ਆਮਦਨ ਤੋਂ ਵੱਧ ਜਾਇਦਾਦ: ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਜ਼ਮਾਨਤ ਬਾਰੇ ਅਦਾਲਤ ਦਾ ਵੱਡਾ ਫੈਸਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਗਸਤ:
ਮੁਹਾਲੀ ਦੀ ਇਕ ਵਿਸ਼ੇਸ਼ ਅਦਾਲਤ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ਨੂੰ ਮੁੱਢੋਂ ਰੱਦ ਕਰਕੇ ਸਾਬਕਾ ਪੁਲੀਸ ਅਫ਼ਸਰ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਉਧਰ, ਜ਼ਮਾਨਤ ਦੀ ਅਪੀਲ ਰੱਦ ਹੋਣ ਤੋਂ ਬਾਅਦ ਵਿਜੀਲੈਂਸ ਨੇ ਸੈਣੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਬਹੁ-ਚਰਚਿਤ ਕੇਸ ਦੀ ਯੋਗ ਪੈਰਵੀ ਲਈ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਸੀਨੀਅਰ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ ਦੀ ਸੈਣੀ ਦੀ ਜ਼ਮਾਨਤ ਰੱਦ ਕਰਵਾਉਣ ਵਿੱਚ ਅਹਿਮ ਭੂਮਿਕਾ ਰਹੀ ਹੈ। ਬੀਤੇ ਦਿਨੀਂ ਮੁਹਾਲੀ ਦੇ ਜੁਡੀਸ਼ਲ ਮੈਜਿਸਟਰੇਟ ਪਰਮਿੰਦਰ ਸਿੰਘ ਗਰੇਵਾਲ ਨੇ ਸਰਕਾਰੀ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਸਾਬਕਾ ਪੁਲੀਸ ਅਫ਼ਸਰ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ।
ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਹੋਰਨਾਂ ਵਿਅਕਤੀਆਂ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਦਰਜ ਆਮਦਨ ਤੋਂ ਵੱਧ ਸੰਪਤੀ ਜੁਟਾਉਣ ਦੇ ਨਵੇਂ ਅਪਰਾਧਿਕ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਮੁਹਾਲੀ ਅਦਾਲਤ ਵਿੱਚ ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ’ਤੇ ਸਰਕਾਰੀ ਵਕੀਲ ਅਤੇ ਬਚਾਅ ਪੱਖ ਦੇ ਵਕੀਲਾਂ ਵਿੱਚ ਜ਼ਬਰਦਸਤ ਬਹਿਸ ਹੋਈ। ਸੈਣੀ ਨੇ ਆਪਣੇ ਵਕੀਲਾਂ ਐਡਵੋਕੇਟ ਏਪੀਐਸ ਦਿਉਲ ਅਤੇ ਐਚਐਸ ਧਨੋਆ ਰਾਹੀਂ ਮੁਹਾਲੀ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕਰਕੇ ਉਸ ਨੂੰ ਅਗਾਊਂ ਜ਼ਮਾਨਤ ਦੇਣ ਦੀ ਮੰਗ ਕੀਤੀ ਸੀ। ਬਚਾਅ ਪੱਖ ਦੇ ਵਕੀਲਾਂ ਨੇ ਬਹਿਸ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਇਸ ਕੇਸ ਨਾਲ ਸੁਮੇਧ ਸੈਣੀ ਦਾ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਵਿਜੀਲੈਂਸ ਜਾਣਬੁੱਝ ਕੇ ਝੂਠੇ ਕੇਸ ਵਿੱਚ ਫਸਾ ਰਹੀ ਹੈ।
ਉਧਰ, ਸਰਕਾਰੀ ਪੀਪੀ ਸਰਤੇਜ ਸਿੰਘ ਨਰੂਲਾ ਨੇ ਉਸਾਰੂ ਬਹਿਸ ਕਰਦਿਆਂ ਵਿਜੀਲੈਂਸ ਵੱਲੋਂ ਦਰਜ ਕੀਤੀ ਐਫ਼ਆਈਆਰ ਦੇ ਹਵਾਲੇ ਨਾਲ ਅਦਾਲਤ ਵਿੱਚ ਇਸ ਬਹੁ-ਚਰਚਿਤ ਮਾਮਲੇ ਵਿੱਚ ਨਾਮਜ਼ਦ ਬਾਕੀ ਮੁਲਜ਼ਮਾਂ ਦੀਆਂ ਚੱਲ ਅਤੇ ਅਚੱਲ ਸੰਪਤੀਆਂ ਅਤੇ ਪੈਸਿਆਂ ਦੇ ਲੈਣ ਦੇਣ ਬਾਰੇ ਵਿਸਥਾਰ ਨਾਲ ਠੋਸ ਤੱਥ ਪੇਸ਼ ਕੀਤੇ। ਉਨ੍ਹਾਂ ਨੇ ਚੰਡੀਗੜ੍ਹ ਵਾਲੀ ਕੋਠੀ ਦੀ ਰੈਂਟ ਡੀਡ ਅਤੇ ਬਿਨਾਂ ਰਸੀਦਾਂ ਤੋਂ ਕਰੋੜਾਂ ਰੁਪਏ ਇਕ ਦੂਜੇ ਦੇ ਖਾਤਿਆਂ ਵਿੱਚ ਟਰਾਂਸਫਰ ਕਰਨ ਦੀ ਗੱਲ ਕਹੀ। ਉਨ੍ਹਾਂ ਮੰਗ ਕੀਤੀ ਕਿ ਉਕਤ ਸਾਰੇ ਪਹਿਲੂਆਂ ਦੀ ਹੋਰ ਡੂੰਘਾਈ ਜਾਂਚ ਕਰਨ ਲਈ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਹੁਤ ਜ਼ਰੂਰੀ ਹੈ। ਲਿਹਾਜ਼ਾ ਸੁਮੇਧ ਸੈਣੀ ਦੀ ਜ਼ਮਾਨਤ ਦੀ ਅਰਜ਼ੀ ਰੱਦ ਕੀਤੀ ਜਾਵੇ ਤਾਂ ਜੋ ਉਸ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਸਕੇ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੈਣੀ ਦੀ ਜ਼ਮਾਨਤ ਅਰਜ਼ੀ ਮੁੱਢੋਂ ਰੱਦ ਕੀਤੀ ਗਈ।

Load More Related Articles
Load More By Nabaz-e-Punjab
Load More In Agriculture & Forrest

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…