Nabaz-e-punjab.com

ਲੋਕ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ 23 ਮਈ ਨੂੰ, ਸੁਰੱਖਿਆ ਇੰਤਜ਼ਾਮ ਤੇ ਹੋਰ ਪ੍ਰਬੰਧ ਮੁਕੰਮਲ

ਗਿਣਤੀ ਕੇਂਦਰ ਦੇ ਆਲੇ ਦੁਆਲੇ 5 ਜਾਂ ਇਸ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਦੇ ਹੁਕਮ

ਗਿਣਤੀ ਕੇਂਦਰ ਵਿੱਚ ਮੋਬਾਈਲ ਫੋਨ ਨਾਲ ਲੈ ਕੇ ਜਾਣ ’ਤੇ ਪਾਬੰਦੀ ਲਗਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਈ:
ਪੰਜਾਬ ਵਿੱਚ ਬੀਤੀ 19 ਮਈ ਨੂੰ ਹੋਈਆਂ ਲੋਕ ਸਭਾ ਦੀਆਂ ਚੋਣਾਂ ਸਬੰਧੀ ਸ੍ਰੀ ਆਨੰਦਪੁਰ ਸਾਹਿਬ ਹਲਕੇ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਮੁਹਾਲੀ ਅਤੇ ਖਰੜ ਵੋਟਾਂ ਦੀ ਗਿਣਤੀ ਭਲਕੇ 23 ਮਈ ਨੂੰ ਸਰਕਾਰੀ ਬਹੁ-ਤਕਨੀਕੀ ਕਾਲਜ ਖੂਨੀਮਾਜਰਾ ਵਿੱਚ ਸਵੇਰੇ 8 ਵਜੇ ਕੀਤੀ ਜਾਵੇਗੀ। ਇਸ ਸਬੰਧੀ ਸਾਰੀਆਂ ਤਿਆਰੀਆਂ ਅਤੇ ਸੁਰੱਖਿਆ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਨੇ ਵੋਟਾਂ ਦੀ ਗਿਣਤੀ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਜਦੋਂਕਿ ਲੋਕ ਸਭਾ ਹਲਕਾ ਪਟਿਆਲਾ ਅਧੀਨ ਪੈਂਦੇ ਜ਼ੀਰਕਪੁਰ, ਡੇਰਾਬੱਸੀ, ਲਾਲੜੂ ਸ਼ਹਿਰੀ ਅਤੇ ਪੇਂਡੂ ਖੇਤਰ ਦੀਆਂ ਵੋਟਾਂ ਦੀ ਗਿਣਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਹੋਵੇਗੀ।
ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਦੇ ਨੈਸ਼ਨਲ ਇਨਫੋਰਮੈਟਿਕ ਸੈਂਟਰ ਵਿੱਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਦੀ ਅਗਵਾਈ ਹੇਠ ਅਤੇ ਗਿਣਤੀ ਅਬਜ਼ਰਵਰ ਰਘੁਬੀਰ ਜੀ ਦੀ ਮੌਜੂਦਗੀ ਵਿੱਚ ਗਿਣਤੀ ਸਟਾਫ਼ ਦੀ ਰੈਂਡੇਮਾਈਜੇਸ਼ਨ ਕਰਵਾਈ ਗਈ ਅਤੇ ਤੀਜੀ ਰੈਂਡੇਮਾਈਜੇਸ਼ਨ ਭਲਕੇ 23 ਮਈ ਨੂੰ ਸਵੇਰੇ ਤੜਕੇ 5 ਵਜੇ ਕੀਤੀ ਜਾਵੇਗੀ ਤਾਂ ਜੋ ਵੋਟਾਂ ਦੀ ਗਿਣਤੀ ਦੌਰਾਨ ਸਟਾਫ਼ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਏ.ਆਰ.ਓ ਵੱਲੋਂ ਚੋਣ ਕਮਿਸ਼ਨ ਅਤੇ ਆਰਓ ਨੂੰ ਸਾਰਾ ਰਿਕਾਰਡ ਆਨਲਾਈਨ ਹੀ ਭੇਜਿਆ ਜਾਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੀਡੀਆ ਸੈਂਟਰ ਸਰਕਾਰੀ ਬਹੁਤਕਨੀਕੀ ਕਾਲਜ ਦੇ ਪੀਟੀਯੂ ਸੈਂਟਰ ਦੇ ਗਰਾਊਂਡ ਫਲੋਰ ਉੱਤੇ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ 400 ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ ਅਤੇ ਵੋਟਾਂ ਦੀ ਗਿਣਤੀ ਲਈ 14 ਮੇਜ਼ ਅਤੇ 1 ਏਆਰਓ ਟੇਬਲ ਲਗਾਏ ਗਏ ਹਨ। ਹਰੇਕ ਮੇਜ਼ ’ਤੇ 1 ਮਾਈਕਰੋ ਗਿਣਤੀ ਅਬਜ਼ਰਵਰ, ਗਿਣਤੀ ਸੁਪਰਵਾਈਜ਼ਰ ਅਤੇ ਗਿਣਤੀ ਸਹਾਇਕ ਡਿਊਟੀ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਹਲਕੇ ਵਿੱਚ ਅਬਜ਼ਰਵਰ ਅਤੇ ਗਿਣਤੀ ਏਜੰਟ ਜਾਂ ਉਮੀਦਵਾਰ ਦੀ ਮੌਜੂਦਗੀ ਵਿੱਚ 5 ਰੈਂਡਮਲੀ ਚੁਣੀਆਂ ਗਈਆਂ ਵੀਵੀ ਪੈਟ ਮਸ਼ੀਨਾਂ ਵਿਚਲੀਆਂ ਪਰਚੀਆਂ ਦੀ ਵੀ ਗਿਣਤੀ ਕੀਤੀ ਜਾਵੇਗੀ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਪ੍ਰਵਾਨਿਤ ਵਿਅਕਤੀ ਹੀ ਗਿਣਤੀ ਕੇਂਦਰਾਂ ਵਿੱਚ ਦਾਖ਼ਲ ਹੋ ਸਕੇਗਾ। ਵੋਟਾਂ ਦੀ ਗਿਣਤੀ ਦੀ ਸਰਕਾਰੀ ਤੌਰ ’ਤੇ ਵੀਡੀਓਗ੍ਰਾਫੀ ਕਰਵਾਈ ਜਾਵੇਗੀ। ਗਿਣਤੀ ਏਜੰਟ, ਜਿਨ੍ਹਾਂ ਨੂੰ ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਸ਼ਨਾਖ਼ਤੀ ਕਾਰਡ ਜਾਰੀ ਕੀਤੇ ਗਏ ਹਨ, ਆਪਣੀਆਂ ਨਿਰਧਾਰਿਤ ਸੀਟਾਂ ’ਤੇ ਹੀ ਬੈਠਣਗੇ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਗਿਣਤੀ ਕੇਂਦਰ ਵਿੱਚ ਮੋਬਾਈਲ ਨਹੀਂ ਲਿਜਾ ਸਕੇਗਾ। ਇਹੀ ਨਹੀਂ ਗਿਣਤ ਕੇਂਦਰ ਦੀ ਇਮਾਰਤ ਵਿੱਚ ਕਿਸੇ ਵੀ ਵਾਹਨ ਦੇ ਦਾਖ਼ਲੇ ’ਤੇ ਪਾਬੰਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਗਿਣਤੀ ਸਟਾਫ਼ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ ਤਾਂ ਜੋ ਉਨ੍ਹਾਂ ਨੂੰ ਗਿਣਤੀ ਵੇਲੇ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਵਾਲੇ ਦਿਨ ਡਰਾਈ ਡੇਅ ਐਲਾਨਿਆ ਗਿਆ ਹੈ। ਲਿਹਾਜ਼ਾ ਵੀਰਵਾਰ ਨੂੰ ਸਮੁੱਚੇ ਜ਼ਿਲ੍ਹੇ ਅੰਦਰ ਸ਼ਰਾਬ ਦੇ ਠੇਕੇ ਬੰਦ ਰਹਿਣਗੇ ਅਤੇ ਸ਼ਰਾਬ ਦੀ ਵਿਕਰੀ ’ਤੇ ਵੀ ਪਾਬੰਦੀ ਲਗਾਈ ਗਈ ਹੈ।
(ਬਾਕਸ ਆਈਟਮ)
ਐਸਐਸਪੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਭਲਕੇ ਲੋਕ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਸਬੰਧੀ ਜ਼ਿਲ੍ਹਾ ਪੁਲੀਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਅਮਨ-ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਸਮਰਥਕਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਵੋਟਾਂ ਦੀ ਗਿਣਤੀ ਦੌਰਾਨ ਅਮਨ-ਸ਼ਾਂਤੀ ਬਣਾਈ ਰੱਖਣ ਵਿੱਚ ਪੁਲੀਸ ਪ੍ਰਸ਼ਾਸਨ ਨੂੰ ਆਪਣਾ ਸਹਿਯੋਗ ਦੇਣ।
(ਬਾਕਸ ਆਈਟਮ)
ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਕੌਰ ਸਪਰਾ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਭਲਕੇ 23 ਮਈ ਨੂੰ ਲੋਕ ਸਭਾ ਚੋਣਾਂ ਸਬੰਧੀ ਵੋਟਾਂ ਦੀ ਗਿਣਤੀ ਲਈ ਸਰਕਾਰੀ ਬਹੁ ਤਕਨੀਕੀ ਕਾਲਜ ਖੂਨੀਮਾਜਰਾ ਦੇ ਆਲੇ ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਾਉਣ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਸ੍ਰੀਮਤੀ ਸਪਰਾ ਨੇ ਕਿਹਾ ਕਿ ਇਹ ਹੁਕਮ ਪੁਲੀਸ, ਹੋਮ ਗਾਰਡਜ਼, ਸੈਨਿਕ/ਅਰਧ ਸੈਨਿਕ ਬਲ ਦੇ ਕਰਮਚਾਰੀਆਂ/ਸਰਕਾਰੀ ਕਰਮਚਾਰੀਆਂ/ਮਾਤਮੀ ਜਲੂਸ ਅਤੇ ਵਿਆਹ-ਸ਼ਾਦੀਆਂ ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਇਕ ਤਰਫ਼ਾ ਜਾਰੀ ਕੀਤੇ ਗਏ ਹਨ।

Load More Related Articles
Load More By Nabaz-e-Punjab
Load More In Elections

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…