਈ ਕਿਹਾ ਤਾਂ ਵਿਜੀਲੈਂਸ ਟੀਮ ਇੱਧਰ ਉਧਰ ਤੱਕਣ ਲੱਗ ਪਈ ਅਤੇ ਸੀਨੀਅਰ ਅਧਿਕਾਰੀਆਂ ਦੇ ਮੌਕੇ ’ਤੇ ਪਹੁੰਚਣ ਦੀ ਗੱਲ ਕਹੀ ਗਈ।
ਪਿਛਲੀ ਕਾਂਗਰਸ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਭਾਰਤ ਭੂਸ਼ਨ ਆਸ਼ੂ ਨੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਅੱਜ ਹੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਾਪਸ ਲਈ ਗਈ ਹੈ। ਆਸ਼ੂ ਨੇ ਉੱਚ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕਰਨ ਦਾ ਖ਼ਦਸ਼ਾ ਪ੍ਰਗਟ ਕੀਤਾ ਸੀ। ਸਾਬਕਾ ਮੰਤਰੀ ਨੇ ਮੰਗ ਕੀਤੀ ਸੀ ਕਿ ਉਸ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਘੱਟੋ-ਘੱਟ ਸੱਤ ਦਿਨ ਦਾ ਨੋਟਿਸ ਦਿੱਤਾ ਜਾਵੇ।
ਆਸ਼ੂ ਨੇ ਇਹ ਵੀ ਦਲੀਲ ਦਿੱਤੀ ਸੀ ਕਿ ਜੇਕਰ ਵਿਜੀਲੈਂਸ ਨੂੰ ਉਸ ਦੇ ਸ਼ਿਕਾਇਤਾਂ ਮਿਲੀਆਂ ਹਨ ਤਾਂ ਉਹ ਜਾਂਚ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ, ਬਸ਼ਰਤੇ ਵਿਜੀਲੈਂਸ ਦੀ ਜਾਂਚ ਬਿਲਕੁਲ ਨਿਰਪੱਖ ਹੋਵੇ। ਹਾਲਾਂਕਿ ਇਸ ਤੋਂ ਪਹਿਲਾਂ ਸਾਬਕਾ ਮੰਤਰੀ ਦੀ ਪਟੀਸ਼ਨ ’ਤੇ ਦੋ ਤਿੰਨ ਵਾਰ ਸੁਣਵਾਈ ਜ਼ਰੂਰ ਹੋਈ ਹੈ ਪਰ ਅਦਾਲਤ ਨੇ ਉਸ ਨੂੰ ਕੋਈ ਰਾਹਤ ਨਹੀਂ ਦਿੱਤੀ। ਜਿਸ ਕਾਰਨ ਅੱਜ ਆਸ਼ੂ ਨੇ ਉਕਤ ਪਟੀਸ਼ਨ ਇਹ ਕਹਿ ਕੇ ਵਾਪਸ ਲੈ ਲਈ ਸੀ ਕਿ ਉਹ ਇਸ ਸਬੰਧੀ ਨਵੇਂ ਸਿਰਿਓਂ ਪਟੀਸ਼ਨ ਦਾਇਰ ਕਰਨਗੇ। ਉਧਰ, ਵਿਜੀਲੈਂਸ ਨੇ ਆਸ਼ੂ ਖ਼ਿਲਾਫ਼ 18 ਸ਼ਿਕਾਇਤਾਂ ਮਿਲਣ ਦਾ ਹਵਾਲਾ ਦਿੱਤਾ ਹੈ। ਜਿਨ੍ਹਾਂ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ। ਉਧਰ, ਵਿਜੀਲੈਂਸ ਦੇ ਐੱਸਐੱਸਪੀ ਰਵਿੰਦਰ ਪਾਲ ਸਿੰਘ ਸੰਧੂ ਨੇ ਦੇਰ ਸ਼ਾਮ ਮੀਡੀਆ ਕੋਲ ਭਾਰਤ ਭੂਸ਼ਨ ਆਸ਼ੂ ਨੂੰ ਗ੍ਰਿਫ਼ਤਾਰ ਕਰਨ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਭਲਕੇ ਮੰਗਲਵਾਰ ਨੂੰ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…