ਭ੍ਰਿਸ਼ਟਾਚਾਰ ਦਾ ਮਾਮਲਾ: ਪੁਲੀਸ ਚੌਂਕੀ ਇੰਚਾਰਜ ਏਐਸਆਈ ਕੇਵਲ ਸਿੰਘ ਮੁਅੱਤਲ, ਵਿਭਾਗੀ ਜਾਂਚ ਸ਼ੁਰੂ
ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 7 ਜੂਨ:
ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੰਨੀ ਇਨਕਲੇਵ ਪੁਲੀਸ ਚੌਂਕੀ ਦੇ ਇੰਚਾਰਜ ਏਐਸਆਈ ਕੇਵਲ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮੁਹਾਲੀ ਦੇ ਜ਼ਿਲ੍ਹਾ ਪੁਲੀਸ ਮੁਖੀ ਸ੍ਰ. ਹਰਚਰਨ ਸਿੰਘ ਭੁੱਲਰ ਵੱਲੋਂ ਰਿਸ਼ਵਤਖ਼ੋਰੀ ਦੇ ਦੋਸ਼ਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਚੌਂਕੀ ਪੁਲੀਸ ਕੇਵਲ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਸ੍ਰੀ ਭੁੱਲਰ ਨੇ ਥਾਣੇਦਾਰ ਕੇਵਲ ਸਿੰਘ ਨੂੰ ਮੁਅੱਤਲ ਕਰਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਚੌਂਕੀ ਇੰਚਾਰਜ ਦੇ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਡਿਊਟੀ ਵਿੱਚ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਵਿਜੀਲੈਂਸ ਬਿਊਰੋ ਦੇ ਜਾਂਚ ਅਧਿਕਾਰੀ ਇੰਸਪੈਕਟਰ ਤੇਜਪਾਲ ਸਿੰਘ ਨੇ ਦੱਸਿਆ ਕਿ ਫਰਾਰ ਚੌਂਕੀ ਇੰਚਾਰਜ ਕੇਵਲ ਸਿੰਘ ਦੀ ਗ੍ਰਿਫ਼ਤਾਰੀ ਲਈ ਵੱਖ ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਵਿਜੀਲੈਂਸ ਅਨੁਸਾਰ ਪੀੜਤ ਕੋਲੋਂ ਰਿਸ਼ਵਤ ਦੇ ਪੈਸੇ ਚੌਂਕੀ ਇੰਚਾਰਜ ਨੇ ਹੀ ਮੰਗੇ ਸਨ, ਪ੍ਰੰਤੂ ਛਾਪੇਮਾਰੀ ਦੌਰਾਨ ਵਿਜੀਲੈਂਸ ਵੱਲੋਂ ਕੰਪਿਊਟਰ ਅਪਰੇਟਰ ਸਰਬਜੀਤ ਸਿੰਘ ਕੋਲੋਂ ਰਿਸ਼ਵਤ ਦੀ ਰਾਸ਼ੀ ਬਰਾਮਦ ਕੀਤੀ ਗਈ। ਜਾਂਚ ਅਧਿਕਾਰੀ ਨੇ ਕਿਹਾ ਕਿ ਚੌਂਕੀ ਇੰਚਾਰਜ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।