
ਭ੍ਰਿਸ਼ਟਾਚਾਰ ਮੁਕਤ ਪੰਜਾਬ: 400 ਤੋਂ ਵੱਧ ਭ੍ਰਿਸ਼ਟ ਅਫ਼ਸਰ ਅਤੇ ਰਾਜਸੀ ਆਗੂ ਕੀਤੇ ਗ੍ਰਿਫ਼ਤਾਰ
ਆਜ਼ਾਦੀ ਸੰਗਰਾਮੀਆਂ ਦੇ ਸੁਫ਼ਨਿਆਂ ਦਾ ਪੰਜਾਬ ਬਣਾਉਣ ਲਈ ਵਚਨਬੱਧ ਆਪ ਸਰਕਾਰ: ਅਮਨ ਅਰੋੜਾ
ਆਜ਼ਾਦੀ ਦਿਹਾੜਾ: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁਹਾਲੀ ਵਿੱਚ ਲਹਿਰਾਇਆ ਤਿਰੰਗਾ ਝੰਡਾ
ਨਬਜ਼-ਏ-ਪੰਜਾਬ, ਮੁਹਾਲੀ, 16 ਅਗਸਤ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸੌਰਿਆ ਚੱਕਰ) ਸਰਕਾਰੀ ਕਾਲਜ ਫੇਜ਼-6 ਦੇ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਮਨਾਇਆ ਗਿਆ। ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਤਿਰੰਗਾ ਝੰਡਾ ਲਹਿਰਾਇਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਡੈਸੀ ਆਸ਼ਿਕਾ ਜੈਨ ਤੇ ਐੱਸਐੱਸਪੀ ਸੰਦੀਪ ਗਰਗ ਨਾਲ ਪਰੇਡ ਦਾ ਨਿਰੀਖਣ ਕੀਤਾ ਅਤੇ ਡੀਐਸਪੀ ਪ੍ਰਿਆ ਖੇੜਾ ਦੀ ਅਗਵਾਈ ਵਿੱਚ ਕੀਤੇ ਗਏ ਮਾਰਚ ਪਾਸਟ ਤੋਂ ਸਲਾਮੀ ਲਈ।
ਇਸ ਮੌਕੇ ਬੋਲਦਿਆਂ ਅਮਨ ਅਰੋੜਾ ਨੇ ਕਿਹਾ ਕਿ ਆਜ਼ਾਦੀ ਦਿਹਾੜਾ ਸਾਨੂੰ ਦੇਸ਼ ਦੇ ਮਹਾਨ ਆਜ਼ਾਦੀ ਪ੍ਰਵਾਨਿਆਂ ਵੱਲੋਂ ਪਾਏ ਪੂਰਨਿਆਂ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ, ਰਾਜਗੁਰੂ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਸੁਨਾਮ ਦੀ ਗੱਲ ਕਰ ਲਈਏ ਤਾਂ ਅਜਿਹੀਆਂ ਹਜ਼ਾਰਾਂ ਮਿਸਾਲਾਂ ਨੇ ਜਿੱਥੇ ਪੰਜਾਬ ਦੇ ਜੰਮਿਆਂ ਨੇ ਆਪਣੀਆਂ ਜਾਨਾਂ ਵਾਰ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲ ਰਹੀ ਹੈ। ਜਿਸ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸਾਲ 16 ਮਾਰਚ 2022 ਨੂੰ ਰਾਜ ਭਵਨ ਜਾਂ ਵੱਡੇ ਪੈਲਸਾਂ ਦੀ ਥਾਂ ਸ਼ਹੀਦ ਭਗਤ ਸਿੰਘ ਦੀ ਪਾਵਨ ਭੂਮੀ ਖਟਕੜ ਕਲਾਂ ਦੀ ਧਰਤੀ ਨੂੰ ਮੱਥਾ ਟੇਕ ਸਹੁੰ ਚੁੱਕ ਕੇ ਕੀਤੀ ਸੀ। ਇਤਿਹਾਸ ਵਿੱਚ ਇਹ ਵੀ ਪਹਿਲੀ ਵਾਰ ਹੋਇਆ ਕਿ ਸਰਕਾਰੀ ਦਫ਼ਤਰਾਂ ਵਿੱਚ ਸਿਆਸੀ ਆਗੂਆਂ ਦੀ ਥਾਂ ਸ਼ਹੀਦ ਭਗਤ ਸਿੰਘ ਅਤੇ ਡਾ. ਬੀਆਰ ਅੰਬੇਦਕਰ ਦੀਆਂ ਫੋਟੋਆਂ ਲਗਾਈਆਂ ਗਈਆਂ। ਜਿਸ ਤੋਂ ਪਤਾ ਚੱਲਦਾ ਹੈ ਕਿ ਆਪ ਸਰਕਾਰ ਸ਼ਹੀਦਾਂ ਨੂੰ ਕਿਸ ਹੱਦ ਤੱਕ ਸਮਰਪਿਤ ਹੈ।
