ਮੁਹਾਲੀ ਜ਼ਿਲ੍ਹੇ ਵਿੱਚ ਕੋਵਿਡ ਟੀਕਾਕਰਨ ਦਾ ਅੰਕੜਾ 2 ਲੱਖ ਤੋਂ ਪਾਰ

ਟੀਕਾਕਰਨ ਮੁਹਿੰਮ ਨੂੰ ਪੂਰੀ ਤਰ੍ਹਾਂ ਸਫਲ ਬਣਾਉਣ ਲਈ ਲੋਕਾਂ ਦਾ ਸਹਿਯੋਗ ਅਤਿ ਜ਼ਰੂਰੀ: ਸਿਵਲ ਸਰਜਨ

ਕੋਵਿਡ ਟੀਕਾ ਲਗਵਾਉਣ ਨਾਲ ਸਰੀਰ ’ਤੇ ਕੋਈ ਮਾੜਾ ਅਸਰ ਨਹੀਂ ਪੈਂਦਾ:

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਪਰੈਲ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕੋਵਿਡ ਟੀਕਾਕਰਨ ਦਾ ਅੰਕੜਾ ਵੀਰਵਾਰ ਨੂੰ ਦੋ ਲੱਖ ਤੋਂ ਪਾਰ ਹੋ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਡਾਕਟਰਾਂ, ਨਰਸਾਂ, ਵਰਕਰਾਂ, ਆਸ਼ਾ ਵਰਕਰਾਂ ਤੇ ਪੈਰਾਮੈਡੀਕਲ ਸਟਾਫ਼ ਦੇ ਸਾਂਝੇ ਯਤਨਾਂ ਅਤੇ ਲੋਕਾਂ ਦੇ ਸਹਿਯੋਗ ਸਦਕਾ ਹੁਣ ਤੱਕ ਜ਼ਿਲ੍ਹੇ ਵਿੱਚ 2 ਲੱਖ 7 ਹਜ਼ਾਰ 917 ਲੋਕਾਂ ਨੂੰ ਕਰੋਨਾ ਮਹਾਮਾਰੀ ਤੋਂ ਬਚਾਅ ਦਾ ਟੀਕਾ ਲਗਾਇਆ ਜਾ ਚੁੱਕਾ ਹੈ। ਇਸ ਵੇਲੇ ਕੋਵੀਸ਼ੀਲਡ ਅਤੇ ਕੋਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 60 ਸਾਲ ਤੋਂ ਉੱਪਰਲੀ ਉਮਰ ਦੇ ਕੁੱਲ 57992 ਬਜ਼ੁਰਗਾਂ ਨੂੰ ਟੀਕੇ ਲਗਾਏ ਜਾ ਚੁੱਕੇ ਹਨ। ਜਿਨ੍ਹਾਂ ’ਚੋਂ 4466 ਨੂੰ ਕੋਵੈਕਸੀਨ ਦੇ ਟੀਕੇ ਲਾਏ ਗਏ ਹਨ। ਇਨ੍ਹਾਂ ’ਚੋਂ ਕਈ ਵਿਅਕਤੀਆਂ ਨੂੰ ਦੂਜੀ ਖ਼ੁਰਾਕ ਦਿੱਤੀ ਜਾਣੀ ਹੈ। ਵੀਰਵਾਰ ਨੂੰ ਕੁੱਲ 12 ਹਜ਼ਾਰ 480 ਲੋਕਾਂ ਦਾ ਟੀਕਾਕਰਨ ਕੀਤਾ ਗਿਆ ਹੈ।
ਡਾ. ਆਦਰਸ਼ਪਾਲ ਕੌਰ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ, ਜੋ ਕੋਵਿਡ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਸਿਹਤ ਵਿਭਾਗ ਨੂੰ ਪੂਰਾ ਸਹਿਯੋਗ ਦੇ ਰਹੇ ਹਨ ਅਤੇ ਡਾਕਟਰਾਂ ਸਮੇਤ ਪੈਰਾ ਮੈਡੀਕਲ ਸਟਾਫ਼ ਦੀ ਹੌਸਲਾ ਅਫ਼ਜਾਈ ਕਰਕੇ ਉਨ੍ਹਾਂ ਨੂੰ ਉਤਸ਼ਾਹਿਤ ਕਰ ਰਹੇ ਹਨ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ-ਭੈਅ ਕੋਵਿਡ ਟੀਕਾਕਰਨ ਕਰਵਾਉਣ। ਉਨ੍ਹਾਂ ਕਿਹਾ ਕਿ ਟੀਕਾ ਲਗਵਾਉਣ ਨਾਲ ਸਰੀਰ ’ਤੇ ਕੋਈ ਮਾੜਾ ਅਸਰ ਨਹੀਂ ਪੈਂਦਾ। ਉਨ੍ਹਾਂ ਇਹ ਵੀ ਕਿਹਾ ਕਿ ਟੀਕਾ ਲਗਾਉਣ ਮਗਰੋਂ ਵੀ ਮਾਸਕ ਪਾ ਕੇ ਰੱਖਣਾ, ਇਕ ਦੂਜੇ ਤੋਂ ਜ਼ਰੂਰੀ ਫਾਸਲਾ ਬਣਾ ਕੇ ਰੱਖਣਾ ਅਤੇ ਵਾਰ-ਵਾਰ ਹੱਥ ਧੋਣ ਜਿਹੀਆਂ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਪੁਰਜ਼ੋਰ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਲੋਕਾਂ ਦਾ ਟੀਕਾਕਰਨ ਕੀਤਾ ਜਾਵੇ ਅਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…