
ਇੱਕ ਹਫ਼ਤੇ ਦੇ ਅੰਦਰ ਅੰਦਰ ਨਰਮੇ ਦੀ ਖਰੀਦ ਸ਼ੁਰੂ ਕਰੇਗੀ ਭਾਰਤੀ ਕਪਾਹ ਨਿਗਮ
ਕਪਾਹ ਨਿਗਮ ਨੇ ਮੁੱਖ ਮੰਤਰੀ ਦੀ ਬੇਨਤੀ ਨੂੰ ਕੀਤਾ ਸਵੀਕਾਰ, ਕਿਸਾਨਾਂ ਨੂੰ ਫਸਲ ਦਾ ਲਾਹੇਵੰਦ ਭਾਅ ਦਿਵਾਉਣ ਲਈ ਹੁਕਮ ਜਾਰੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 5 ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਨੂੰ ਸਵੀਕਾਰ ਕਰਦਿਆਂ ਭਾਰਤੀ ਕਪਾਹ ਨਿਗਮ ਨੇ ਸੂਬਾ ਸਰਕਾਰ ਨੂੰ ਸਾਲ 2017-18 ਲਈ ਨਰਮੇ ਦੀ ਖਰੀਦ ਇੱਕ ਹਫਤੇ ਵਿਚ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਹੈ। ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਪਾਹ ਨਿਗਮ ਦੇ ਅਧਿਕਾਰੀਆਂ ਨੇ ਵਧੀਕ ਮੁੱਖ ਸਕੱਤਰ (ਵਿਕਾਸ) ਨੂੰ ਇਹ ਭਰੋਸਾ ਬੁੱਧਵਾਰ ਨੂੰ ਨਿਗਮ, ਸੂਬੇ ਦੇ ਖੇਤੀ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਦੀ ਇੱਥੇ ਹੋਈ ਸਾਂਝੀ ਮੀਟਿੰਗ ਦੌਰਾਨ ਦਿੱਤਾ। ਬੁਲਾਰੇ ਨੇ ਦੱਸਿਆ ਕਿ ਵਧੀਕ ਮੁੱਖ ਸਕੱਤਰ (ਵਿਕਾਸ) ਐਮ.ਪੀ. ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਅਧਿਕਾਰੀਆਂ ਨੇ ਨਰਮੇ ਦੀ ਵਿਕਰੀ ਘੱਟੋ ਘੱਟ ਸਮਰਥਨ ਮੁਲ ਤੋਂ ਘੱਟ ਹੋਣ ਅਤੇ ਭਾਰਤੀ ਕਪਾਹ ਨਿਗਮ ਵੱਲੋਂ ਕੀਤੀ ਜਾਣ ਵਾਲੀ ਖਰੀਦ ਦਾ ਮਾਮਲਾ ਵੀ ਵਿਚਾਰਿਆ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨਰਮੇ ਦੀ ਖਰੀਦ ਦੀ ਪ੍ਰਕ੍ਰਿਆ ਦੀ ਖੁਦ ਨਿਗਰਾਨੀ ਕਰ ਰਹੇ ਹਨ ਅਤੇ ਉਨ੍ਹਾਂ ਨੇ ਨਰਮਾ ਪੱਟੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਪੈਦਾਵਾਰ ਦਾ ਲਾਹੇਵੰਦ ਭਾਅ ਦੇਣਾ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਵੀ ਨਰਮੇ ਦੀ ਫਸਲ ਦੀ ਚਲ ਰਹੀ ਖਰੀਦ ਦੀ ਪ੍ਰਗਤੀ ’ਤੇ ਨਿਰੰਤਰ ਨਜ਼ਰ ਰੱਖਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਨਰਮੇ ਦੇ ਮਿਆਰ ਤੇ ਦਰਜੇ ਮੁਤਾਬਕ ਭਾਅ ਦਿਵਾਉਣਾ ਯਕੀਨੀ ਬਣਾਇਆ ਜਾਵੇ।
ਮੁੱਖ ਮੰਤਰੀ ਨੇ ਕੁਝ ਦਿਨ ਪਹਿਲਾਂ ਨਰਮੇ ਦੀ ਖਰੀਦ ਦੇ ਸਬੰਧ ਵਿਚ ਸਥਿਤੀ ਦਾ ਪਤਾ ਲਾਉਣ ਲਈ ਇਕ ਜਾਇਜ਼ਾ ਮੀਟਿੰਗ ਬੁਲਾਈ ਸੀ ਜਿਸ ਦੇ ਸੰਦਰਭ ਵਿਚ ਹੀ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਜਾਇਜ਼ਾ ਮੀਟਿੰਗ ਵਿਚ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਖੇਤੀਬਾੜੀ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀ ਵੀ ਹਾਜ਼ਰ ਸਨ। ਮੁੱਖ ਮੰਤਰੀ ਨੇ ਨਰਮੇ ਦੇ ਤੈਅ ਕੀਤੇ ਘੱਟੋ ਘੱਟ ਸਮਰਥਨ ਮੁੱਲ ’ਤੇ ਸਮੁੱਚੀ ਫਸਲ ਖਰੀਦ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।