Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਮੁਹਾਲੀ ਵਿੱਚ ਕੋਵਿਡ ਟੀਕਾਕਰਨ ਦਾ ਅੰਕੜਾ 6 ਲੱਖ ਤੋਂ ਪਾਰ: ਸਿਵਲ ਸਰਜਨ ਪਿੰਡਾਂ ਦੇ ਸਰਪੰਚ ਪਿੰਡ ਵਾਸੀਆਂ ਨੂੰ ਪ੍ਰੇਰਿਤ ਕਰ ਕੇ ਟੀਕਾਕਰਨ ਕਰਵਾਉਣ: ਡਾ. ਆਦਰਸ਼ਪਾਲ ਕੌਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੁਲਾਈ: ‘ਕਰੋਨਾ ਵਾਇਰਸ’ ਮਹਾਮਾਰੀ ਤੋਂ ਬਚਾਅ ਲਈ ਜੰਗੀ ਪੱਧਰ ’ਤੇ ਚੱਲ ਰਹੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਮੁਹਾਲੀ ਜ਼ਿਲ੍ਹੇ ਵਿੱਚ 6,11,337 ਵਿਅਕਤੀਆਂ ਨੂੰ ਕੋਵਿਡ-ਰੋਕੂ ਟੀਕੇ ਲਾਏ ਜਾ ਚੁੱਕੇ ਹਨ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦਸਿਆ ਕਿ ਇਸ ਵੇਲੇ ਜ਼ਿਲ੍ਹੇ ਵਿਚ ਕੋਵੀਸ਼ੀਲਡ ਅਤੇ ਕੋਵੈਕਸੀਨ ਦੇ ਟੀਕੇ ਲਾਏ ਜਾ ਰਹੇ ਹਨ। ਕੁਲ 5,31,139 ਲੋਕਾਂ ਨੂੰ ਕੋਵੀਸ਼ੀਲਡ ਜਦਕਿ 80,198 ਲੋਕਾਂ ਨੂੰ ਕੋ-ਵੈਕਸੀਨ ਦੇ ਟੀਕੇ ਲਾਏ ਜਾ ਚੁੱਕਾ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 60 ਸਾਲ ਤੋਂ ਉਪਰਲੇ 88,099 ਬਜ਼ੁਰਗਾਂ ਨੂੰ ਕੋਵੀਸ਼ੀਲਡ ਜਦਕਿ 9480 ਬਜ਼ੁਰਗਾਂ ਨੂੰ ਕੋਵੈਕਸੀਨ ਦਿੱਤੀ ਜਾ ਚੁੱਕੀ ਹੈ। ਸਿਵਲ ਸਰਜਨ ਨੇ ਦਸਿਆ ਕਿ ਕੁਝ ਦਿਨ ਪਹਿਲਾਂ ਜ਼ਿਲ੍ਹੇ ਵਿੱਚ ਲੱਗੇ ਮੈਗਾ ਟੀਕਾਕਰਨ ਕੈਂਪਾਂ ਦੌਰਾਨ ਇਕ ਦਿਨ ਵਿੱਚ ਰੀਕਾਰਡ 20,959 ਲੋਕਾਂ ਨੂੰ ਕੋਵਿਡ-ਰੋਕੂ ਟੀਕੇ ਲਗਾਏ ਗਏ ਸਨ, ਜਿਨ੍ਹਾਂ ਵਿੱਚ ਪਹਿਲੀ ਖ਼ੁਰਾਕ ਲੈਣ ਵਾਲੇ 15469 ਅਤੇ ਦੂਜੀ ਖ਼ੁਰਾਕ ਲੈਣ ਵਾਲੇ 5490 ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹੇ ਵਿੱਚ ਇਕ ਦਿਨ ਵਿੱਚ ਸਭ ਤੋਂ ਵੱਧ 29 ਅਪਰੈਲ ਨੂੰ 12480 ਲੋਕਾਂ ਨੂੰ ਟੀਕੇ ਲਾਏ ਗਏ ਸਨ। ਸਿਵਲ ਸਰਜਨ ਨੇ ਕਿਹਾ ਕਿ ਕੋਵਿਡ ਟੀਕਾਕਰਨ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਪਰ ਹਾਲੇ ਵੀ ਲੋਕਾਂ ਦੇ ਹੋਰ ਜ਼ਿਆਦਾ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਖ਼ਾਸਕਰ ਬਜ਼ੁਰਗ ਹਾਲੇ ਵੀ ਟੀਕਾਕਰਨ ਤੋਂ ਵਾਂਝੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਅਪਣੇ ਲਾਗਲੇ ਸਿਹਤ ਕੇਂਦਰ ਵਿੱਚ ਜਾ ਕੇ ਟੀਕਾ ਲਗਵਾਉਣਾ ਚਾਹੀਦਾ ਹੈ। ਸਾਰੀਆਂ ਸਿਹਤ ਸੰਸਥਾਵਾਂ ਵਿਚ ਕੋਵਿਡ ਟੀਕਾਕਰਨ ਬਿਲਕੁਲ ਮੁਫ਼ਤ ਹੋ ਰਿਹਾ ਹੈ। ਉਨ੍ਹਾਂ ਪਿੰਡਾਂ ਦੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਵਾਸੀਆਂ ਨੂੰ ਪ੍ਰੇਰਿਤ ਕਰਕੇ ਟੀਕਾਕਰਨ ਕਰਵਾਉਣ। ਉਨ੍ਹਾਂ ਦੁਹਰਾਇਆ ਕਿ ਜ਼ਿਲ੍ਹੇ ਵਿਚ ਦਵਾਈ ਦੀ ਕੋਈ ਘਾਟ ਨਹੀਂ ਅਤੇ 18 ਸਾਲ ਤੋਂ ਉਪਰਲੇ ਸਾਰੇ ਵਿਅਕਤੀਆਂ ਨੂੰ ਟੀਕਾ ਲਗਵਾਉਣ ਤੋਂ ਗੁਰੇਜ਼ ਨਹੀਂ ਕਰਨਾ ਚਾਹੀਦਾ। ਉਨ੍ਹਾਂ ਇਹ ਵੀ ਕਿਹਾ ਕਿ ਟੀਕਾਕਰਨ ਦੇ ਨਾਲ-ਨਾਲ ਸਾਵਧਾਨੀਆਂ ਵਰਤਣਾ ਵੀ ਬਹੁਤ ਜ਼ਰੂਰੀ ਹੈ। ਕਈ ਲੋਕਾਂ ਨੂੰ ਲੱਗ ਰਿਹਾ ਹੈ ਕਿ ਟੀਕਾ ਲਗਵਾਉਣ ਤੋਂ ਬਾਅਦ ਮਾਸਕ ਪਾਉਣ ਦੀ ਲੋੜ ਨਹੀਂ ਪਰ ਇਹ ਧਾਰਨਾ ਬਿਲਕੁਲ ਗ਼ਲਤ ਹੈ। ਸਿਵਲ ਸਰਜਨ ਨੇ ਆਖਿਆ ਕਿ ਭਾਵੇਂ ਕੋਵਿਡ ਪਾਬੰਦੀਆਂ ਵਿਚ ਕਾਫ਼ੀ ਹੱਦ ਤਕ ਛੋਟਾਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਮਾਸਕ ਪਾਉਣ, ਇਕ ਦੂਜੇ ਤੋਂ ਦੂਰੀ ਰੱਖਣ ਅਤੇ ਵਾਰ-ਵਾਰ ਹੱਥ ਧੋਣ ਜਿਹੀਆਂ ਸਾਵਧਾਨੀਆਂ ਪਹਿਲਾਂ ਵਾਂਗ ਵਰਤਦੇ ਰਹਿਣ ਦੀ ਲੋੜ ਹੈ। ਬਹੁਤ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ। ਡਾ. ਆਦਰਸ਼ਪਾਲ ਕੌਰ ਨੇ ਕਿਹਾ,‘ਕਰੋਨਾਵਾਇਰਸ’ ਨੂੰ ਹੋਰ ਅੱਗੇ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਜਨਤਕ ਥਾਵਾਂ ’ਤੇ ਲੋਕਾਂ ਲਈ ਮਾਸਕ ਪਾਉਣਾ ਲਾਜ਼ਮੀ ਕੀਤਾ ਹੋਇਆ ਹੈ। ਜਿਹੜੇ ਵਿਅਕਤੀ ਜਨਤਕ ਸਥਾਨਾਂ ਉਤੇ ਬਿਨਾਂ ਮਾਸਕ ਨਜ਼ਰ ਆ ਰਹੇ ਹਨ, ਉਨ੍ਹਾਂ ਦਾ ਮਹਾਮਾਰੀ ਰੋਕਥਾਮ ਕਾਨੂੰਨ ਦੀਆਂ ਧਾਰਾਵਾਂ ਅਨੁਸਾਰ ਚਲਾਨ ਕਟਿਆ ਜਾ ਰਿਹਾ ਹੈ।‘ ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਇਸ ਬੀਮਾਰੀ ਦੇ ਮੁਕੰਮਲ ਖ਼ਾਤਮੇ ਲਈ ਲਈ ਪੂਰੀ ਤਰ੍ਹਾਂ ਸਰਗਰਮ ਅਤੇ ਵਚਨਬੱਧ ਹੈ ਪਰ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਾੜੀ-ਮੋਟੀ ਤਕਲੀਫ਼ ਹੋਣ ‘ਤੇ ਹਸਪਤਾਲ ਨਾ ਜਾਇਆ ਜਾਵੇ। ਇਸ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰਕੇ ਮਾਹਰ ਡਾਕਟਰ ਦੀ ਸਲਾਹ ਲਈ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