
ਭ੍ਰਿਸ਼ਟਾਚਾਰ ਦਾ ਮਾਮਲਾ: ਸਾਬਕਾ ਮੰਤਰੀ ਧਰਮਸੋਤ, ਓਐਸਡੀ ਤੇ ਮੀਡੀਆ ਸਲਾਹਕਾਰ ਨੂੰ ਜੇਲ੍ਹ ਭੇਜਿਆ
ਮਨਪਸੰਦ ਸਟੇਸ਼ਨਾਂ ’ਤੇ ਬਦਲੀਆਂ ਕਰਵਾਉਣ ਵਾਲੇ ਡੀਐਫ਼ਓਜ਼ ਨੂੰ ਜਾਂਚ ’ਚ ਸ਼ਾਮਲ ਹੋਣ ਲਈ ਕੀਤਾ ਤਲਬ
ਵਿਜੀਲੈਂਸ ਦੀ ਜਾਂਚ ਟੀਮ ਨੇ ਮੁਲਜ਼ਮਾਂ ਦਾ ਪੁਲੀਸ ਰਿਮਾਂਡ ਵਧਾਉਣ ਲਈ ਅਦਾਲਤ ’ਚ ਦਿੱਤੀ ਸੀ ਅਰਜ਼ੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੂਨ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਜੰਗਲਾਤ ਵਿਭਾਗ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਸ ਦੇ ਓਐਸਡੀ ਚਮਕੌਰ ਸਿੰਘ ਅਤੇ ਮੀਡੀਆ ਸਲਾਹਕਾਰ ਕਮਲਜੀਤ ਸਿੰਘ ਖੰਨਾ ਨੂੰ ਪਹਿਲਾਂ ਦਿੱਤਾ ਪੁਲੀਸ ਰਿਮਾਂਡ ਖ਼ਤਮ ਹੋਣ ’ਤੇ ਸੋਮਵਾਰ ਨੂੰ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਇਨ੍ਹਾਂ ਸਾਰਿਆਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਪੇਸ਼ੀ ਦੌਰਾਨ ਧਰਮਸੋਤ ਦੇ ਪਰਿਵਾਰਕ ਮੈਂਬਰ ਅਤੇ ਸਮਰਥਕ ਵੱਡੀ ਗਿਣਤੀ ਵਿੱਚ ਅਦਾਲਤ ਵਿੱਚ ਮੌਜੂਦ ਸਨ।
ਉਧਰ, ਜ਼ਿਲ੍ਹਾ ਜੰਗਲਾਤ ਅਫ਼ਸਰ (ਡੀਐਫ਼ਓ) ਗੁਰਅਮਨਪ੍ਰੀਤ ਸਿੰਘ ਬੈਂਸ ਅਤੇ ਠੇਕੇਦਾਰ ਹਰਮੋਹਿੰਦਰ ਸਿੰਘ ਨੂੰ ਭਲਕੇ ਮੰਗਲਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਹ ਚਾਰ ਦਿਨ ਦੇ ਪੁਲੀਸ ਰਿਮਾਂਡ ਅਧੀਨ ਵਿਜੀਲੈਂਸ ਦੀ ਹਿਰਾਸਤ ਵਿੱਚ ਹਨ। ਬੀਤੀ 10 ਜੂਨ ਨੂੰ ਇਨ੍ਹਾਂ ਦੋਵਾਂ ਨੂੰ ਬਾਕੀ ਮੁਲਜ਼ਮਾਂ ਨਾਲ ਕਰਾਸ ਪੁੱਛਗਿੱਛ ਲਈ ਜੇਲ੍ਹ ’ਚੋਂ ਪ੍ਰੋਡਕਸ਼ਨ ਵਰੰਟ ’ਤੇ ਲਿਆਂਦਾ ਗਿਆ ਸੀ।
ਵਿਜੀਲੈਂਸ ਦੇ ਡੀਐਸਪੀ ਹਰਵਿੰਦਰਪਾਲ ਸਿੰਘ ਅਤੇ ਸਰਕਾਰੀ ਵਕੀਲ ਨੇ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਸਾਬਕਾ ਮੰਤਰੀ ਧਰਮਸੋਤ ਅਤੇ ਉਸ ਦੇ ਓਐਸਡੀ ਤੇ ਮੀਡੀਆ ਸਲਾਹਕਾਰ ਕਮਲਜੀਤ ਸਿੰਘ ਨੂੰ ਦੁਬਾਰਾ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਣ ਦੀ ਅਪੀਲ ਕੀਤੀ ਗਈ। ਵਿਜੀਲੈਂਸ ਨੇ ਬਹਿਸ ਦੌਰਾਨ ਇਹ ਦਲੀਲ ਦਿੱਤੀ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਵਿਜੀਲੈਂਸ ਦੀ ਜਾਂਚ ਨੂੰ ਸਹਿਯੋਗ ਨਹੀਂ ਦੇ ਰਹੇ ਹਨ। ਉਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾਣੀ ਬਾਕੀ ਹੈ। ਇਸ ਤੋਂ ਇਲਾਵਾ ਕਾਂਗਰਸ ਸਰਕਾਰ ਸਮੇਂ ਪੈਸੇ ਦੇ ਕੇ ਆਪਣੇ ਮਨਪਸੰਦ ਸਟੇਸ਼ਨਾਂ ’ਤੇ ਬਦਲੀਆਂ ਕਰਵਾਉਣ ਦੇ ਕਥਿਤ ਦੋਸ਼ਾਂ ਦਾ ਸਾਹਮਣਾ ਕਰ ਰਹੇ ਕਰੀਬ ਡੇਢ ਦਰਜਨ ਜ਼ਿਲ੍ਹਾ ਜੰਗਲਾਤ ਅਫ਼ਸਰ (ਡੀਐਫ਼ਓ) ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਗਏ ਹਨ। ਮੁਲਜ਼ਮਾਂ ਅਤੇ ਡੀਐਫ਼ਓਜ਼ ਨੂੰ ਆਹਮੋ-ਸਾਹਮਣੇ ਬਿਠਾ ਕੇ ਕਰਾਸ ਪੁੱਛਗਿੱਛ ਕੀਤੀ ਜਾਣੀ ਹੈ। ਪੁੱਛਗਿੱਛ ਦੌਰਾਨ ਵਿਜੀਲੈਂਸ ਨੂੰ ਰਿਸ਼ਵਤਖੋਰੀ ਮਾਮਲੇ ਵਿੱਚ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਉਧਰ, ਬਚਾਅ ਪੱਖ ਦੇ ਸੀਨੀਅਰ ਵਕੀਲ ਐਚਐਚ ਧਨੋਆ ਨੇ ਮੁਲਜ਼ਮਾਂ ਦਾ ਪੁਲੀਸ ਰਿਮਾਂਡ ਵਧਾਉਣ ਦੀ ਮੰਗ ਦਾ ਵਿਰੋਧ ਕਰਦਿਆਂ ਕਿਹਾ ਕਿ ਸਾਬਕਾ ਮੰਤਰੀ ਅਤੇ ਬਾਕੀ ਮੁਲਜ਼ਮ ਪਿਛਲੇ 6 ਦਿਨਾਂ ਤੋਂ ਪੁਲੀਸ ਰਿਮਾਂਡ ਅਧੀਨ ਵਿਜੀਲੈਂਸ ਦੀ ਹਿਰਾਸਤ ਵਿੱਚ ਹਨ ਅਤੇ ਵਿਜੀਲੈਂਸ ਲੋੜੀਂਦੀ ਪੁੱਛਗਿੱਛ ਕਰ ਚੁੱਕੀ ਹੈ ਅਤੇ ਉਸ ਦੇ ਮੁਵਕਿਲਾਂ ਨੇ ਜਾਂਚ ਵਿੱਚ ਪੂਰਾ ਸਹਿਯੋਗ ਦਿੱਤਾ ਗਿਆ ਹੈ। ਬਚਾਅ ਪੱਖ ਨੇ ਕਿਹਾ ਕਿ ਵਿਜੀਲੈਂਸ ਦੀ ਟੀਮ ਧਰਮਸੋਤ ਦੀਆਂ ਜਾਇਦਾਦਾਂ ਬਾਰੇ ਪੜਤਾਲ ਕਰ ਚੁੱਕੀ ਹੈ। ਇਸ ਲਈ ਹੁਣ ਪੁਲੀਸ ਰਿਮਾਂਡ ਦੇਣ ਦੀ ਕੋਈ ਤੁਕ ਨਹੀਂ ਬਣਦੀ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮਾਂ ਦਾ ਪੁਲੀਸ ਰਿਮਾਂਡ ਵਧਾਉਣ ਦੀ ਵਿਜੀਲੈਂਸ ਦੀ ਅਪੀਲ ਰੱਦ ਕਰਦਿਆਂ ਸਾਬਕਾ ਮੰਤਰੀ ਧਰਮਸੋਤ ਅਤੇ ਓਐਸਡੀ ਅਤੇ ਮੀਡੀਆ ਸਲਾਹਕਾਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਧਰਮਸੋਤ ਨੂੰ ਨਾਭਾ ਜੇਲ੍ਹ, ਚਮਕੌਰ ਸਿੰਘ ਨੂੰ ਪਟਿਆਲਾ ਅਤੇ ਕਮਲਜੀਤ ਸਿੰਘ ਨੂੰ ਰੂਪਨਗਰ ਜੇਲ੍ਹ ਵਿੱਚ ਭੇਜਿਆ ਗਿਆ ਹੈ। ਇਸ ਮੌਕੇ ਮੀਡੀਆ ਕਰਮੀਆਂ ਨੇ ਸਾਬਕਾ ਮੰਤਰੀ ਅਤੇ ਬਾਕੀ ਮੁਲਜ਼ਮਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਲੇਕਿਨ ਕਿਸੇ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ।