
ਭ੍ਰਿਸ਼ਟਾਚਾਰ ਦਾ ਮਾਮਲਾ: ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ ਸਮੇਤ ਚਾਰ ਗ੍ਰਿਫ਼ਤਾਰ, ਛੇ ਫਰਾਰ
ਮਾਜਰੀ ਬਲਾਕ ਦੇ ਪਿੰਡਾਂ ਦੀ 100 ਏਕੜ ਜ਼ਮੀਨ ਦਾ ਗਲਤ ਤਰੀਕੇ ਨਾਲ ਤਬਾਦਲਾ ਕਰਨ ਦਾ ਮਾਮਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਨਵੰਬਰ:
ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਭ੍ਰਿਸ਼ਟਾਚਾਰ ਦੇ ਇਕ ਪੁਰਾਣੇ ਮਾਮਲੇ ਵਿੱਚ ਨਾਇਬ ਤਹਿਸੀਲਦਾਰ ਵਰਿੰਦਰ ਸਿੰਘ ਧੂਤ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਇਕ ਪ੍ਰਾਪਰਟੀ ਡੀਲਰ ਸ਼ਾਮ ਲਾਲ, ਇਕ ਪਟਵਾਰੀ ਇਕਬਾਲ ਸਿੰਘ ਅਤੇ ਨੰਬਰਦਾਰ ਗੁਰਨਾਮ ਸਿੰਘ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ਸਾਰਿਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਬਲਬੀਰ ਸਿੰਘ, ਤਰਸੇਮ ਸਿੰਘ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਬੀਰ ਸਿੰਘ ਅਤੇ ਕਾਬਲ ਸਿੰਘ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਇਹ ਸਾਰੇ ਵਿਅਕਤੀ ਫਿਲਹਾਲ ਵਿਜੀਲੈਂਸ ਦੀ ਗ੍ਰਿਫ਼ਤ ਤੋਂ ਬਾਹਰ ਹਨ।
ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਵਰਿੰਦਰ ਸਿੰਘ ਧੂਤ ਜ਼ੀਰਕਪੁਰ ਸਬ ਤਹਿਸੀਲ ਜ਼ੀਰਕਪੁਰ ਵਿੱਚ ਨਾਇਬ ਤਹਿਸੀਲਦਾਰ ਤਾਇਨਾਤ ਸਨ। ਇਸ ਤੋਂ ਪਹਿਲਾਂ ਉਹ ਗਮਾਡਾ ਅਤੇ ਬਲਾਕ ਮਾਜਰੀ ਦੇ ਨਾਇਬ ਤਹਿਸੀਲਦਾਰ ਰਹਿ ਚੁੱਕੇ ਹਨ। ਵਿਜੀਲੈਂਸ ਦੀ ਜਾਣਕਾਰੀ ਅਨੁਸਾਰ ਮਾਲ ਅਧਿਕਾਰੀ ’ਤੇ ਆਪਣੇ ਅਹੁਦੇ ਦੀ ਕਥਿਤ ਦੁਰਵਰਤੋਂ ਕਰਕੇ ਬਲਾਕ ਮਾਜਰੀ ਵਿੱਚ ਤਾਇਨਾਤੀ ਦੌਰਾਨ ਨੇੜਲੇ ਪਿੰਡਾਂ ਦੀ ਕਰੀਬ 100 ਏਕੜ ਜ਼ਮੀਨ ਦਾ ਗਲਤ ਤਰੀਕੇ ਨਾਲ ਤਬਾਦਲਾ ਕਰਕੇ ਉਸ ਨੂੰ ਅੱਗੇ ਵੇਚਣ ਦਾ ਦੋਸ਼ ਹੈ। ਮਿਲੀ ਜਾਣਕਾਰੀ ਅਨੁਸਾਰ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਹੋਰਾਂ ਨੇ ਕੁੱਝ ਸਮਾਂ ਪਹਿਲਾਂ ਬਲਾਕ ਮਾਜਰੀ ਵਿੱਚ ਜ਼ਮੀਨਾਂ ਦੀ ਖ਼ਰੀਦੋ ਫ਼ਰੋਖ਼ਤ ਦਾ ਮਾਮਲਾ ਵੱਡੇ ਪੱਧਰ ’ਤੇ ਚੁੱਕਿਆ ਗਿਆ ਸੀ। ਇਹ ਮਾਮਲਾ ਮੀਡੀਆ ਦੀ ਸੁਰਖ਼ੀਆ ਬਣਨ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ ਸੀ ਅਤੇ ਵਿਜੀਲੈਂਸ ਨੇ ਆਪਣੀ ਮੁੱਢਲੀ ਜਾਂਚ ਪੜਤਾਲ ਵਿੱਚ ਉਕਤ ਵਿਅਕਤੀਆਂ ਨੂੰ ਕਸੂਰਵਾਰ ਠਹਿਰਾਇਆ ਗਿਆ ਗਿਆ ਹੈ। ਨਾਇਬ ਤਹਿਸੀਲਦਾਰ ਅਤੇ ਬਾਕੀ ਮੁਲਜ਼ਮਾਂ ਨੂੰ ਭਲਕੇ ਮੰਗਲਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ। ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਜ਼ਮੀਨਾਂ ਦੀ ਖ਼ਰੀਦੋ ਫ਼ਰੋਖ਼ਤ ਸਬੰਧੀ ਹੋਰ ਅਹਿਮ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ।