nabaz-e-punjab.com

ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਥਾਣੇਦਾਰ ਖ਼ਿਲਾਫ਼ ਮੁਹਾਲੀ ਥਾਣੇ ਵਿੱਚ ਭ੍ਰਿਸ਼ਟਾਚਾਰ ਦਾ ਪਰਚਾ ਦਰਜ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖ਼ੋਰੀ ਮਾਮਲੇ ਵਿੱਚ ਏਐਸਆਈ ਰੰਗੇ ਹੱਥੀਂ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਸਤੰਬਰ:
ਪੰਜਾਬ ’ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ ਕਪੂਰਥਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਲਖਵਿੰਦਰ ਸਿੰਘ ਨੂੰ 2 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਦੋਂਕਿ ਥਾਣਾ ਸਿਟੀ ਖਰੜ ਵਿੱਚ ਤਾਇਨਾਤ ਏਐਸਆਈ ਸੋਮ ਨਾਥ ਖ਼ਿਲਾਫ਼ 60 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਮੁਹਾਲੀ ਥਾਣੇ ਵਿੱਚ ਪਰਚਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਨੇ ਥਾਣੇਦਾਰ ਸੋਮ ਨਾਥ ਖ਼ਿਲਾਫ਼ ਇਹ ਕਾਰਵਾਈ ਬਲਬੀਰ ਸਿੰਘ ਵਾਸੀ ਗਰੀਨ ਕੰਫਰਟ ਹੋਮਜ਼ ਖਰੜ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ।
ਇਸ ਸਬੰਧੀ ਬਲਬੀਰ ਸਿੰਘ ਨੇ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ਨੰਬਰ ’ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਥਾਣੇਦਾਰ ਨਾਲ ਉਸ ਦੀ ਮਾਮੂਲੀ ਤਕਰਾਰ ਹੋਈ ਸੀ। ਇਸ ਉਪਰੰਤ ਉਸ ਨੇ ਉਸ ਦਾ ਮੋਟਰਸਾਈਕਲ ਜ਼ਬਤ ਕਰ ਲਿਆ ਅਤੇ ਮੋਟਰ ਸਾਈਕਲ ਛੱਡਣ ਬਦਲੇ ਰਿਸ਼ਵਤ ਵਜੋਂ 60 ਹਜ਼ਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ। ਗੱਲਬਾਤ ਦੌਰਾਨ ਸ਼ਿਕਾਇਤਕਰਤਾ ਨੇ ਸਬੂਤ ਵਜੋਂ ਕਾਲ ਰਿਕਾਰਡ ਕਰ ਲਈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਸ਼ਿਕਾਇਤ ਵਿਚਲੇ ਤੱਥ ਸਹੀ ਪਾਏ ਗਏ। ਇਸ ਉਪਰੰਤ ਵਿਜੀਲੈਂਸ ਬਿਊਰੋ ਨੇ ਏਐਸਆਈ ਖ਼ਿਲਾਫ਼ ਰਿਸ਼ਵਤਖ਼ੋਰੀ ਦਾ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਉਧਰ, ਭ੍ਰਿਸ਼ਟਾਚਾਰ ਦੇ ਇੱਕ ਹੋਰ ਮਾਮਲੇ ਵਿੱਚ ਵਿਜੀਲੈਂਸ ਨੇ ਮੁਲਜ਼ਮ ਥਾਣੇਦਾਰ ਏਐਸਆਈ ਲਖਵਿੰਦਰ ਸਿੰਘ ਨੂੰ 2 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੀ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣੇਦਾਰ ਖ਼ਿਲਾਫ਼ ਇਹ ਕਾਰਵਾਈ ਗੌਰਵ ਵਾਸੀ ਅਮਨ ਨਗਰ, ਕਪੂਰਥਲਾ ਦੀ ਸ਼ਿਕਾਇਤ ਨੂੰ ਆਧਾਰ ਬਣਾ ਕੇ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਦਾ ਦੁਕਾਨ ਨੂੰ ਲੈ ਕੇ ਆਪਣੇ ਭਾਈਵਾਲ ਨਾਲ ਮਾਮੂਲੀ ਝਗੜਾ ਹੋ ਗਿਆ ਸੀ ਅਤੇ ਉਕਤ ਥਾਣੇਦਾਰ ਵੱਲੋਂ ਸ਼ਿਕਾਇਤ ਸਬੰਧੀ ਉਸ ਦੀ ਮਦਦ ਕਰਨ ਬਦਲੇ ਪੈਸੇ ਦੀ ਮੰਗ ਕੀਤੀ ਗਈ ਸੀ।
ਸ਼ਿਕਾਇਤ ਦੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਨੇ ਜਾਲ ਵਿਛਾ ਕੇ ਉਕਤ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …