
ਕੋਵਿਡ-19: ਕੁਆਰੰਟੀਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਖ਼ਿਲਾਫ਼ ਸ਼ਿਕੰਜਾ ਕੱਸਿਆ
ਜ਼ਿਲ੍ਹਾ ਪ੍ਰਸ਼ਾਸਨ ਨੇ 26 ਹੋਰ ਵਿਅਕਤੀਆਂ ਨੂੰ ਕੀਤੀ ਸਖ਼ਤ ਤਾੜਨਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜੁਲਾਈ:
ਜ਼ਿਲ੍ਹਾ ਪ੍ਰਸ਼ਾਸਨ ਨੇ ਕੁਆਰੰਟੀਨ ਦੀ ਉਲੰਘਣਾ ਕਰਨ ਵਾਲਿਆਂ ਅਤੇ ਕਰੋਨਾ ਵਾਇਰਸ ਮਹਾਮਾਰੀ ਦੀ ਮੌਜੂਦਾ ਸਥਿਤੀ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਖ਼ਤਰੇ ਵਿੱਚ ਪਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਸ਼ਿਕੰਜਾ ਸੱਕ ਦਿੱਤਾ ਹੈ। ਅੱਜ ਇੱਥੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੁਲੀਸ ਦੇ ਸਹਿਯੋਗ ਨਾਲ ਧਾਰਾ 188 ਅਤੇ 269, 270 ਅਤੇ 271 (ਜੀਵਨ ਲਈ ਖ਼ਤਰਨਾਕ ਰੋਗ ਦਾ ਸੰਕਰਮਣ ਫੈਲਾਉਣ ਲਈ ਜਾਣਬੁੱਝ ਕੇ ਕੀਤਾ ਕੰਮ) ਤਹਿਤ 4 ਨਵੇਂ ਕੇਸ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ 26 ਤੋਂ ਵੱਧ ਵਿਅਕਤੀਆਂ ਨੂੰ ਸਖ਼ਤ ਤਾੜਨਾ ਕੀਤੀ ਗਈ ਹੈ। ਉਧਰ, ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਹੁਣ ਤੱਕ ਵੱਖ-ਵੱਖ ਥਾਣਿਆਂ ਵਿੱਚ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਦੇ ਦੋਸ਼ ਵਿੱਚ 54 ਪੁਲੀਸ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ।
ਡੀਸੀ ਗਿਰੀਸ਼ ਦਿਆਲਨ ਨੇ ਕਿਹਾ ਕਿ ਕੁਆਰੰਟੀਨ ਅਧੀਨ ਲੋਕਾਂ ਲਈ ਕੋਵਾ ਐਪ ਡਾਊਨਲੋਡ ਕਰਨਾ ਲਾਜ਼ਮੀ ਹੈ ਅਤੇ ਕੋਵਾ ਐਪ ਪੋਰਟਲ ਐਡਮਿਨ ਵੱਲੋਂ ਉਨ੍ਹਾਂ ਦੀ ਟਰੈਕਿੰਗ ਕੀਤੀ ਜਾਂਦੀ ਹੈ। ਜੇਕਰ ਕੋਈ ਵਿਅਕਤੀ ਪਹਿਲੀ ਵਾਰ ਕੁਆਰੰਟੀਨ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਚੇਤਾਵਨੀ ਦਿੱਤੀ ਜਾਂਦੀ ਹੈ ਪਰ ਜੇਕਰ ਕੋਈ ਦੁਬਾਰਾ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਂਦੀ ਹੈ। ਡੀਸੀ ਨੇ ਕੁਆਰੰਟੀਨ ਅਧੀਨ ਲੋਕਾਂ ਨੂੰ ਸੁਰੱਖਿਆ ਪ੍ਰੋਟੋਕਾਲ ਦੀ ਪਾਲਣਾ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਰੋਨਾਵਾਇਰਸ ਮਹਾਮਾਰੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਪਰ ਇਸ ਦੀ ਸਫਲਤਾ ਲਈ ਲੋਕਾਂ ਦੇ ਪੂਰਨ ਸਹਿਯੋਗ ਦੀ ਜ਼ਰੂਰਤ ਹੈ।