Nabaz-e-punjab.com

ਭ੍ਰਿਸ਼ਟਾਚਾਰ ਦਾ ਮਾਮਲਾ: ਮੁਹਾਲੀ ਅਦਾਲਤ ਵੱਲੋਂ ਜਥੇਦਾਰ ਕੋਲਿਆਂਵਾਲੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

ਵਿਜੀਲੈਂਸ ਦੀਆਂ ਟੀਮਾਂ ਵੱਲੋਂ ਜਥੇਦਾਰ ਕੋਲਿਆਂਵਾਲੀ ਦੀ ਗ੍ਰਿਫ਼ਤਾਰੀ ਲਈ ਵੱਖ ਵੱਖ ਥਾਵਾਂ ’ਤੇ ਛਾਪੇਮਾਰੀ

ਜਥੇਦਾਰ ਕੋਲਿਆਂਵਾਲੀ ਗ੍ਰਿਫ਼ਤਾਰੀ ਤੋਂ ਬਚਨ ਲਈ ਮੁੜ ਰੂਪੋਸ਼ ਹੋਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਾਰਚ:
ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਬਾਦਲ ਪਰਿਵਾਰ ਦੇ ਅਤਿ ਨਜ਼ਦੀਕੀ, ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਸਾਬਕਾ ਮੈਂਬਰ ਅਤੇ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਚੇਅਰਮੈਨ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਮੁਹਾਲੀ ਅਦਾਲਤ ਨੇ ਜਥੇਦਾਰ ਕੋਲਿਆਂਵਾਲੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਮੋਨਿਕਾ ਗੋਇਲ ਦੀ ਅਦਾਲਤ ਵਿੱਚ ਵਿਜੀਲੈਂਸ ਦੇ ਡੀਐਸਪੀ ਅਸ਼ਵਨੀ ਕੁਮਾਰ ਨੇ ਇੱਕ ਅਰਜ਼ੀ ਦਾਇਰ ਕਰਕੇ ਅਕਾਲੀ ਆਗੂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਬੀਤੀ 15 ਮਾਰਚ ਨੂੰ ਸਥਾਨਕ ਅਦਾਲਤ ਵੱਲੋਂ ਜਥੇਦਾਰ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਮੁੱਢੋਂ ਰੱਦ ਕਰਨ ਤੋਂ ਬਾਅਦ ਵਿਜੀਲੈਂਸ ਨੇ ਅਕਾਲੀ ਜਥੇਦਾਰ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ ਸੀ ਅਤੇ ਵਿਜੀਲੈਂਸ ਦੀਆਂ ਵੱਖ ਵੱਖ ਟੀਮਾਂ ਵੱਲੋਂ ਅਕਾਲੀ ਆਗੂ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੇ ਜੱਦੀ ਪਿੰਡ ਅਤੇ ਹੋਰ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਹੈ ਲੇਕਿਨ ਮੁਲਜ਼ਮ ਜਥੇਦਾਰ ਕਿਤੇ ਨਹੀਂ ਮਿਲਿਆ। ਅਦਾਲਤ ਨੇ ਵਿਜੀਲੈਂਸ ਦੀਆਂ ਦਲੀਲਾਂ ਨਾਲ ਸਹਿਮਤੀ ਪ੍ਰਗਟ ਕਰਦਿਆਂ ਜਥੇਦਾਰ ਕੋਲਿਆਂਵਾਲੀ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਅਤੇ 12 ਅਪਰੈਲ ਨੂੰ ਰਿਪੋਰਟ ਦੇਣ ਲਈ ਆਖਿਆ ਗਿਆ।
ਇਸ ਸਬੰਧੀ ਵਿਜੀਲੈਂਸ ਦੇ ਐਸਐਸਪੀ ਅਸ਼ੋਕ ਬਾਠ ਨੇ ਦੱਸਿਆ ਕਿ ਜਥੇਦਾਰ ਕੋਲਿਆਂਵਾਲੀ ਦੀ ਗ੍ਰਿਫ਼ਤਾਰੀ ਲਈ ਵਿਜੀਲੈਂਸ ਦੀਆਂ ਵੱਖ ਵੱਖ ਟੀਮਾਂ ਵੱਲੋਂ ਉਨ੍ਹਾਂ ਦੇ ਜੱਦੀ ਪਿੰਡ ਕੋਲਿਆਂਵਾਲੀ ਅਤੇ ਹੋਰਨਾਂ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਹੈ ਅਤੇ ਜਥੇਦਾਰ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਵਿਜੀਲੈਂਸ ਅਨੁਸਾਰ ਜਥੇਦਾਰ ਆਪਣੀ ਗ੍ਰਿਫ਼ਤਾਰੀ ਤੋਂ ਬਚਨ ਲਈ ਰੁਪੋਸ਼ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਜਥੇਦਾਰ ਦੀ ਉਨ੍ਹਾਂ ਦੇ ਜੱਦੀ ਪਿੰਡ ਕੋਲਿਆਂਵਾਲੀ ਵਿੱਚ ਸਥਿਤ ਮਹਿਲਨੁਮਾ ਆਲੀਸ਼ਾਨ ਕੋਠੀ ਦੀ ਪੈਮਾਇਸ਼ ਬਾਰੇ ਜਾਂਚ ਰਿਪੋਰਟ ਮਿਲ ਗਈ ਹੈ ਅਤੇ ਵਿਜੀਲੈਂਸ ਵੱਲੋਂ ਜਥੇਦਾਰ ਖ਼ਿਲਾਫ਼ ਦਰਜ ਕੇਸ ਵਿੱਚ ਜਿਹੜੇ ਦੋਸ਼ ਲਗਾਏ ਗਏ ਹਨ। ਜਾਂਚ ਵਿੱਚ ਉਹ ਸਾਰੇ ਦੋਸ਼ ਸਹੀ ਸਾਬਤ ਹੋਏ ਹਨ।
ਇੱਥੇ ਇਹ ਦੱਸਣਯੋਗ ਹੈ ਕਿ ਅਕਾਲੀ ਜਥੇਦਾਰ ਵਿਰੁੱਧ ਬੀਤੀ 1 ਜੁਲਾਈ ਨੂੰ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਆਮਦਨ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਵਿਜੀਲੈਂਸ ਅਨੁਸਾਰ ਸਾਲ 2009 ਤੋਂ ਸਾਲ 2014 ਦੇ ਸਮੇਂ ਦੌਰਾਨ ਉਕਤ ਮੁਲਜ਼ਮ ਵੱਲੋਂ ਉਕਤ ਵੱਖ ਵੱਖ ਪ੍ਰਮੁੱਖ ਅਹੁਦਿਆਂ ’ਤੇ ਰਹਿੰਦਿਆਂ ਜਾਇਦਾਦ ਬਣਾਉਣ ਸਬੰਧੀ ਪੜਤਾਲ ਕੀਤੀ ਗਈ ਅਤੇ ਉਸ ਵੱਲੋਂ ਆਪਣੇ ਜਾਣੂ ਵਸੀਲਿਆਂ ਤੋਂ ਪ੍ਰਾਪਤ ਕੁੱਲ ਆਮਦਨ ਨਾਲੋਂ 1.71 ਕਰੋੜ ਰੁਪਏ ਦਾ ਵੱਧ ਖਰਚਾ ਕੀਤਾ ਗਿਆ ਜੋ ਕਿ ਅਸਲ ਆਮਦਨ ਨਾਲੋਂ ਤਕਰੀਬਨ 71 ਫੀਸਦੀ ਵੱਧ ਬਣਦਾ ਹੈ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…