Nabaz-e-punjab.com

ਭ੍ਰਿਸ਼ਟਾਚਾਰ ਦਾ ਮਾਮਲਾ: ਵਿਜੀਲੈਂਸ ਵੱਲੋਂ ਜਥੇਦਾਰ ਕੋਲਿਆਂਵਾਲੀ ਦੀ ਗ੍ਰਿਫ਼ਤਾਰੀ ਲਈ ਵੱਖ ਵੱਖ ਥਾਵਾਂ ’ਤੇ ਛਾਪੇਮਾਰੀ

ਜਥੇਦਾਰ ਕੋਲਿਆਂਵਾਲੀ ਵੱਲੋਂ ਜ਼ਮੀਨ ਤਬਦੀਲੀ ਸਬੰਧੀ ਦੂਜੀ ਧਿਰ ਨਾਲ ਧੋਖਾਧੜੀ, ਵਿਜੀਲੈਂਸ ਵੱਲੋਂ ਜੁਰਮ ’ਚ ਵਾਧਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਾਰਚ:
ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਬਾਦਲ ਪਰਿਵਾਰ ਦੇ ਅਤਿ ਨਜ਼ਦੀਕੀ, ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਸਾਬਕਾ ਮੈਂਬਰ ਅਤੇ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਚੇਅਰਮੈਨ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੀਆਂ ਮੁਸ਼ਕਲਾਂ ਹੋਰ ਵਧਣੀਆਂ ਸ਼ੁਰੂ ਹੋ ਗਈਆਂ ਹਨ। ਲੋਕਾਂ ਸਭਾ ਚੋਣਾਂ ਦੇ ਐਨ ਮੌਕੇ ਮੁਹਾਲੀ ਅਦਾਲਤ ਵੱਲੋਂ ਜਥੇਦਾਰ ਕੋਲਿਆਂਵਾਲੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਮੁੱਢੋਂ ਰੱਦ ਕਰਨ ਤੋਂ ਬਾਅਦ ਹੁਣ ਪੰਜਾਬ ਵਿਜੀਲੈਂਸ ਨੇ ਅਕਾਲੀ ਜਥੇਦਾਰ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਦੀਆਂ ਟੀਮਾਂ ਵੱਲੋਂ ਅਕਾਲੀ ਆਗੂ ਦੀ ਗ੍ਰਿਫ਼ਤਾਰੀ ਲਈ ਅੱਜ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਹੈ।
ਇਸ ਸਬੰਧੀ ਵਿਜੀਲੈਂਸ ਦੇ ਐਸਐਸਪੀ ਅਸ਼ੋਕ ਬਾਠ ਨੇ ਦੱਸਿਆ ਕਿ ਜਥੇਦਾਰ ਕੋਲਿਆਂਵਾਲੀ ਦੇ ਖ਼ਿਲਾਫ਼ ਪਹਿਲਾਂ ਤੋਂ ਦਰਜ ਕੇਸ ਵਿੱਚ ਹੁਣ ਆਈਪੀਸੀ ਦੀ ਧਾਰਾ 120ਬੀ, 465, 467, 468 ਅਤੇ 471 ਦੇ ਤਹਿਤ ਜੁਰਮ ਵਿੱਚ ਹੋਰ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਥੇਦਾਰ ਨੇ ਜ਼ਮੀਨ ਦੇ ਤਬਾਦਲੇ ਸਬੰਧੀ ਦੂਜੀ ਧਿਰ ਨਾਲ ਧੋਖਾਧੜੀ ਕੀਤੀ ਹੈ। ਅਕਾਲੀ ਆਗੂ ਨੇ ਜ਼ਮੀਨ ਤਬਾਦਲੇ ਸਬੰਧੀ ਦੂਜੀ ਧਿਰ ਤੋਂ ਤਾਂ ਲੋੜੀਂਦੀ ਜ਼ਮੀਨ ਆਪਣੇ ਨਾਂ ਕਰਵਾ ਲਈ ਪ੍ਰੰਤੂ ਬਦਲੇ ਵਿੱਚ ਜਿਹੜੀ ਜ਼ਮੀਨ ਦੂਜੀ ਧਿਰ ਨੂੰ ਦਿੱਤੀ ਗਈ, ਉਹ ਜਥੇਦਾਰ ਦੀ ਮਲਕੀਅਤ ਨਹੀਂ ਸੀ। ਜਥੇਦਾਰ ਨੇ ਉਕਤ ਦੇ ਜਾਅਲੀ ਦਸਤਾਵੇਜ਼ ਤਿਆਰ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਜਥੇਦਾਰ ਦੀ ਗ੍ਰਿਫ਼ਤਾਰੀ ਲਈ ਸ਼ੁੱਕਰਵਾਰ ਨੂੰ ਸ਼ਾਮ ਨੂੰ ਵਿਜੀਲੈਂਸ ਦੀ ਟੀਮ ਵੱਲੋਂ ਉਨ੍ਹਾਂ ਦੇ ਜੱਦੀ ਪਿੰਡ ਕੋਲਿਆਂਵਾਲੀ ਅਤੇ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਸੀ ਅਤੇ ਅੱਜ ਵੀ ਵਿਜੀਲੈਂਸ ਦੀਆਂ ਵੱਖ ਵੱਖ ਟੀਮਾਂ ਵੱਲੋਂ ਕਈ ਸੰਭਾਵਿਤ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਜਥੇਦਾਰ ਦੀ ਉਨ੍ਹਾਂ ਦੇ ਜੱਦੀ ਪਿੰਡ ਕੋਲਿਆਂਵਾਲੀ ਵਿੱਚ ਸਥਿਤ ਮਹਿਲਨੁਮਾ ਆਲੀਸ਼ਾਨ ਕੋਠੀ ਦੀ ਪੈਮਾਇਸ਼ ਬਾਰੇ ਜਾਂਚ ਰਿਪੋਰਟ ਮਿਲ ਗਈ ਹੈ ਅਤੇ ਵਿਜੀਲੈਂਸ ਵੱਲੋਂ ਜਥੇਦਾਰ ਖ਼ਿਲਾਫ਼ ਦਰਜ ਕੇਸ ਵਿੱਚ ਜਿਹੜੇ ਦੋਸ਼ ਲਗਾਏ ਗਏ ਹਨ। ਜਾਂਚ ਵਿੱਚ ਉਹ ਸਹੀ ਸਾਬਤ ਹੋਏ ਹਨ।
ਇੱਥੇ ਇਹ ਦੱਸਣਯੋਗ ਹੈ ਕਿ ਅਕਾਲੀ ਜਥੇਦਾਰ ਵਿਰੁੱਧ ਬੀਤੀ 1 ਜੁਲਾਈ ਨੂੰ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਆਮਦਨ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਵਿਜੀਲੈਂਸ ਅਨੁਸਾਰ ਸਾਲ 2009 ਤੋਂ ਸਾਲ 2014 ਦੇ ਸਮੇਂ ਦੌਰਾਨ ਉਕਤ ਮੁਲਜ਼ਮ ਵੱਲੋਂ ਉਕਤ ਵੱਖ ਵੱਖ ਪ੍ਰਮੁੱਖ ਅਹੁਦਿਆਂ ’ਤੇ ਰਹਿੰਦਿਆਂ ਜਾਇਦਾਦ ਬਣਾਉਣ ਸਬੰਧੀ ਪੜਤਾਲ ਕੀਤੀ ਗਈ ਅਤੇ ਉਸ ਵੱਲੋਂ ਆਪਣੇ ਜਾਣੂ ਵਸੀਲਿਆਂ ਤੋਂ ਪ੍ਰਾਪਤ ਕੁੱਲ ਆਮਦਨ ਨਾਲੋਂ 1.71 ਕਰੋੜ ਰੁਪਏ ਦਾ ਵੱਧ ਖਰਚਾ ਕੀਤਾ ਗਿਆ ਜੋ ਕਿ ਅਸਲ ਆਮਦਨ ਨਾਲੋਂ ਤਕਰੀਬਨ 71 ਫੀਸਦੀ ਵੱਧ ਬਣਦਾ ਹੈ।

Load More Related Articles
Load More By Nabaz-e-Punjab
Load More In General News

Check Also

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਅਧਿਆਪਕ ਤੇ ਕਰਮਚਾਰੀ ਯੂਨੀ…