
ਕੋਵਿਡ ਤੀਜੀ ਲਹਿਰ: ‘ਹਰ ਘਰ ਦਸਤਕ’ ਮੁਹਿੰਮ ਤਹਿਤ ਸਿਵਲ ਸਰਜਨ ਵੱਲੋਂ ਜਾਗਰੂਕਤਾ ਵੈਨ ਰਵਾਨਾ
ਕਰੋਨਾ ਟੀਕਾਕਰਨ ਲਈ ਵੱਖ-ਵੱਖ ਥਾਵਾਂ ’ਤੇ ਘੁੰਮ ਫਿਰ ਕੇ ਦਿੱਤਾ ਜਾਵੇਗਾ ਜਾਗਰੂਕਤਾ ਦਾ ਹੋਕਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਦਸੰਬਰ:
ਕਰੋਨਾ ਮਹਾਮਾਰੀ ਦੀ ਸੰਭਾਵੀ ਤੀਜੀ ਲਹਿਰ ਤੋਂ ਬਚਾਅ ਲਈ 100 ਫੀਸਦੀ ਟੀਕਾਕਰਨ ਯਕੀਨੀ ਬਣਾਉਣ ਦੇ ਮੰਤਵ ਨਾਲ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਅੱਜ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਪੰਜਾਬ ਸਰਕਾਰ ਵੱਲੋਂ ਚਲਾਈ ਗਈ ‘ਹਰ ਘਰ ਦਸਤਕ’ ਮੁਹਿੰਮ ਤਹਿਤ ਇਹ ਵੈਨ ਵੱਖ-ਵੱਖ ਥਾਵਾਂ ’ਤੇ ਜਾਵੇਗੀ ਅਤੇ ਆਮ ਲੋਕਾਂ ਨੂੰ ਕਰੋਨਾ ਮਹਾਮਾਰੀ ਦੇ ਲੱਛਣਾਂ, ਸਾਵਧਾਨੀਆਂ ਅਤੇ ਬਚਾਅ ਬਾਰੇ ਜਾਗਰੂਕ ਕੀਤਾ ਜਾਵੇਗਾ ਅਤੇ ਟੀਕਾਕਰਨ ਲਈ ਪ੍ਰੇਰਿਆ ਜਾਵੇਗਾ।
ਸਿਵਲ ਸਰਜਨ ਨੇ ਦੱਸਿਆ ਕਿ ਜਿਹੜੇ ਲੋਕਾਂ ਨੇ ਹਾਲੇ ਤੱਕ ਕੋਵਿਡ ਰੋਕੂ ਟੀਕਾ ਨਹੀਂ ਲਗਵਾਇਆ ਹੈ, ਉਹ ਛੇਤੀ ਟੀਕਾ ਲਗਵਾਉਣ ਅਤੇ ਜਿਨ੍ਹਾਂ ਨੇ ਦੂਜਾ ਟੀਕਾ ਨਹੀਂ ਲਗਵਾਇਆ, ਉਹ ਵੀ ਬਿਨਾਂ ਦੇਰੀ ਤੋਂ ਦੂਜਾ ਟੀਕਾ ਜ਼ਰੂਰ ਲਗਵਾਉਣ। ਉਨ੍ਹਾਂ ਕਿਹਾ ਕਿ ਜੇ ਦੂਜਾ ਟੀਕਾ ਤੈਅ ਸਮੇਂ ਵਿੱਚ ਨਹੀਂ ਲਗਾਇਆ ਜਾਂਦਾ ਤਾਂ ਪਹਿਲਾ ਟੀਕਾ ਲਗਾਉਣ ਦਾ ਕੋਈ ਫਾਇਦਾ ਨਹੀਂ। ਦੋਵੇਂ ਟੀਕੇ ਲੱਗਣ ਨਾਲ ਸਰੀਰ ਅੰਦਰ ਕਰੋਨਾ ਨਾਲ ਲੜਨ ਦੀ ਸ਼ਕਤੀ ਪੈਦਾ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕੋਵਿਡ ਟੀਕਾਕਰਨ ਮੁਫ਼ਤ ਹੋ ਰਿਹਾ ਹੈ। ਲੋਕ ਬਿਨਾਂ ਕਿਸੇ ਦਿੱਕਤ ਤੋਂ ਟੀਕਾਕਰਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਵਿਡ ਵੈਕਸੀਨ ਦੀ ਕੋਈ ਘਾਟ ਨਹੀਂ ਹੈ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਨੇ ਦੱਸਿਆ ਕਿ ਵੈਨ ਵਿੱਚ ਸਮੁੱਚੀ ਸੂਚਨਾ, ਸਿੱਖਿਆ ਅਤੇ ਸੰਚਾਰ (ਆਈਈਸੀ) ਸਮੱਗਰੀ ਮੁਹੱਈਆ ਕਰਵਾਈ ਗਈ ਹੈ ਅਤੇ ਐਲਈਡੀ ਵੀ ਲਗਾਈ ਗਈ ਹੈ, ਜਿਸ ਵਿੱਚ ਚੱਲਣ ਵਾਲੀ ਫ਼ਿਲਮ ਰਾਹੀਂ ਲੋਕਾਂ ਨੂੰ ਟੀਕਾਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਕਾਮੇ ਵੀ ਆਪੋ-ਆਪਣੇ ਇਲਾਕੇ ਵਿੱਚ ਵੱਖ-ਵੱਖ ਸਾਧਨਾਂ ਰਾਹੀਂ ਲੋਕਾਂ ਨੂੰ ਇਸ ਬੀਮਾਰੀ ਅਤੇ ਟੀਕਾਕਰਨ ਬਾਬਤ ਲਗਾਤਾਰ ਜਾਗਰੂਕ ਕਰ ਰਹੇ ਹਨ। ਸਿਹਤ ਸਬੰਧੀ ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਫੂਡ ਸੇਫ਼ਟੀ ਅਫ਼ਸਰ ਅਨਿਲ ਕੁਮਾਰ, ਲਵਪ੍ਰੀਤ ਸਿੰਘ, ਵਿਵੇਕ ਕੁਮਾਰ, ਪਰਮਜੀਤ ਸਿੰਘ, ਪਰਮਿੰਦਰ ਸਿੰਘ, ਭਿੰਦਰ ਕੌਰ ਅਤੇ ਬੇਅੰਤ ਸਿੰਘ ਹਾਜ਼ਰ ਸਨ।