nabaz-e-punjab.com

ਭ੍ਰਿਸ਼ਟਾਚਾਰ ਕੇਸ: ਪੰਜਾਬ ਕਾਂਗਰਸ ਦਾ ਵਿਜੀਲੈਂਸ ਭਵਨ ਦੇ ਬਾਹਰ ਹੱਲਾ ਬੋਲ ਪ੍ਰਦਰਸ਼ਨ

‘ਸਾਨੂੰ ਵਿਜੀਲੈਂਸ ਤੋਂ ਦੱਬਕੇ ਮਰਵਾ ਕੇ ਡਰਾਉਣ ਦੀ ਕੋਸ਼ਿਸ਼ ਨਾ ਕਰੇ ‘ਆਪ’ ਸਰਕਾਰ: ਰਾਜਾ ਵੜਿੰਗ

‘ਮੈਂ ਖ਼ੁਦ ਚੱਲ ਕੇ ਵਿਜੀਲੈਂਸ ਦਫ਼ਤਰ ਆਇਆ ਹਾਂ ਹੁਣ ਗ੍ਰਿਫ਼ਤਾਰ ਕਰੇ ਵਿਜੀਲੈਂਸ: ਭਾਰਤ ਭੂਸ਼ਨ ਆਸ਼ੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਗਸਤ:
ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਕਾਰਨ ਹੁਣ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਵੀ ਵਿਰੋਧੀਆਂ ਦੇ ਨਿਸ਼ਾਨੇ ’ਤੇ ਆ ਗਏ ਹਨ। ਅੱਜ ਕਾਂਗਰਸੀ ਵਰਕਰਾਂ ਨੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਇੱਥੋਂ ਦੇ ਸੈਕਟਰ-68 ਸਥਿਤ ਵਿਜੀਲੈਂਸ ਭਵਨ ਦੇ ਬਾਹਰ ਹੱਲਾ ਬੋਲ ਪ੍ਰਦਰਸ਼ਨ ਕੀਤਾ ਅਤੇ ਹੁਕਮਰਾਨਾਂ ’ਤੇ ਸਿਆਸੀ ਬਦਲਾਖੋਰੀ ਤਹਿਤ ਝੂਠੇ ਕੇਸਾਂ ਵਿੱਚ ਫਸਾਉਣ ਦੇ ਦੋਸ਼ ਲਾਏ।
ਅੱਜ ਜਿਵੇਂ ਹੀ ਰਾਜਾ ਵੜਿੰਗ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਤੇ ਸਾਬਕਾ ਵਿਧਾਇਕ ਵਿਜੀਲੈਂਸ ਭਵਨ ਪਹੁੰਚੇ ਤਾਂ ਸੁਰੱਖਿਆ ਕਰਮੀਆਂ ਨੇ ਦੋਵੇਂ ਮੁੱਖ ਗੇਟ ਭੇੜ ਲਏ ਅਤੇ ਕਿਸੇ ਵੀ ਕਾਂਗਰਸੀ ਨੂੰ ਅੰਦਰ ਨਹੀਂ ਜਾਣ ਦਿੱਤਾ। ਜਿਸ ਕਾਰਨ ਨੱਕੋਂ ਨੱਕ ਰੋਹ ਨਾਲ ਭਰੇ ਕਾਂਗਰਸੀ ਆਗੂਆਂ ਨੇ ਵਿਜੀਲੈਂਸ ਭਵਨ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ।
ਇਸ ਮੌਕੇ ਰਾਜਾ ਵੜਿੰਗ ਨੇ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ‘ਆਪ ਸਰਕਾਰ ਸਾਨੂੰ ਵਿਜੀਲੈਂਸ ਤੋਂ ਦੱਬਕੇ ਮਰਵਾ ਕੇ ਡਰਾਉਣ ਦੀ ਬਿਲਕੁਲ ਵੀ ਕੋਸ਼ਿਸ਼ ਨਾ ਕਰੇ।’ ਉਨ੍ਹਾਂ ਸੁਆਲ ਕੀਤਾ ਕਿ ‘ਕੀ ਅਸੀਂ ਗੁਨਾਹਗਾਰ ਹਾਂ’ ਕੀ ਅਸੀਂ ਕੋਈ ਪਾਪ ਕੀਤਾ ਹੈ।’ ਉਨ੍ਹਾਂ ਕਿਹਾ ਕਿ ਸਾਨੂੰ ਨਿਆਂ ਪ੍ਰਣਾਲੀ ’ਤੇ ਪੂਰਾ ਭਰੋਸਾ ਹੈ ਅਤੇ ਜਦੋਂ ਤੱਕ ਅਦਾਲਤ ਕਿਸੇ ਆਗੂ ਨੂੰ ਦੋਸ਼ੀ ਨਹੀਂ ਠਹਿਰਾ ਦਿੰਦੀ ਉਦੋਂ ਤੱਕ ਉਹ ਬੇਗੁਨਾਹ ਹਨ’। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਉਹ ਭ੍ਰਿਸ਼ਟਾਚਾਰ ਦੇ ਸਖ਼ਤ ਖ਼ਿਲਾਫ਼ ਹਨ। ਬਸ਼ਰਤੇ ਵਿਜੀਲੈਂਸ ਬਿਨਾਂ ਕਿਸੇ ਸਿਆਸੀ ਦਬਾਅ ਤੋਂ ਆਪਣਾ ਕੰਮ ਕਰੇ ਤਾਂ ‘ਅਸੀਂ ਜਾਂਚ ਵਿੱਚ ਪੂਰਾ ਸਹਿਯੋਗ ਦੇਵਾਂਗੇ।’ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਸੀਨੀਅਰ ਆਗੂ ਵਿਜੀਲੈਂਸ ਅਧਿਕਾਰੀਆਂ ਨੂੰ ਮਿਲ ਕੇ ਮੰਗ ਪੱਤਰ ਦੇਣ ਆਏ ਸੀ ਪਰ ਹੈਰਾਨੀ ਦੀ ਗੱਲ ਹੈ ਕਿ ਵਿਜੀਲੈਂਸ ਨੇ ਉਨ੍ਹਾਂ ਨੂੰ ਮਿਲਣ ਜਾਂ ਪੱਖ ਸੁਣਨ ਦੀ ਥਾਂ ਆਪਣੇ ਬੂਹੇ ਭੇੜ ਲਏ।
ਰਾਜਾ ਵੜਿੰਗ ਨੇ ਕਿਹਾ ਕਿ ਆਪ ਸਰਕਾਰ ਨੇ ਸੱਚਾ ਬਣਨ ਅਤੇ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਲਈ ਆਪਣੇ ਹੀ ਵਜ਼ਾਰਤ ਦੇ ਮੰਤਰੀ ਵਿਜੈ ਸਿੰਗਲਾ ਨੂੰ ਫੜ ਲਿਆ ਅਤੇ ਬਾਅਦ ਵਿੱਚ ਜ਼ਮਾਨਤ ’ਤੇ ਰਿਹਾਅ ਵੀ ਕਰਵਾ ਲਿਆ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਚੋਣਾਂ ਜਿੱਤਣ ਲਈ ਡਰਾਮਾ ਕੀਤਾ ਗਿਆ ਹੈ। ਉਨ੍ਹਾਂ ਵਿਜੀਲੈਂਸ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ‘ਸਾਨੂੰ ਪੈਂਤੀ ਨਾ ਪੜ੍ਹਾਓ, ਅਸੀਂ ਸਾਰੇ ਪੜ੍ਹੇ ਲਿਖੇ ਹਾਂ’। ਉਨ੍ਹਾਂ ਕਿਹਾ ਕਿ ਸਰਕਾਰਾਂ ਤਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ। ਕਦੇ ਦਾਦੇ ਦੀਆਂ ਅਤੇ ਕਦੇ ਪੋਤੇ ਦੀਆਂ। ਉਨ੍ਹਾਂ ਸਾਫ਼ ਲਫ਼ਜ਼ਾਂ ਵਿੱਚ ਕਿਹਾ ਕਿ ਧੱਕੇਸ਼ਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਉਸ ਦੇ ਖ਼ਿਲਾਫ਼ ਵਿਜੀਲੈਂਸ ਜਾਂਚ ਅਤੇ ਕੁਰੱਪਸ਼ਨ ਦੇ ਕੇਸ ਵਿੱਚ ਨਾਮਜ਼ਦ ਕਰਨ ਬਾਰੇ ਮੀਡੀਆ ’ਚ ਖ਼ਬਰਾਂ ਪ੍ਰਕਾਸ਼ਿਤ ਕਰਵਾ ਕੇ ਸੂਬਾ ਸਰਕਾਰ ਉਨ੍ਹਾਂ ਨੂੰ ਬਦਨਾਮ ਕਰਨ ਅਤੇ ਡਰ ਤੇ ਦਹਿਸ਼ਤ ਦਾ ਮਾਹੌਲ ਪੈਦਾ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਉਹ ਖ਼ੁਦ ਚੱਲ ਕੇ ਵਿਜੀਲੈਂਸ ਦਫ਼ਤਰ ਪਹੁੰਚੇ ਹਨ, ਜੇ ਉਹ ਦੋਸ਼ੀ ਹਨ ਤਾਂ ਹੁਣ ਵਿਜੀਲੈਂਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਵੇ, ਆਪਣੇ ਗੇਟ ਕਿਉਂ ਬੰਦ ਕਰ ਲਏ ਹਨ। ਉਨ੍ਹਾਂ ਕਿਹਾ ਕਿ ਪਿਛਲੇ 5 ਮਹੀਨਿਆਂ ਤੋਂ ਸਰਕਾਰ ਦੇ ਹੁਕਮਾਂ ’ਤੇ ਵਿਜੀਲੈਂਸ ਨੇ ਉਸ ਦੇ ਵਿਭਾਗ ਦੀਆਂ ਸਾਰੀਆਂ ਫਾਈਲਾਂ ਛਾਣ ਮਾਰੀਆਂ ਪ੍ਰੰਤੂ ਕੁੱਝ ਨਹੀਂ ਮਿਲਿਆ। ਹੁਣ ਸਰਕਾਰ ਵਿਜੀਲੈਂਸ ਨੂੰ ਮੋਹਰਾ ਬਣਾ ਕੇ ਉਸ ਨੂੰ ਝੂਠੇ ਕੇਸ ਵਿੱਚ ਫਸਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ-ਬਰ-ਤਿਆਰ ਹਨ।
ਇਸ ਮੌਕੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਹਰਦਿਆਲ ਸਿੰਘ ਕੰਬੋਜ ਸਮੇਤ ਹੋਰ ਸੀਨੀਅਰ ਆਗੂ ਅਤੇ ਸਰਗਰਮ ਵਰਕਰ ਮੌਜੂਦ ਸਨ। ਅਖੀਰ ਤੱਕ ਜਦੋਂ ਵਿਜੀਲੈਂਸ ਨੇ ਕਾਂਗਰਸੀ ਵਫ਼ਦ ਕੋਲੋਂ ਮੰਗ ਪੱਤਰ ਨਹੀਂ ਲਿਆ ਤਾਂ ਉਹ ਜਾਂਦੇ ਹੋਏ ਮੁਹਾਲੀ ਦੇ ਐਸਪੀ ਸਿਟੀ ਨੂੰ ਮੰਗ ਪੱਤਰ ਫੜਾ ਕੇ ਵਾਪਸ ਚਲੇ ਗਏ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…