Nabaz-e-punjab.com

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥਾਂ ਵਿੱਚ ਦੇਸ਼ ਪੂਰੀ ਤਰ੍ਹਾਂ ਸੁਰੱਖਿਅਤ: ਸੁਖਬੀਰ ਬਾਦਲ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਚੋਣ ਵਾਅਦਿਆਂ ਤੋਂ ਮੂੰਹ ਫੇਰਨ ਦਾ ਦੋਸ਼

ਵਰਕਰ ਮਿਲਣ ਤੋਂ ਬਾਅਦ ਦੇਰ ਸ਼ਾਮ ਤੱਕ ਚੱਲਿਆ ਸੁਖਬੀਰ ਬਾਦਲ ਨਾਲ ਸੈਲਫੀਆਂ ਲੈਣ ਤੇ ਫੋਟੋਆਂ ਖਿਚਵਾਉਣ ਦਾ ਸੈਸ਼ਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਾਰਚ:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੇਸ਼ ਵਾਸੀਆਂ ਨੂੰ ਠੋਸ ਇਰਾਦੇ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਵਿੱਚ ਮੁੜ ਮਜ਼ਬੂਤ ਸਰਕਾਰ ਬਣਾਉਣ ਲਈ ਅਕਾਲੀ-ਭਾਜਪਾ ਗੱਠਜੋੜ ਲਈ ਵੋਟਾਂ ਮੰਗੀਆਂ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਦੇ ਹੱਥਾਂ ਵਿੱਚ ਦੇਸ਼ ਪੂਰੀ ਤਰ੍ਹਾਂ ਸੁਰੱਖਿਅਤ ਹੈ। ਸ੍ਰੀ ਬਾਦਲ ਸ਼ੁੱਕਰਵਾਰ ਸ਼ਾਮ ਨੂੰ ਬਲੌਂਗੀ ਸਥਿਤ ਚਸਮਾਸ਼ਾਹੀ ਰਿਜੋਰਟ ਵਿੱਚ ਵਰਕਰ ਮਿਲਣੀ ਸਮਾਰੋਹ ਨੂੰ ਸੰਬੋਧਨ ਕਰ ਰਹੇ ਹਨ। ਇਸ ਮਗਰੋਂ ਕਰੀਬ 6 ਵਜੇ ਵਰਕਰਾਂ ਨਾਲ ਸੈਲਫੀਆਂ ਲੈਣ ਅਤੇ ਗਰੁੱਪ ਫੋਟੋਆਂ ਖਿੱਚਣ ਲਈ ਸਪੈਸ਼ਲ ਫੋਟੋ ਸੈਸ਼ਨ ਚਲਾਇਆ ਗਿਆ, ਜੋ ਦੇਰ ਸ਼ਾਮ ਤੱਕ ਜਾਰੀ ਰਿਹਾ।
ਇਸ ਮੌਕੇ ਸ੍ਰੀ ਸੁਖਬੀਰ ਬਾਦਲ ਨੇ ਭਾਰਤ-ਪਾਕਿ ਤਣਾਅ ਬਾਰੇ ਕਿਹਾ ਕਿ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਦੇ ਦਬਾਅ ਕਾਰਨ ਪਾਕਿਸਤਾਨ ਵੱਲੋਂ ਹਿਰਾਸਤ ਲਈ ਭਾਰਤੀ ਫੌਜ ਦੇ ਵਿੰਗ ਕਮਾਂਡਰ ਨੂੰ 24 ਘੰਟੇ ਵਿੱਚ ਬਿਨਾਂ ਸ਼ਰਤ ਛੱਡਣ ਲਈ ਮਜਬੂਰ ਹੋਣਾ ਪਿਆ ਹੈ। ਪ੍ਰਧਾਨ ਮੰਤਰੀ ਚੰਗੀ ਸੋਚ ਅਤੇ ਤਜਰਬੇਕਾਰ ਸਿਆਸਤਦਾਨ ਹਨ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਮੁਹਾਲੀ ਵਿੱਚ ਕੌਮਾਂਤਰੀ ਹਵਾਈ ਅੱਡਾ ਅਤੇ ਏਸੀ ਬੱਸ ਅੱਡਾ ਬਣਾ ਕੇ ਮੁਹਾਲੀ ਨੂੰ ਦੁਨੀਆ ਦੇ ਨਕਸ਼ੇ ’ਤੇ ਲਿਆਂਦਾ ਗਿਆ ਸੀ ਲੇਕਿਨ ਕੈਪਟਨ ਸਰਕਾਰ ਨੇ ਦੋ ਸਾਲਾਂ ਵਿੱਚ ਮੁਹਾਲੀ ਸਮੇਤ ਪੰਜਾਬ ਨੂੰ ਪਛਾੜ ਕੇ ਰੱਖ ਦਿੱਤਾ ਹੈ। ਕਾਂਗਰਸ ਸਰਕਾਰ ਨੇ ਆਪਣਾ ਇੱਕ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ ਅਤੇ ਇਨਸਾਫ਼ ਮੰਗਣ ਵਾਲੇ ਅਧਿਆਪਕਾਂ ਅਤੇ ਮੁਲਾਜ਼ਮਾਂ ’ਤੇ ਲਾਠੀਚਾਰਜ ਕਰਕੇ ਤਾਨਸ਼ਾਹੀ ਰਾਜ ਦਾ ਸਬੂਤ ਦਿੱਤਾ ਹੈ।
ਜੂਨੀਅਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਜਾਂ ਸੂਬੇ ਦੇ ਲੋਕਾਂ ਦੀ ਕੋਈ ਚਿੰਤਾ ਨਹੀਂ ਹੈ। ਸੂਬੇ ਅੰਦਰ ਹਰ ਪਾਸੇ ਹਨੇਰਗਰਦੀ ਅਤੇ ਜੰਗਲ ਰਾਜ ਦਾ ਬੋਲਬਾਲਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਹੋਰ ਵਿਸਥਾਰ ਹੋਣ ਜਾ ਰਿਹਾ ਹੈ ਅਤੇ ਅਪਰੈਲ ਦੇ ਪਹਿਲੇ ਹਫ਼ਤੇ ਇੱਥੋਂ ਕਰੀਬ 85 ਨਵੀਆਂ ਇੰਟਰਨੈਸ਼ਨਲ ਉਡਾਣਾਂ ਸ਼ੁਰੂ ਹੋਣਗੀਆਂ। ਉਨ੍ਹਾਂ ਲੋਕ ਸਭਾ ਵਿੱਚ ਪੰਜਾਬ ਦੇ ਭਖਦੇ ਮੁੱਦਿਆਂ ਨੂੰ ਚੁੱਕਣ ਲਈ ਸ੍ਰੀ ਚੰਦੂਮਾਜਰਾ ਦੀ ਸ਼ਲਾਘਾ ਵੀ ਕੀਤੀ।
ਇਸ ਤੋਂ ਪਹਿਲਾਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਹਲਕਾ ਇੰਚਾਰਜ ਕੈਪਟਨ ਸਿੱਧੂ, ਜ਼ਿਲ੍ਹਾ ਪ੍ਰਧਾਨ ਤੇ ਅਕਾਲੀ ਵਿਧਾਇਕ ਐਨ.ਕੇ. ਸ਼ਰਮਾ, ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਯੂਥ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਓਐਸਡੀ ਚਰਨਜੀਤ ਸਿੰਘ ਬਰਾੜ, ਮਹਿਲਾ ਵਿੰਗ ਦੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕੁਲਦੀਪ ਕੌਰ ਕੰਗ, ਜ਼ਿਲ੍ਹਾ ਸਕੱਤਰ ਜਨਰਲ ਪਰਮਜੀਤ ਸਿੰਘ ਕਾਹਲੋਂ, ਬੀਸੀ ਵਿੰਗ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਭਾਜਪਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ, ਭਾਜਪਾ ਕੌਂਸਲਰ ਅਰੁਣ ਸ਼ਰਮਾ, ਅਕਾਲੀ ਕੌਂਸਲਰ ਕਮਲਜੀਤ ਸਿੰਘ ਰੂਬੀ, ਸਤਵੀਰ ਸਿੰਘ ਧਨੋਆ, ਸੁਖਦੇਵ ਸਿੰਘ ਪਟਵਾਰੀ, ਆਰਪੀ ਸ਼ਰਮਾ, ਸੁਰਿੰਦਰ ਸਿੰਘ ਰੋਡਾ, ਨੰਬਰਦਾਰ ਹਰਸੰਗਤ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…