ਅਮਨ ਅਰੋੜਾ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਪਿਛਲੇ ਸਵਾ ਸਾਲ ਵਿੱਚ 400 ਤੋਂ ਵੱਧ ਭ੍ਰਿਸ਼ਟ ਸਿਆਸਤਦਾਨ, ਉੱਚ ਅਫ਼ਸਰਾਂ, ਮੁਲਾਜ਼ਮਾਂ ਸਮੇਤ ਹੋਰ ਪ੍ਰਾਈਵੇਟ ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਹਨ। ਕਰੀਬ 11500 ਏਕੜ ਤੋਂ ਵੱਧ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਗਏ। ਉਨ੍ਹਾਂ ਕਿਹਾ ਕਿ ਜਿਹੜਾ ਪੈਸਾ ਪਹਿਲਾਂ ਜਿੱਥੇ ਭ੍ਰਿਸ਼ਟ ਸਿਆਸਤਦਾਨਾਂ ਦੀ ਜੇਬ੍ਹ ਵਿੱਚ ਜਾਂਦਾ ਸੀ, ਅੱਜ ਉਹ ਸਿਹਤ ਅਤੇ ਸਿੱਖਿਆ ’ਤੇ ਖ਼ਰਚਿਆ ਜਾ ਰਿਹਾ ਹੈ। ਪੰਜਾਬ ਵਿੱਚ 660 ਆਮ ਆਦਮੀ ਕਲੀਨਿਕ ਖੋਲ੍ਹੇ ਗਏ, ਜਿੱਥੇ 44 ਲੱਖ ਲੋਕਾਂ ਨੂੰ ਮੁਫ਼ਤ ਇਲਾਜ, ਦਵਾਈਆਂ ਅਤੇ ਟੈੱਸਟ ਸਹੂਲਤਾਂ ਦਿੱਤੀਆਂ ਜਾ ਚੁੱਕੀਆਂ ਹਨ। ਸੂਬੇ ਵਿੱਚ 117 ਸਕੂਲ ਆਫ਼ ਐਮੀਨੈਂਸ ਤਿਆਰ ਹੋ ਰਹੇ ਹਨ। ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਸਿੰਘਾਪੁਰ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਆਮ ਘਰਾਂ ਦੇ ਧੀ-ਪੁੱਤ ਆਈਏਐਸ ਬਣਾਉਣ ਦੇ ਮੰਤਵ ਨਾਲ ਸਿਵਲ ਸੇਵਾਵਾਂ ਦੀ ਮੁਫ਼ਤ ਕੋਚਿੰਗ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਮੈਰਿਟ ’ਤੇ ਨੌਕਰੀਆਂ ਮਿਲਣ ਦੀ ਖ਼ਤਮ ਹੋਈ ਆਸ ਨੂੰ ਮਾਨ ਸਰਕਾਰ ਨੇ ਮੁੜ ਬਹਾਲ ਕਰਦਿਆਂ 31 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। 12710 ਅਧਿਆਪਕਾਂ ਨੂੰ ਪੱਕੇ ਕੀਤਾ ਗਿਆ ਹੈ। ਪੁਲੀਸ ਵਿੱਚ ਹਰ ਸਾਲ ਸਿਪਾਹੀ ਤੋਂ ਲੈ ਕੇ ਸਬ ਇੰਸਪੈਕਟਰ ਤੱਕ 2100 ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਹਰ ਘਰ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਵੀ ਆਪ ਸਰਕਾਰ ਨੇ ਦਿੱਤੀ ਹੈ। ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਨੂੰ ਲੈ ਕੇ ਧਰਨੇ ਲਾਉਣ ਦੀ ਨੌਬਤ ਨਹੀਂ ਆਈ।
ਖੇਡ ਵਿਭਾਗ ਨੇ ਸਾਈਕਲ ਰੈਲੀ ਰਾਹੀ ਤੰਦਰੁਸਤੀ ਦਾ ਹੋਕਾ ਦਿੱਤਾ ਜਦਕਿ ਸਥਾਨਕ ਸਰਕਾਰਾਂ ਵਿਭਾਗ ਦੇ ਅਮਨਿੰਦਰ ਗਿੱਲ ਨੇ ਮੋਟਰ ਸਾਈਕਲ ਸਟੰਟ ਰਾਹੀਂ ਆਜ਼ਾਦੀ ਪ੍ਰਵਾਨਿਆਂ ਦੀ ਯਾਦ ਨੂੰ ਤਾਜ਼ਾ ਕੀਤਾ। ਆਜ਼ਾਦੀ ਘੁਲਾਟੀਏ ਪਰਿਵਾਰਾਂ ’ਚੋਂ ਸ੍ਰੀਮਤੀ ਸੁਰਜੀਤ ਕੌਰ ਵਿਧਵਾ ਨੱਥਾ ਸਿੰਘ ਵਾਸੀ ਲਾਂਡਰਾਂ ਨੂੰ ਮੰਤਰੀ ਨੇ ਮਿਲ ਕੇ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ। ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਰੰਗਰੰਗ ਅਤੇ ਦੇਸ਼ ਭਗਤੀ ਪ੍ਰੋਗਰਾਮ ਪੇਸ਼ ਕੀਤੇ।
ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕ ਕੁਲਵੰਤ ਸਿੰਘ ਦੀ ਮੰਗ ਪ੍ਰਵਾਨ ਕਰਕੇ ਮੈਡੀਕਲ ਕਾਲਜ ਮੁਹਾਲੀ ਵਿੱਚ ਤੀਜੇ ਸਾਲ ਵਿੱਚ 100 ਐਮਬੀਬੀਐਸ ਸੀਟਾਂ ਦੀ ਦਾਖ਼ਲਾ ਪ੍ਰਕਿਰਿਆ ਚੱਲ ਰਹੀ ਹੈ। ਆਵਾਜਾਈ ਸੁਵਿਧਾ ਲਈ ‘ਸਿਟੀ ਬੱਸ ਸੇਵਾ’ ਦਾ ਤੋਹਫ਼ਾ ਵੀ ਸਰਕਾਰ ਵੱਲੋਂ ਜਲਦੀ ਹੀ ਪਾਇਲਟ ਪ੍ਰਾਜੈਕਟ ਦੇ ਰੂਪ ਵਿੱਚ ਮੁਹਾਲੀ ਨੂੰ ਮਿਲਣ ਜਾ ਰਿਹਾ ਹੈ। ਇਹ ਮੁੱਦਾ ਵੀ ਕੁਲਵੰਤ ਸਿੰਘ ਨੇ ਚੁੱਕਿਆ ਸੀ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ, ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ, ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਪ੍ਰਭਜੋਤ ਕੌਰ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਆਈਜੀ ਗੁਰਪ੍ਰੀਤ ਸਿੰਘ ਭੁੱਲਰ, ਐੱਸਐੱਸਪੀ ਸੰਦੀਪ ਗਰਗ, ਐਸਡੀਐਮ ਰਵਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਗਿੰਨੀ ਦੁੱਗਲ ਅਤੇ ਹੋਰ ਅਧਿਕਾਰੀ ਮੌਜੂਦ ਸਨ।